ਵਿਸ਼ੇਸ਼ ਕੈਂਪ ਦੌਰਾਨ ਡੀਸੀ ਨੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ
ਸੁੱਚਾ ਸਿੰਘ ਪਸਨਾਵਾਲ
ਧਾਰੀਵਾਲ, 30 ਜਨਵਰੀ
ਇਥੋਂ ਨਜਦੀਕ ਪਿੰਡ ਗੁਰਦਾਸ ਨੰਗਲ ਵਿੱਚ ਅੱਜ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ‘ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਤਹਿਤ ਵਿਸ਼ੇਸ਼ ਕੈਂਪ ਲਗਾਇਆ ਗਿਆ। ਕੈਂਪ ਵਿੱਚ ਡਿਪਟੀ ਕਮਿਸਨਰ ਗੁਰਦਾਸਪੁਰ ਓਮਾ ਸ਼ੰਕਰ ਗੁਪਤਾ, ਐੱਸਡੀਐੱਮ ਮਨਜੀਤ ਸਿੰਘ ਰਾਜਲਾ, ਤਹਿਸੀਲਦਾਰ ਰਤਨਜੀਤ, ਡੀਐੱਸਪੀ ਕੁਲਵੰਤ ਸਿੰਘ ਸਣੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵਿਸ਼ੇਸ਼ ਤੌਰ ’ਤੇ ਪਹੁੰਚੇ। ਕੈਂਪ ਦੌਰਾਨ ਅਧਿਕਾਰੀਆਂ ਵੱਲੋਂ ਪਿੰਡਾਂ ਦੇ ਲੋਕਾਂ ਦੀਆਂ ਮੁਸ਼ਕਲਾਂ/ਸ਼ਿਕਾਇਤਾਂ ਸੁਣੀਆਂ ਅਤੇ ਕਈ ਸ਼ਿਕਾਇਤਾਂ ਦਾ ਮੌਕੇ ’ਤੇ ਹੀ ਨਿਬੇੜਾ ਕੀਤਾ ਗਿਆ। ਡਿਪਟੀ ਕਮਿਸਨਰ ਸ਼੍ਰੀ ਓਮਾ ਸੰਕਰ ਗੁਪਤਾ ਨੇ ਕਿਹਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ‘ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਤਹਿਤ ਵੱਖ-ਵੱਖ ਪਿੰਡਾਂ ਵਿੱਚ ਇਹ ਕੈਂਪ ਲਗਾਏ ਜਾ ਰਹੇ ਹਨ। ਇਨ੍ਹਾਂ ਕੈਂਪਾਂ ਦਾ ਮੁੱਖ ਮਕਸਦ ਲੋਕਾਂ ਨੂੰ ਸਰਕਾਰ ਦੀਆਂ ਭਲਾਈ ਯੋਜਨਾਵਾਂ ਦਾ ਲਾਭ ਦੇਣਾ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਉਨ੍ਹਾਂ ਦੇ ਕੋਲ ਜਾ ਕੇ ਹੱਲ ਕਰਨਾ ਹੈ। ਉਨ੍ਹਾਂ ਦੱਸਿਆ ਅੱਜ ਕੈਂਪ ਵਿੱਚ ਵੱਖ-ਵੱਖ ਵਿਭਾਗਾਂ ਵੱਲੋਂ ਸਟਾਲ ਲਗਾ ਕੇ ਲੋਕਾਂ ਨੂੰ ਸੇਵਾਵਾਂ ਦਿੱਤੀਆਂ ਗਈਆਂ ਹਨ ਅਤੇ ਵੱਖ-ਵੱਖ ਲੋਕ ਭਲਾਈ ਸਕੀਮਾਂ ਬਾਰੇ ਜਾਗਰੂਕ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੈਂਪ ਵਿੱਚ ਲੋਕਾਂ ਵੱਲੋਂ ਵੱਖ-ਵੱਖ ਵਿਭਾਗਾਂ ਨਾਲ ਸੰਬੰਧਿਤ ਦਰਖ਼ਾਸਤਾਂ ਪੇਸ਼ ਕੀਤੀਆਂ ਗਈਆਂ, ਜਿਨ੍ਹਾਂ ਵਿੱਚੋਂ ਅਧਿਕਾਰੀਆਂ ਵੱਲੋਂ ਵਧੇਰੀਆਂ ਦਾ ਮੌਕੇ ’ਤੇ ਨਿਪਟਾਰਾ ਕੀਤਾ ਗਿਆ। ਇਸ ਤੋਂ ਇਲਾਵਾ ਜਿਹੜੀਆਂ ਦਰਖ਼ਾਸਤਾਂ ਕਿਸੇ ਵਿਭਾਗ ਦੇ ਉੱਚ ਪੱਧਰ ਤੱਕ ਭੇਜਣ ਵਾਲੀਆਂ ਸਨ, ਜਿਨ੍ਹਾਂ ਨੂੰ ਭੇਜ ਦਿੱਤਾ ਕੀਤਾ ਗਿਆ ਹੈ। ਕੈਂਪ ਦੌਰਾਨ ਅਧਾਰ ਕਾਰਡ, ਜਾਤੀ ਸਰਟੀਫਿਕੇਟ, ਆਮਦਨ, ਰੂਰਲ, ਰੈਜੀਡੈਂਸ ਸਰਟੀਫਿਕੇਟ ਮੌਕੇ ’ਤੇ ਜਾਰੀ ਕੀਤੇ ਗਏ।