ਵਧੀਕ ਮੁੱਖ ਸਕੱਤਰ ਵੱਲੋਂ ਲੁਧਿਆਣਾ ਪੂਰਬੀ ਤਹਿਸੀਲ ਦੀ ਜਾਂਚ
ਗਗਨਦੀਪ ਅਰੋੜਾ
ਲੁਧਿਆਣਾ, 3 ਫਰਵਰੀ
ਪੰਜਾਬ ਦੇ ਵਧੀਕ ਮੁੱਖ ਸਕੱਤਰ-ਕਮ-ਵਿੱਤ ਕਮਿਸ਼ਨਰ ਮਾਲ (ਐੱਫਸੀਆਰ) ਅਨੁਰਾਗ ਵਰਮਾ ਵੱਲੋਂ ਟਰਾਂਸਪੋਰਟ ਨਗਰ ਸਥਿਤ ਲੁਧਿਆਣਾ ਪੂਰਬੀ ਤਹਿਸੀਲ ਕੰਪਲੈਕਸ ਦਾ ਅਚਾਨਕ ਦੌਰਾ ਕੀਤਾ ਤਾਂ ਜੋ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸੇਵਾਵਾਂ ਦਾ ਨਿਰੀਖਣ ਕੀਤਾ ਜਾ ਸਕੇ। ਉਨ੍ਹਾਂ ਸਬ-ਰਜਿਸਟਰਾਰ ਦਫ਼ਤਰ ਦਾ ਦੌਰਾ ਕੀਤਾ ਅਤੇ ਸੀ.ਸੀ.ਟੀ.ਵੀ. ਕੈਮਰਿਆਂ ਦੇ ਕੰਮ-ਕਾਜ ਤੋਂ ਇਲਾਵਾ ਚੱਲ ਰਹੀਆਂ ਰਜਿਸਟਰੀ ਪ੍ਰਕਿਰਿਆਵਾਂ ਦੀ ਜਾਂਚ ਕੀਤੀ। ਇਸ ਦੌਰਾਨ ਵਧੀਕ ਮੁੱਖ ਸਕਤੱਰ ਵਰਮਾ ਨੇ ਕਿਹਾ ਕਿ ਪੰਜਾਬ ਸਰਕਾਰ ਜਨਤਾ ਨੂੰ ਪ੍ਰਭਾਵਸ਼ਾਲੀ ਅਤੇ ਪਾਰਦਰਸ਼ੀ ਢੰਗ ਨਾਲ ਘਰ-ਘਰ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ। ਆਪਣੀ ਜਾਂਚ ਦੌਰਾਨ ਉਨ੍ਹਾਂ ਜ਼ਮੀਨੀ ਪੱਧਰ ’ਤੇ ਤਹਿਸੀਲ ਕੰਪਲੈਕਸ ਦੀ ਸਥਿਤੀ ਦਾ ਮੁਲਾਂਕਣ ਕੀਤਾ।
ਇਸ ਤੋਂ ਇਲਾਵਾ ਵਧੀਕ ਮੁੱਖ ਸਕੱਤਰ ਵਰਮਾ ਨੇ ਰਜਿਸਟਰੀ ਰਿਕਾਰਡਾਂ ਦਾ ਨਿਰੀਖਣ ਕੀਤਾ ਅਤੇ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਨਿਰਦੇਸ਼ ਦਿੱਤੇ ਕਿ ਖਰੀਦਦਾਰਾਂ ਅਤੇ ਵੇਚਣ ਵਾਲਿਆਂ ਦੇ ਮੋਬਾਈਲ ਨੰਬਰ ਰਜਿਸਟਰੀ ਦਸਤਾਵੇਜ਼ਾਂ ’ਤੇ ਦਰਜ ਹੋਣੇ ਚਾਹੀਦੇ ਹਨ। ਉਨ੍ਹਾਂ ਸਬ-ਰਜਿਸਟਰਾਰ ਦੇ ਕਰਮਚਾਰੀਆਂ ਵੱਲੋਂ ਲਈਆਂ ਜਾਂਦੀਆਂ ਸਰਕਾਰੀ ਫੀਸਾਂ ਬਾਰੇ ਵੀ ਪੁੱਛਗਿੱਛ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਕੰਪਲੈਕਸ ਦੇ ਪਖਾਨਿਆਂ ਵਿੱਚ ਸਫ਼ਾਈ ਯਕੀਨੀ ਬਣਾਉਣ ਦੀ ਤਾਕੀਦ ਕੀਤੀ।
ਇਸ ਮੌਕੇ ਵਧੀਕ ਮੁੱਖ ਸਕੱਤਰ ਨੇ ਸਪੱਸ਼ਟ ਕੀਤਾ ਕਿ ਇਹ ਨਿਰੀਖਣ ਅਧਿਕਾਰੀਆਂ ਵਿੱਚ ਨੁਕਸ ਕੱਢਣ ਲਈ ਨਹੀਂ ਹੈ ਸਗੋਂ ਇਸ ਦਾ ਟੀਚਾ ਸਰਕਾਰੀ ਦਫ਼ਤਰਾਂ ਵਿੱਚ ਕੰਮ-ਕਾਜ ਨੂੰ ਸੁਚਾਰੂ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਸਾਰੇ ਅਧਿਕਾਰੀਆਂ ਨੂੰ ਆਪਣੇ ਫਰਜ਼ ਇਮਾਨਦਾਰੀ ਅਤੇ ਲਗਨ ਨਾਲ ਨਿਭਾਉਣੇ ਚਾਹੀਦੇ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਨਾਗਰਿਕਾਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਕੰਮ-ਕਾਜ ਦੌਰਾਨ ਕੋਈ ਅਸੁਵਿਧਾ ਨਾ ਹੋਵੇ। ਇਸ ਮੌਕੇ ਵਧੀਕ ਮੁੱਖ ਸਕੱਤਰ ਨੇ ਮੌਕੇ ’ਤੇ ਬਿਨੈਕਾਰ ਨੂੰ ਜ਼ਮੀਨ ਰਜਿਸਟ੍ਰੇਸ਼ਨ ਦਸਤਾਵੇਜ਼ ਵੀ ਸੌਂਪੇ। ਇਸ ਮੌਕੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੀ ਹਾਜ਼ਰ ਸਨ।
ਸਮਰਾਲਾ: ਮੁੰਡੀਆਂ ਵੱਲੋਂ ਤਹਿਸੀਲ ਦਫ਼ਤਰ ’ਚ ਚੈਕਿੰਗ
ਸਮਰਾਲਾ (ਡੀ ਪੀ ਐੱਸ ਬੱਤਰਾ): ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਤਹਿਸੀਲ ਦਫ਼ਤਰ ਸਮਰਾਲਾ ਵਿੱਚ ਅਚਨਚੇਤ ਚੈਕਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਨਾਲ ਹਲਕਾ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਵੀ ਹਾਜ਼ਰ ਸਨ। ਜਾਣਕਾਰੀ ਅਨੁਸਾਰ ਦਫ਼ਤਰ ਖੁੱਲਣਸਾਰ ਤਹਿਸੀਲ ਦਫ਼ਤਰ ’ਚ ਪੁੱਜੇ ਕੈਬਨਿਟ ਮੰਤਰੀ ਨੂੰ ਭਾਵੇਂ ਆਮ ਲੋਕਾਂ ਦੀ ਕੋਈ ਸ਼ਿਕਵਾ-ਸ਼ਿਕਾਇਤ ਤਾਂ ਨਹੀਂ ਮਿਲੀ ਪ੍ਰੰਤੂ ਦਫ਼ਤਰ ਦੇ ਅਧਿਕਾਰੀਆਂ ਵੱਲੋੋਂ ਆਪਣੇ ਦੁੱਖੜੇ ਰੋਏ ਗਏ। ਇਸ ਮੌਕੇ ਗੱਲਬਾਤ ਦੌਰਾਨ ਵਿਧਾਇਕ ਸ੍ਰੀ ਦਿਆਲਪੁਰਾ ਨੇ ਦੱਸਿਆ ਕਿ ਚੈਕਿੰਗ ਦੌਰਾਨ ਸਾਰੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਮਿਲੇ ਪਰ ਤਹਿਸੀਲਦਾਰ ਅੱਜ ਇਸ ਕਰਕੇ ਹਾਜ਼ਰ ਨਹੀਂ ਸਨ ਕਿਉਂਕਿ ਉਹ ਸਮਰਾਲਾ ਵਿਖੇ ਡੈਪੂਟੇਸ਼ਨ ’ਤੇ ਆਉਂਦੇ ਹਨ ਜਦਕਿ ਉਨ੍ਹਾਂ ਦੀ ਪੱਕੀ ਡਿਊਟੀ ਕਿਸੇ ਹੋਰ ਸਟੇਸ਼ਨ ’ਤੇ ਹੈ। ਉਨ੍ਹਾਂ ਦੱਸਿਆ ਕਿ ਹਾਜ਼ਰ ਅਧਿਕਾਰੀਆਂ ਵੱਲੋਂ ਕੈਬਨਿਟ ਮੰਤਰੀ ਨੂੰ ਦੱਸਿਆ ਗਿਆ ਕਿ ਦਫ਼ਤਰ ਵਿੱਚ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਘਾਟ ਕਾਰਨ ਉਨ੍ਹਾਂ ਉਪਰ ਕੰਮ ਦਾ ਬਹੁਤ ਜ਼ਿਆਦਾ ਬੋਝ ਰਹਿੰਦਾ ਹੈ। ਇਸ ’ਤੇ ਸ੍ਰੀ ਮੁੰਡੀਆ ਵੱਲੋਂ ਭਰੋਸਾ ਦਿੱਤਾ ਗਿਆ ਕਿ ਜਲਦ ਹੀ ਸਟਾਫ਼ ਦੀ ਘਾਟ ਪੂਰੀ ਕਰ ਦਿੱਤੀ ਜਾਵੇਗੀ।