ਵਿਆਹ ਸਮਾਗਮ ’ਚੋਂ ਗਹਿਣੇ ਚੋਰੀ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ
ਪੱਤਰ ਪ੍ਰੇਰਕ
ਸ਼ਾਹਕੋਟ, 30 ਜਨਵਰੀ
ਲੋਹੀਆਂ ਖਾਸ ਦੀ ਪੁਲੀਸ ਨੇ ਗਹਿਣੇ ਚੋਰੀ ਕਰਨ ਵਾਲੇ ਦੋ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਕੋਲੋਂ ਚੋਰੀ ਕੀਤੇ ਹੋਏ ਗਹਿਣੇ ਤੇ ਲੱਖਾਂ ਰੁਪਏ ਦੀ ਨਕਦੀ ਬਰਾਮਦ ਕੀਤੀ ਹੈ। ਮੁਲਜ਼ਮਾਂ ਕੋਲੋਂ ਚੋਰੀ ਵਿੱਚ ਵਰਤਿਆ ਗਿਆ ਮੋਟਰਸਾਈਕਲ ਵੀ ਜ਼ਬਤ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਡੀਐੱਸਪੀ ਸ਼ਾਹਕੋਟ ਉਂਕਾਰ ਸਿੰਘ ਬਰਾੜ ਨੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ ਬੱਗਾ ਵਾਸੀ ਮਹਿਜਦਪੁਰ ਥਾਣਾ ਕਬੀਰਪੁਰ (ਕਪੂਰਥਲਾ) ਅਤੇ ਪ੍ਰਿੰਸ ਪ੍ਰਦੀਪ ਸਿੰਘ ਵਾਸੀ ਆਗੋਰਾਈਆ ਥਾਣਾ ਸੁਲਤਾਨਪੁਰ ਲੋਧੀ (ਕਪੂਰਥਲਾ) ਵਜੋਂ ਹੋਈ ਹੈ। ਥਾਣਾ ਮੁਖੀ ਜੈ ਪਾਲ ਦੀ ਨਿਗਰਾਨੀ ਹੇਠ ਜਾਂਚ ਟੀਮ ਨੇ 23 ਜਨਵਰੀ ਨੂੰ ਪਿੰਡ ਕੁਤਬੀਵਾਲ ਵਿੱਚ ਇਕ ਵਿਆਹ ਸਮਾਗਮ ਦੌਰਾਨ ਹੋਈ ਚੋਰੀ ਕਰਨ ਦੇ ਦੋਸ਼ ਹੇਠ ਇਨ੍ਹਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਡੀਐੱਸਪੀ ਬਰਾੜ ਨੇ ਖੁਲਾਸਾ ਕੀਤਾ ਕਿ ਇਹ ਘਟਨਾ ਉਦੋ ਵਾਪਰੀ ਜਦੋਂ ਸ਼ਿਕਾਇਕਰਤਾ ਨਵਦੀਪ ਸਿੰਘ ਵਿਆਹ ਸਮਾਗਮ ਦੌਰਾਨ ਆਪਣੇ ਅਪਾਹਜ ਭਰਾ ਸਤਿੰਦਰਪਾਲ ਸਿੰਘ ਨੂੰ ਮਿਲਣ ਗਿਆ ਸੀ। ਮੁਲਜ਼ਮ ਉਸ ਦੇ ਘਰ ਵਿੱਚ ਦਾਖ਼ਲ ਹੋ ਕੇ ਅਲਮਾਰੀ ਵਿੱਚੋਂ ਤਕਰੀਬਨ 17 ਤੋਲੇ ਸੋਨੇ ਦੇ ਗਹਿਣੇ ਚੋਰੀ ਕਰਕੇ ਲੈ ਗਏ ਸਨ। ਉਨ੍ਹਾਂ ਕਿਹਾ ਕਿ ਪੁਲੀਸ ਦੀਆਂ ਜਾਂਚ ਟੀਮਾਂ ਨੇ 26 ਜਨਵਰੀ ਨੂੰ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦਾ ਪੁਲੀਸ ਰਿਮਾਂਡ ਹਾਸਲ ਕਰਕੇ ਪੁੱਛ-ਪੜਤਾਲ ਕਰਕੇ ਚੋਰੀ ਹੋਏ 17 ਤੋਲੇ ਗਹਿਣੇ ਤੇ ਨਕਦੀ ਬਰਾਮਦ ਕੀਤੀ ਗਈ ਹੈ। ਮੁਲਜ਼ਮਾਂ ਵੱਲੋਂ ਚੋਰੀ ਲਈ ਵਰਤਿਆ ਮੋਟਰਸਾਈਕਲ ਵੀ ਜ਼ਬਤ ਕੀਤਾ ਗਿਆ ਹੈ। ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।