ਵੁਸ਼ੂ ਮੁਕਾਬਲੇ ’ਚ ਬਾਬਾ ਬੰਦਾ ਸਿੰਘ ਬਹਾਦਰ ਸਕੂਲ ਦੇ ਵਿਦਿਆਰਥੀ ਛਾਏ
ਪੱਤਰ ਪ੍ਰੇਰਕ
ਧਾਰੀਵਾਲ, 10 ਜੂਨ
ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸਕੂਲ ਧਾਰੀਵਾਲ ਦੇ ਵਿਦਿਆਰਥੀਆਂ ਨੇ 27ਵੀਂ ਜੂਨੀਅਰ ਅਤੇ ਸੀਨੀਅਰ ਪੰਜਾਬ ਸਟੇਟ ਵੁਸ਼ੂ ਚੈਂਪੀਅਨਸਿਪ 2025 ਵਿੱਚ ਵਧੀਆ ਕਾਰਗੁਜ਼ਾਰੀ ਦਿਖਾ ਕੇ ਚਾਂਦੀ ਦੇ ਤਗਮੇ ਜਿੱਤੇ ਹਨ। ਇਸ ਸਬੰਧੀ ਸਕੂਲ ਦੇ ਡਾਇਰੈਕਟਰ ਅਮਰਜੀਤ ਸਿੰਘ ਚਾਹਲ, ਸਕੱਤਰ ਪਰਮਿੰਦਰ ਕੌਰ ਚਾਹਲ ਅਤੇ ਪ੍ਰਿੰਸੀਪਲ ਕਿਰਨ ਕੇਸਰ ਨੇ ਸਾਂਝੇ ਤੌਰ ’ਤੇ ਦੱਸਿਆ ਕਿ ਸਨਾਤਨ ਧਰਮ ਸਭਾ ਨੇੜੇ ਹਿੰਦੂ ਕੰਨਿਆ ਕਾਲਜ ਕਪੂਰਥਲਾ ਵਿੱਚ ਹੋਏ ਰਾਜ ਪੱਧਰੀ ਵੁਸ਼ੂ ਮੁਕਾਬਲਿਆਂ ਵਿੱਚ ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸਕੂਲ ਦੇ ਵਿਦਿਆਰਥੀ ਰਿਸ਼ਵ ਪੁੱਤਰ ਸ੍ਰੀ ਸੁਦਾਮਾ, ਏਕਮਜੋਤ ਸਿੰਘ ਪੁੱਤਰ ਮੇਜਰ ਸਿੰਘ ਅਤੇ ਕਰਨਪ੍ਰੀਤ ਕੌਰ ਪੁੱਤਰੀ ਸੁਖਵਿੰਦਰ ਸਿੰਘ ਨੇ ਸ਼ਾਨਦਾਰ ਕਾਰਗੁਜ਼ਾਰੀ ਦਿਖਾਉਂਦਿਆਂ ਚਾਂਦੀ ਦੇ ਤਗਮੇ ਪ੍ਰਾਪਤ ਕੀਤੇ ਗਏ। ਰਾਜ ਪੱਧਰੀ ਮੁਕਾਬਲੇ ’ਚ ਤਗਮੇ ਜੇਤੂ ਖਿਡਾਰੀਆਂ ਦਾ ਸਕੂਲ ਪਹੁੰਚਣ ’ਤੇ ਪ੍ਰਬੰਧਕਾਂ, ਪ੍ਰਿੰਸੀਪਲ ਅਤੇ ਸਟਾਫ ਮੈਂਬਰਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ ਅਤੇ ਇਸ ਸ਼ਾਨਦਾਰ ਪ੍ਰਾਪਤੀ ’ਤੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਅਤੇ ਸ਼ੁਭਕਾਮਨਾਵਾਂ ਦਿੱਤੀਆਂ। ਡਾਇਰੈਕਟਰ ਅਮਰਜੀਤ ਸਿੰਘ ਚਾਹਲ ਅਤੇ ਪ੍ਰਿੰਸੀਪਲ ਕਿਰਨ ਕੇਸਰ ਨੇ ਖਿਡਾਰੀਆਂ ਨੂੰ ਭਵਿੱਖ ਵਿੱਚ ਹੋਰ ਸਖਤ ਮਿਹਨਤ ਕਰਦੇ ਰਹਿਣ ਲਈ ਪ੍ਰੇਰਿਆ।