ਵਿਧਾਇਕਾ ਵੱਲੋਂ ਵਿਕਾਸ ਕਾਰਜਾਂ ਦਾ ਜਾਇਜ਼ਾ
ਗੁਰਦੀਪ ਸਿੰਘ ਲਾਲੀ
ਸੰਗਰੂਰ, 30 ਨਵੰਬਰ
ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਹਲਕਾ ਸੰਗਰੂਰ ਵਿੱਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਅਤੇ ਭਲਾਈ ਯੋਜਨਾਵਾਂ ਨੂੰ ਲਾਗੂ ਕਰਨ ਲਈ ਕੀਤੇ ਜਾ ਰਹੇ ਪ੍ਰਸ਼ਾਸਨਿਕ ਉਪਰਾਲਿਆਂ ਦੀ ਸਮੀਖਿਆ ਲਈ ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਮੀਟਿੰਗ ਕੀਤੀ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਵੀ ਉਨ੍ਹਾਂ ਨਾਲ ਹਾਜ਼ਰ ਸਨ। ਮੀਟਿੰਗ ਦੀ ਸ਼ੁਰੂਆਤ ਵਿੱਚ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਅਧਿਕਾਰੀਆਂ ਪਾਸੋਂ ਵੱਖ-ਵੱਖ ਯੋਜਨਾਵਾਂ ਅਧੀਨ ਚੱਲ ਰਹੇ ਪ੍ਰਾਜੈਕਟਾਂ ਦੀ ਮੌਜੂਦਾ ਸਥਿਤੀ ਬਾਰੇ ਜਾਣਕਾਰੀ ਹਾਸਲ ਕੀਤੀ ਅਤੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਵਿਕਾਸ ਕਾਰਜਾਂ ਵਿੱਚ ਉੱਚ ਪੱਧਰੀ ਗੁਣਵੱਤਾ ਲਿਆਉਣੀ ਯਕੀਨੀ ਬਣਾਈ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਹਲਕੇ ਵਿੱਚ ਚੱਲ ਰਹੇ ਵਿਕਾਸ ਪ੍ਰਾਜੈਕਟਾਂ ਨੂੰ ਤੇਜ਼ੀ ਨਾਲ ਮੁਕੰਮਲ ਵੀ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਨਾਗਰਿਕਾਂ ਨੂੰ ਦਰਪੇਸ਼ ਮੁਸ਼ਕਲਾਂ ਦੇ ਹੱਲ ਲਈ ਵਿਭਾਗੀ ਪੱਧਰ ਉੱਤੇ ਕਿਸੇ ਵੀ ਤਰ੍ਹਾਂ ਦੀ ਢਿੱਲ ਮੱਠ ਨੂੰ ਪ੍ਰਵਾਨ ਨਹੀਂ ਕੀਤਾ ਜਾਵੇਗਾ ਅਤੇ ਅਣਗਿਹਲੀ ਵਰਤਣ ਵਾਲਿਆਂ ਖਿਲਾਫ ਕਾਰਵਾਈ ਕੀਤੀ ਜਾਵੇਗੀ। ਭਰਾਜ ਨੇ ਕਿਹਾ ਕਿ ਜਿਨ੍ਹਾਂ ਵਿਕਾਸ ਕਾਰਜਾਂ ਦੀ ਪ੍ਰਵਾਨਗੀ ਅਤੇ ਲੋੜੀਂਦੇ ਫੰਡ ਪਾਸ ਕਰਨ ਦੀ ਕਾਰਵਾਈ ਸਰਕਾਰ ਵੱਲੋਂ ਮੁਕੰਮਲ ਕੀਤੀ ਜਾ ਚੁੱਕੀ ਹੈ, ਉਨ੍ਹਾਂ ਦੀ ਟੈਂਡਰ ਕਾਲ ਕਰਨ ਸਬੰਧੀ ਪ੍ਰਕਿਰਿਆ ਜਲਦ ਤੋਂ ਜਲਦ ਖ਼ਤਮ ਕਰਕੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ ਜਾਵੇ।
ਇਸ ਮੌਕੇ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਵਿਕਾਸ ਕਾਰਜਾਂ ਨੂੰ ਨੇਪਰੇ ਚੜ੍ਹਾਉਣ ਦੀ ਹਦਾਇਤ ਕੀਤੀ। ਇਸ ਮੌਕੇ ਏਡੀਸੀ (ਜ) ਅਮਿਤ ਬੈਂਬੀ, ਏਡੀਸੀ (ਵਿਕਾਸ) ਸੁਖਚੈਨ ਸਿੰਘ ਤੇ ਐੱਸਡੀਐੱਮ ਸੰਗਰੂਰ ਚਰਨਜੋਤ ਸਿੰਘ ਵਾਲੀਆ ਆਦਿ ਹਾਜ਼ਰ ਸਨ।