ਵਿਧਾਇਕ-ਮੇਅਰ ਦੀ ਲੜਾਈ ਦਾ ਮੁਹਾਲੀ ਦੇ ਸ਼ਹਿਰੀਏ ਭੁਗਤ ਰਹੇ ਨੇ ਖਮਿਆਜ਼ਾ: ਸੋਹਾਣਾ
ਖੇਤਰੀ ਪ੍ਰਤੀਨਿਧ
ਐੱਸ.ਏ.ਐੱਸ.ਨਗਰ(ਮੁਹਾਲੀ), 4 ਜੁਲਾਈ
ਸ਼੍ਰੋਮਣੀ ਅਕਾਲੀ ਦਲ ਹਲਕਾ ਮੁਹਾਲੀ ਦੇ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ ਨੇ ਕਿਹਾ ਹੈ ਕਿ ਮੁਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਅਤੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਦੀ ਆਪਸੀ ਖਹਿਬਾਜ਼ੀ ਦਾ ਖਮਿਆਜ਼ਾ ਮੁਹਾਲੀ ਦੇ ਲੋਕਾਂ ਨੂੰ ਭੁਗਤਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਦੋਵੇਂ ਆਗੂ ਕਾਰੋਬਾਰੀ ਹਨ ਅਤੇ ਉਨ੍ਹਾਂ ਦਾ ਧਿਆਨ ਆਪਣੇ ਕਾਰੋਬਾਰ ਵੱਲ ਹੈ ਅਤੇ ਲੋਕਾਂ ਦੀਆਂ ਦੁੱਖ ਤਕਲੀਫਾਂ ਨਾਲ ਇਨ੍ਹਾਂ ਦਾ ਕੋਈ ਲੈਣਾ ਦੇਣਾ ਨਹੀਂ ਹੈ।
ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਹੋਈ ਅੱਧੇ ਘੰਟੇ ਦੀ ਬਰਸਾਤ ਨੇ ਹੀ ਨਗਰ ਨਿਗ਼ਮ, ਪ੍ਰਸ਼ਾਸਨ ਅਤੇ ਗਮਾਡਾ ਦੇ ਪ੍ਰਬੰਧਾਂ ਦੀ ਪੋਲ ਖੋਲ੍ਹ ਦਿੱਤੀ ਹੈ। ਉਨ੍ਹਾਂ ਕਿਹਾ ਕਿ ਵਿਧਾਇਕ ਦੇ ਸਪੁੱਤਰ ਦਾ ਵਾਰਡ ਹੋਵੇ, ਚਾਹੇ ਸੀਨੀਅਰ ਡਿਪਟੀ ਅਤੇ ਡਿਪਟੀ ਮੇਅਰ ਦੇ ਵਾਰਡ ਹੋਣ, ਹਰ ਥਾਂ ਪਾਣੀ ਦੀ ਨਿਕਾਸੀ ਦੀ ਸਮੱਸਿਆ ਸਾਹਮਣੇ ਆਈ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੇ ਘਰਾਂ ਵਿੱਚ ਪਾਣੀ ਦਾਖ਼ਲ ਹੋਇਆ। ਉਨ੍ਹਾਂ ਕਿਹਾ ਕਿ ਪਾਣੀ ਦੀ ਨਿਕਾਸੀ ਲਈ ਨਾਲਿਆਂ ਦੀ ਹਾਲੇ ਤੱਕ ਸਫ਼ਾਈ ਵੀ ਨਹੀਂ ਹੋ ਸਕੀ ਹੈ।
ਉਨ੍ਹਾਂ ਦੋਵਾਂ ਆਗੂਆਂ ਨੂੰ ਅਪੀਲ ਕੀਤੀ ਕਿ ਆਪਣੀ ਜ਼ਿੰਮੇਵਾਰੀ ਸਮਝ ਕੇ ਸ਼ਹਿਰ ਵਾਸੀਆਂ ਦੀਆਂ ਮੁਸ਼ਕਲਾਂ ਨੂੰ ਹੱਲ ਕਰਾਇਆ ਜਾਵੇ ਅਤੇ ਸਫ਼ਾਈ ਸੇਵਕਾਂ ਦੀ ਹੜਤਾਲ ਖਤਮ ਕਰਾਈ ਜਾਵੇ।