ਸਕੂਲਾਂ ’ਚ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਏ
ਖੇਤਰੀ ਪ੍ਰਤੀਨਿਧ
ਲੁਧਿਆਣਾ, 2 ਫਰਵਰੀ
ਰਾਮਗੜ੍ਹੀਆ ਐਜੂਕੇਸ਼ਨ ਕੌਂਸਲ ਵੱਲੋਂ ਚਲਾਏ ਜਾ ਰਹੇ ਵਿਦਿਅਕ ਅਦਾਰੇ ਰਾਮਗੜ੍ਹੀਆ ਸੀਨੀਅਰ ਸੈਕੰਡਰੀ ਸਕੂਲ, ਰਾਮਗੜ੍ਹੀਆ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਰਾਮਗੜ੍ਹੀਆ ਐਲੀਮੈਂਟਰੀ ਸਕੂਲ ਦੇ ਵਿਦਿਆਰਥੀਆਂ ਦਾ ਸਾਲਾਨਾ ਇਨਾਮ ਵੰਡ ਸਮਾਗਮ ਅਤੇ ਸਾਲਾਨਾ ਇਮਤਿਹਾਨਾਂ ਦੀ ਸਫ਼ਲਤਾ ਲਈ ਸਹਿਜ ਪਾਠ ਦੇ ਭੋਗ ਪਾਏ ਗਏ। ਇਸ ਸਮਾਗਮ ਵਿੱਚ ਰਾਜ ਸਭਾ ਮੈਂਬਰ ਅਤੇ ਪ੍ਰਸਿੱਧ ਵਾਤਾਵਰਨ ਪ੍ਰੇਮੀ ਬਾਬਾ ਬਲਬੀਰ ਸਿੰਘ ਸੀਚੇਵਾਲ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਰਾਮਗੜ੍ਹੀਆ ਐਜੂਕੇਸ਼ਨ ਕੌਂਸਲ ਦੇ ਪ੍ਰਧਾਨ ਰਣਜੋਧ ਸਿੰਘ, ਜਨਰਲ ਸਕੱਤਰ ਗੁਰਚਰਨ ਸਿੰਘ ਲੋਟੇ ਅਤੇ ਸੰਸਥਾਵਾਂ ਦੇ ਮੁਖੀਆਂ ਅਜੀਤ ਕੌਰ, ਮਨਪ੍ਰੀਤ ਕੌਰ, ਮਨਦੀਪ ਕੌਰ, ਬਲਵਿੰਦਰ ਕੌਰ ਅਤੇ ਉਮਾ ਪਨੇਸਰ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ। ਇਸ ਮੌਕੇ ਜਿੱਥੇ ਬਾਬਾ ਸੀਚੇਵਾਲ ਨੇ ਵੱਖ-ਵੱਖ ਜਮਾਤਾਂ ਦੇ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ ਉੱਥੇ ਉਨ੍ਹਾਂ ਨੇ ਗੁਰਬਾਨੀ ਦੇ ਸਲੋਕ ‘ਪਵਨ ਗੁਰੂ ਪਾਣੀ ਪਿਤਾ, ਮਾਤਾ ਧਰਤਿ ਮਹਤ’ ਦਾ ਸੰਦੇਸ਼ ਦਿੰਦੇ ਹੋਏ ਵਾਤਾਵਰਨ ਨੂੰ ਸੰਭਾਲਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਪ੍ਰਬੰਧਕ ਕਮੇਟੀ ਦੇ ਮੈਂਬਰ ਭੁਪਿੰਦਰ ਸਿੰਘ ਮਿਲਾਪ, ਮੋਹਨ ਸਿੰਘ ਲੋਟੇ, ਦੀਦਾਰਜੀਤ ਸਿੰਘ ਲੋਟੇ, ਹਾਕਮ ਸਿੰਘ, ਹਰਵਿੰਦਰ ਸਿੰਘ ਰੂਬੀ ਵੀ ਹਾਜ਼ਰ ਸਨ।