ਸ਼੍ਰੇਣੀ ਵੰਡ ਖ਼ਿਲਾਫ਼ ਆਵਾਜ਼ ਉਠਾਉਣ ਵਾਲੇ ਰਹਿਬਰ ਸਨ ਗੁਰੂ ਨਾਨਕ ਦੇਵ: ਡਾ. ਇਸਲਾਮ

ਅੰਮ੍ਰਿਤਸਰ ਵਿੱਚ ਸ਼ੁੱਕਰਵਾਰ ਨੂੰ ਸੈਮੀਨਾਰ ਦੌਰਾਨ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਦਾ ਸਨਮਾਨ ਕੀਤੇ ਜਾਣ ਦਾ ਦ੍ਰਿਸ਼। -ਫੋਟੋ: ਵਿਸ਼ਾਲ ਕੁਮਾਰ

ਮਨਮੋਹਨ ਸਿੰਘ ਢਿੱਲੋਂ
ਅੰਮ੍ਰਿਤਸਰ, 20 ਸਤੰਬਰ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਇਥੇ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਾਏ ਗਏ ਸੈਮੀਨਾਰ ਨੂੰ ਸੰਬੋਧਨ ਕਰਦਿਆਂ ਸ਼ਾਂਤੀ ਨਿਕੇਤਨ ਯੂਨੀਵਰਸਿਟੀ ਬੰਗਾਲ ਤੋਂ ਡਾ. ਸਿਰਾਜੁਲ ਇਸਲਾਮ ਨੇ ਗੁਰੂ ਨਾਨਕ ਦੇਵ ਜੀ ਨੂੰ ਵਰਗ ਵੰਡ ਤੇ ਸ਼੍ਰੇਣੀ ਵੰਡ ਖ਼ਿਲਾਫ਼ ਬੁਲੰਦ ਆਵਾਜ਼ ਉਠਾਉਣ ਵਾਲੇ ਰਹਿਬਰ ਦੱਸਿਆ। ਉਨ੍ਹਾਂ ਸਿੱਖ ਧਰਮ ਦੀਆਂ ਮਨੁੱਖਤਾ ਖਾਤਰ ਕੀਤੀਆਂ ਕੁਰਬਾਨੀਆਂ ਦਾ ਜ਼ਿਕਰ ਕਰਦਿਆਂ ਸਿੱਖ ਰਵਾਇਤਾਂ, ਸਿਧਾਂਤਾਂ ਤੇ ਕਦਰਾਂ-ਕੀਮਤਾਂ ਦੀ ਵਿਲੱਖਣਤਾ ਨੂੰ ਵੀ ਉਭਾਰਿਆ।
ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ਾਂ ਦਾ ਮਹੱਤਵ ਮਨੁੱਖੀ ਏਕਤਾ ਨੂੰ ਉਜਾਗਰ ਕਰਨ ਵਾਲਾ ਹੈ, ਜਿਸ ਨੂੰ ਅਜੋਕੇ ਸਮੇਂ ਵਿਚ ਹੋਰ ਵੀ ਸੰਜੀਦਗੀ ਨਾਲ ਸਮਝਣ ਤੇ ਪ੍ਰਚਾਰਨ ਦੀ ਲੋੜ ਹੈ। ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਵਿਸ਼ਵ ਦੇ ਉਚਤਮ ਦਾਰਸ਼ਨਿਕ ਤੇ ਕਰਾਂਤੀਕਾਰੀ ਰਹਿਬਰ ਹਨ, ਜਿਨ੍ਹਾਂ ਦੀ ਵਿਚਾਰਧਾਰਾ ਨੂੰ ਵਿਸ਼ਵ ਪ੍ਰਸੰਗ ਵਿਚ ਵੇਖਣਾ ਚਾਹੀਦਾ ਹੈ। ਉਨ੍ਹਾਂ ਮਨੁੱਖ ਦੀਆਂ ਸਮੱਸਿਆਵਾਂ ਦੇ ਹੱਲ ਲਈ ਗੁਰੂ ਸਾਹਿਬ ਦੀ ਵਿਚਾਰਧਾਰਾ ਨੂੰ ਸਰਬਉੱਚ ਦੱਸਿਆ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਗੁਰੂ ਸਾਹਿਬ ਦੀ ਵਿਚਾਰਧਾਰਾ ਨੂੰ ਮਨੁੱਖ ਦੀ ਦਾਰਸ਼ਨਿਕ, ਸਮਾਜਿਕ, ਆਰਥਿਕ, ਰਾਜਸੀ, ਵਿਗਿਆਨਕ ਤੇ ਮਨੋਵਿਗਿਆਨਕ ਭਾਵ ਹਰ ਪੱਖ ਤੋਂ ਅਗਵਾਈ ਦੇਣ ਵਾਲੀ ਕਰਾਰ ਦਿੱਤਾ। ਡਾ. ਜਸਬੀਰ ਸਿੰਘ ਸਰਨਾ, ਡਾ. ਇੰਦਰਜੀਤ ਸਿੰਘ ਗੋਗੋਆਣੀ ਨੇ ਗੁਰੂ ਜੀ ਦੇ ਜੀਵਨ ਤੇ ਬਾਣੀ ਆਧਾਰਿਤ ਵਿਚਾਰ ਪੇਸ਼ ਕੀਤੇ। ਸ਼੍ਰੋਮਣੀ ਕਮੇਟੀ ਵਲੋਂ ਸਕੂਲਾਂ/ਕਾਲਜਾਂ ਵਿਚ ਕਰਵਾਏ ਜਾ ਰਹੇ ਸੈਮੀਨਾਰਾਂ ਦੀ ਲੜੀ ਵਿਚ ਇਹ 15ਵਾਂ ਸੈਮੀਨਾਰ ਸੀ। ਇਸ ਸੈਮੀਨਾਰ ਵਿਚ ਅੰਮ੍ਰਿਤਸਰ ਤੇ ਤਰਨ ਤਾਰਨ ਦੇ ਕਾਲਜਾਂ ਦੇ 1200 ਵਿਦਿਆਰਥੀਆਂ ਨੇ ਵੀ ਸ਼ਮੂਲੀਅਤ ਕੀਤੀ।
ਅਕਾਲੀ ਦਲ (ਟਕਸਾਲੀ) ਹਮਖ਼ਿਆਲੀ ਧਿਰਾਂ ਨਾਲ ਰਲ ਕੇ ਮਨਾਏਗਾ ਪ੍ਰਕਾਸ਼ ਪੁਰਬ
ਚੰਡੀਗੜ੍ਹ (ਟ੍ਰਿਬਿਊਨ ਨਿਊਜ਼ ਸਰਵਿਸ): ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੀ ਕੋਰ ਕਮੇਟੀ ਦੀ ਅੱਜ ਇੱਥੇ ਹੋਈ ਮੀਟਿੰਗ ਦੌਰਾਨ ਗੁਰੂ ਨਾਨਕ ਦੇਵ ਦਾ 550 ਸਾਲਾ ਪ੍ਰਕਾਸ਼ ਪੁਰਬ ਸੁਲਤਾਨਪੁਰ ਲੋਧੀ ’ਚ ਹਮਖ਼ਿਆਲੀ ਪਾਰਟੀਆਂ ਅਤੇ ਧਾਰਮਿਕ ਜਥੇਬੰਦੀਆਂ ਨਾਲ ਮਿਲ ਕੇ ਮਨਾਉਣ ਦਾ ਫ਼ੈਸਲਾ ਲਿਆ ਗਿਆ ਹੈ। ਇਸ ਮੌਕੇ ਪੰਜਾਬੀ ਭਾਸ਼ਾ ਦੇ ਹੋ ਰਹੇ ਨਿਰਾਦਰ ਅਤੇ ਭਾਜਪਾ ਆਗੂਆਂ ਵੱਲੋਂ ਦਿੱਤੇ ਜਾ ਰਹੇ ਬਿਆਨ- ‘ਇੱਕ ਦੇਸ਼ ਇੱਕ ਭਾਸ਼ਾ’ ਦਾ ਵਿਰੋਧ ਕੀਤਾ ਗਿਆ। ਉਨ੍ਹਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਤੋਂ ਬਾਅਦ ਸੂਬਿਆਂ ਦੀ ਵੰਡ ਬੋਲੀ ਦੇ ਆਧਾਰ ’ਤੇ ਕੀਤੀ ਗਈ ਅਤੇ ਪੰਜਾਬੀ ਸੂਬਾ ਬਣਾਉਣ ਲਈ ਪੰਜਾਬੀਆਂ ਨੂੰ ਲੰਮਾ ਸੰਘਰਸ਼ ਕਰਨਾ ਪਿਆ। ਮੀਟਿੰਗ ਦੌਰਾਨ ਜੰਮੂ-ਕਸ਼ਮੀਰ ਵਿਚੋਂ ਧਾਰਾ 370 ਹਟਾਏ ਜਾਣ ਤੋਂ ਬਾਅਦ ਉੱਥੇ ਵੱਸਦੇ ਸਿੱਖਾਂ ਅਤੇ ਹੋਰ ਨਾਗਰਿਕਾਂ ਦੀ ਜਾਨ-ਮਾਲ ਦੀ ਰਾਖੀ ਲਈ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਵੱਲੋਂ ਵਫ਼ਦ ਭੇਜਣ ਦਾ ਫ਼ੈਸਲਾ ਕੀਤਾ ਗਿਆ। ਇਸ ਦੇ ਨਾਲ ਹੀ ਉਨ੍ਹਾਂ ਭਗਤ ਸਿੰਘ ਦਾ ਜਨਮ ਦਿਨ ਮਨਾਉਣ ਅਤੇ ਪੰਜਾਬ ਵਿੱਚ ਹੋ ਰਹੀਆਂ ਉਪ ਚੋਣਾਂ ਲਈ ਕਮੇਟੀਆਂ ਦਾ ਗਠਨ ਵੀ ਕੀਤਾ।

Tags :