ਵਿਕਾਸ ਪ੍ਰਾਜੈਕਟ ਸਮੇਂ ਸਿਰ ਮੁਕੰਮਲ ਕੀਤੇ ਜਾਣ: ਭਗਤ
ਪੱਤਰ ਪ੍ਰੇਰਕ
ਜਲੰਧਰ, 4 ਜੁਲਾਈ
ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸ਼ੁੱਕਰਵਾਰ ਨੂੰ ਸ਼ਹਿਰ ਦੇ ਵਿਕਾਸ ਪ੍ਰਾਜੈਕਟਾਂ ਸਬੰਧੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਵਿੱਚ ਉਨ੍ਹਾਂ ਨਗਰ ਨਿਗਮ ਜਲੰਧਰ ਦੇ ਅਧਿਕਾਰੀਆਂ ਨੂੰ ਸ਼ਹਿਰ ਵਿੱਚ ਚੱਲ ਰਹੇ ਸਾਰੇ ਵਿਕਾਸ ਪ੍ਰਾਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼ਹਿਰ ਵਿੱਚ ਬੁਨਿਆਦੀ ਢਾਂਚੇ ਨੂੰ ਹੋਰ ਹੁਲਾਰਾ ਲਈ ਠੋਸ ਯਤਨ ਕਰ ਰਹੀ ਹੈ। ਇਸ ਮੌਕੇ ਮੇਅਰ ਵਿਨੀਤ ਧੀਰ ਅਤੇ ਜਲੰਧਰ ਨਗਰ ਨਿਗਮ ਦੇ ਕਮਿਸ਼ਨਰ ਗੌਤਮ ਜੈਨ ਵੀ ਮੌਜੂਦ ਸਨ।
ਸ੍ਰੀ ਭਗਤ ਨੇ ਸੜਕ ਨਿਰਮਾਣ, ਜਲ ਸਪਲਾਈ ਅਤੇ ਸੀਵਰੇਜ ਸਣੇ ਕਈ ਮੁੱਖ ਪ੍ਰਾਜੈਕਟਾਂ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੀਵਰੇਜ ਲਾਈਨਾਂ ਦੀ ਸਫ਼ਾਈ ’ਤੇ ਵਿਸ਼ੇਸ਼ ਜ਼ੋਰ ਦਿੱਤਾ ਜਾਵੇ, ਖ਼ਾਸਕਰ ਮੌਨਸੂਨ ਦੇ ਮੌਸਮ ਦੌਰਾਨ। ਉਨ੍ਹਾਂ ਅਧਿਕਾਰੀਆਂ ਨੂੰ ਸਾਰੇ ਕੰਮਾਂ ਦੀ ਢੁੱਕਵੀਂ ਨਿਗਰਾਨੀ ਯਕੀਨੀ ਬਣਾਉਣ ਦੇ ਵੀ ਨਿਰਦੇਸ਼ ਦਿੱਤੇ ਅਤੇ ਕਿਹਾ ਕਿ ਸੜਕਾਂ ਅਤੇ ਹੋਰ ਪ੍ਰਾਜੈਕਟਾਂ ਦੀ ਗੁਣਵੱਤਾ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨਾਗਰਿਕਾਂ ਨੂੰ ਬਿਹਤਰ ਸੇਵਾਵਾਂ ਪ੍ਰਦਾਨ ਕਰਨ ਲਈ ਮਹੱਤਵਪੂਰਨ ਪਹਿਲਕਦਮੀਆਂ ਕਰ ਰਹੀ ਹੈ। ਇਸ ਦੌਰਾਨ ਮੀਟਿੰਗ ਵਿੱਚ ਮੌਜੂਦ ਵਾਰਡ ਕੌਂਸਲਰਾਂ ਵੱਲੋਂ ਆਪੋ-ਆਪਣੇ ਵਾਰਡਾਂ ਵਿੱਚ ਨਵੇਂ ਕੰਮਾਂ ਲਈ ਕਈ ਮਤੇ ਪੇਸ਼ ਕੀਤੇ ਗਏ। ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਇਨ੍ਹਾਂ ਨਵੇਂ ਕੰਮਾਂ ਲਈ ਵਿਸਥਾਰਤ ਤਜਵੀਜ਼ ਤਿਆਰ ਕਰਨ ਦੇ ਨਿਰਦੇਸ਼ ਦਿੱਤੇ।