ਆਤਿਸ਼ ਗੁਪਤਾਚੰਡੀਗੜ੍ਹ, 4 ਫਰਵਰੀਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ ਵਿਧਾਨ ਸਭਾ ਚੋਣਾਂ ਲਈ ਪ੍ਰਚਾਰ ਤੋਂ ਬਾਅਦ ਅੱਜ ਤੋਂ ਪੰਜਾਬ ਵਿੱਚ ਸਰਗਰਮੀ ਵਧਾ ਦਿੱਤੀ ਹੈ। ਇਸ ਤਹਿਤ ਉਨ੍ਹਾਂ ਅੱਜ ਸੂਬੇ ਵਿੱਚ ਅਮਨ ਤੇ ਕਾਨੂੰਨੀ ਦੀ ਸਥਿਤੀ ਦੀ ਬਹਾਲੀ ਲਈ ਚੰਡੀਗੜ੍ਹ ’ਚ ਪੁਲੀਸ ਕਮਿਸ਼ਨਰਾਂ ਤੇ ਐੱਸਐੱਸਪੀਜ਼ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਜਿਹੜੇ ਵੀ ਇਲਾਕੇ ਵਿੱਚ ਕੋਈ ਵੱਡੀ ਵਾਰਦਾਤ ਵਾਪਰਦੀ ਹੈ, ਉਸ ਇਲਾਕੇ ਦੇ ਸਬੰਧਤ ਪੁਲੀਸ ਅਫਸਰਾਂ ਦੀ ਜ਼ਿੰਮੇਵਾਰੀ ਤੈਅ ਕੀਤੀ ਜਾਵੇਗੀ। ਇਸ ਮੀਟਿੰਗ ਵਿੱਚ ਮੁੱਖ ਮੰਤਰੀ ਨੇ ਪੁਲੀਸ ਅਧਿਕਾਰੀਆਂ ਨਾਲ ਵਿਚਾਰ-ਚਰਚਾ ਕਰਦਿਆਂ ਅੰਦਰੂਨੀ ਸੁਰੱਖਿਆ ਸਖ਼ਤ ਕਰਨ ਅਤੇ ਸੂਬੇ ਵਿੱਚ ਨਸ਼ਿਆਂ ਤੇ ਵੱਡੀਆਂ ਘਟਨਾਵਾਂ ਨਾਲ ਨਜਿੱਠਣ ਲਈ ਰਣਨੀਤੀ ਵੀ ਤਿਆਰ ਕੀਤੀ।ਪੰਜਾਬ ਸਰਕਾਰ ਨੇ ਸੂਬੇ ਵਿੱਚ ਅਪਰਾਧਕ ਗਤੀਵੀਧੀਆਂ ਨਾਲ ਨਜਿੱਠਣ ਲਈ 703 ਥਾਵਾਂ ’ਤੇ 2300 ਦੇ ਕਰੀਬ ਸੀਸੀਟੀਵੀ ਕੈਮਰੇ ਲਾਉਣ ਦਾ ਫ਼ੈਸਲਾ ਕੀਤਾ ਹੈ। ਇਸ ਲਈ ਸੂਬਾ ਸਰਕਾਰ ਨੇ ਮੁਹਾਲੀ ਪੁਲੀਸ ਨੂੰ 18 ਕਰੋੜ ਰੁਪਏ, ਜਦਕਿ ਹੋਰਨਾਂ ਸ਼ਹਿਰਾਂ ਲਈ 8 ਕਰੋੜ ਰੁਪਏ ਜਾਰੀ ਕੀਤੇ ਹਨ। ਇਸ ਤੋਂ ਇਲਾਵਾ ਜਲੰਧਰ, ਅੰਮ੍ਰਿਤਸਰ, ਲੁਧਿਆਣਾ ਸਣੇ ਹੋਰਨਾਂ ਵੱਡੇ ਸ਼ਹਿਰਾਂ ਵਿੱਚ ਸਮਾਰਟ ਸਿਟੀ ਪ੍ਰਾਜੈਕਟ ਅਧੀਨ ਸੀਸੀਟੀਵੀ ਕੈਮਰੇ ਲਾਏ ਜਾ ਰਹੇ ਹਨ। ਪੁਲੀਸ ਨੇ ਸੂਬੇ ਵਿੱਚ ਅਧਿਕਾਰੀਆਂ ਦੀ ਗਸ਼ਤ ਵਧਾਉਣ ਲਈ 140 ਹੋਰ ਗੱਡੀਆਂ ਐੱਸਐੱਚਓ ਨੂੰ ਦੇਣ ਦਾ ਫ਼ੈਸਲਾ ਕੀਤਾ ਹੈ। ਇਹ ਗੱਡੀਆਂ ਫਰਵਰੀ ਦੇ ਆਖੀਰ ਤੱਕ ਦਿੱਤੀਆਂ ਜਾਣਗੀਆਂ।ਮੀਟਿੰਗ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਪੁਲੀਸ ਕਮਿਸ਼ਨਰਾਂ ਅਤੇ ਐੱਸਐੱਸਪੀਜ਼ ਨੂੰ ਥਾਣਿਆਂ ’ਚ ਲੋਕਾਂ ਨੂੰ ਇਨਸਾਫ ਦੇਣ ਦੀ ਹਦਾਇਤ ਦਿੱਤੀ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਨਸ਼ਿਆਂ ਖ਼ਿਲਾਫ਼ ਕਿਸੇ ਤਰ੍ਹਾਂ ਦਾ ਲਿਹਾਜ਼ ਨਾ ਵਰਤਣ ਦੀ ਨੀਤੀ ਅਪਣਾਈ ਜਾਣੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਸਕੂਲ ਅਤੇ ਕਾਲਜ ਪੱਧਰ ’ਤੇ ਨੌਜਵਾਨਾਂ ਨੂੰ ਨਸ਼ਿਆਂ ਖ਼ਿਲਾਫ਼ ਜਾਗਰੂਕ ਕਰਨ ਲਈ ਢੁਕਵੀਂ ਰਣਨੀਤੀ ਬਣਾਈ ਜਾ ਰਹੀ ਹੈ। ਇਸ ਤੋਂ ਇਲਾਵਾ ਨਸ਼ਾਂ ਤਸਕਰਾਂ ਤੇ ਹੋਰ ਅਪਰਾਧਕ ਗਤੀਵਿਧੀਆਂ ਨਾਲ ਨਜਿੱਠਣ ਲਈ ਪੰਚਾਇਤਾਂ ਨੂੰ ਉਤਸ਼ਾਹਿਤ ਕੀਤਾ ਜਾਵੇਗਾ।ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ’ਚੋਂ ਸੰਗਠਿਤ ਅਪਰਾਧ ਖ਼ਤਮ ਕਰਨ ਲਈ ਵਚਨਬੱਧ ਹੈ। ਇਸ ਲਈ ਗੈਂਗਸਟਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਇਸ ਤੋਂ ਇਲਾਵਾ ਕਿਸੇ ਨੂੰ ਵੀ ਕਾਨੂੰਨ ਆਪਣੇ ਹੱਥ ਵਿੱਚ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।ਅਪਰਾਧ ਦਰ ਘਟਾਉਣ ਲਈ ਆਮ ਲੋਕਾਂ ਨਾਲ ਤਾਲਮੇਲ ਵਧਾਉਣ ਦੇ ਹੁਕਮਮੁੱਖ ਮੰਤਰੀ ਭਗਵੰਤ ਮਾਨ ਨੇ ਪੁਲੀਸ ਕਮਿਸ਼ਨਰਾਂ ਤੇ ਐੱਸਐੱਸਪੀਜ਼ ਨੂੰ ਸੂਬੇ ਭਰ ’ਚੋਂ ਅਪਰਾਧ ਦਰ ਘਟਾਉਣ ਲਈ ਆਮ ਲੋਕਾਂ ਨਾਲ ਬਿਹਤਰ ਤਾਲਮੇਲ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਇਸ ਨਾਲ ਸੂਬੇ ਵਿੱਚ ਅਪਰਾਧ ਖਤਮ ਕਰਨ ’ਚ ਮਦਦ ਮਿਲੇਗੀ, ਜਿਸ ਨਾਲ ਸੂਬੇ ਦੀ ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਨੂੰ ਵੱਡਾ ਹੁਲਾਰਾ ਮਿਲੇਗਾ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਪੁਲੀਸ ਅਧਿਕਾਰੀਆਂ ਨੂੰ ਆਪੋ-ਆਪਣੇ ਅਧਿਕਾਰ ਖੇਤਰ ਵਿੱਚ ਆਉਂਦੇ ਥਾਣਿਆਂ ਤੇ ਹੋਰ ਇਲਾਕਿਆਂ ’ਚ ਅਚਨਚੇਤ ਚੈਕਿੰਗ ਕਰਨ ਦੇ ਨਿਰਦੇਸ਼ ਵੀ ਦਿੱਤੇ। ਉਨ੍ਹਾਂ ਕਿਹਾ ਕਿ ਇਸ ਦਾ ਮਕਸਦ ਨੁਕਸ ਲੱਭਣਾ ਨਹੀਂ, ਸਗੋਂ ਕਾਨੂੰਨ ਵਿਵਸਥਾ ਨਾਲ ਸਬੰਧਤ ਮਾਮਲਿਆਂ ਨੂੰ ਸੁਚਾਰੂ ਬਣਾਉਣਾ ਹੋਣਾ ਚਾਹੀਦਾ ਹੈ।