ਸਕੂਲਾਂ ਦੇ ਸਫ਼ਾਈ ਕਾਮੇ ਤਨਖ਼ਾਹਾਂ ਨੂੰ ਤਰਸੇ: ਫੱਜੂਪੁਰ
ਸੁੱਚਾ ਸਿੰਘ ਪਸਨਾਵਾਲ
ਧਾਰੀਵਾਲ, 4 ਜੁਲਾਈ
ਜ਼ਿਲ੍ਹਾ ਗੁਰਦਾਸਪੁਰ ਦੇ ਵੱਖ-ਵੱਖ ਸਕੂਲਾਂ ਵਿੱਚ ਕੰਮ ਕਰਦੇ ਸਫ਼ਾਈ ਕਰਮਚਾਰੀ ਪਿਛਲੇ ਪੰਜ ਮਹੀਨਿਆਂ ਤੋਂ ਤਨਖ਼ਾਹਾਂ ਨਾ ਮਿਲਣ ਕਾਰਨ ਪ੍ਰੇਸ਼ਾਨ ਹਨ। ਉਨ੍ਹਾਂ ਵਿੱਚ ਸਰਕਾਰ ਵਿਰੁੱਧ ਰੋਸ ਪਾਇਆ ਜਾ ਰਿਹਾ ਹੈ। ਐਲੀਮੈਂਟਰੀ ਟੀਚਰਜ ਯੂਨੀਅਨ ਗੁਰਦਾਸਪੁਰ ਦੇ ਜ਼ਿਲ੍ਹਾ ਪ੍ਰਧਾਨ ਅਸ਼ਵਨੀ ਫੱਜੂਪੁਰ ਨੇ ਦੱਸਿਆ ਕਿ ਜ਼ਿਲ੍ਹਾ ਗੁਰਦਾਸਪੁਰ ਦੇ ਸਕੂਲਾਂ ਵਿੱਚ ਨਿਗੂਣੀਆਂ ਤਨਖ਼ਾਹਾਂ ’ਤੇ ਕੰਮ ਕਰਦੇ 173 ਸਫ਼ਾਈ ਕਰਮਚਾਰੀਆਂ ਨੂੰ ਪੰਜ ਮਹੀਨਿਆਂ ਤੋਂ ਤਨਖ਼ਾਹਾਂ ਨਹੀਂ ਮਿਲੀਆਂ। ਪ੍ਰਧਾਨ ਫੱਜੂਪੁਰ ਨੇ ਦੱਸਿਆ ਇਸ ਸਬੰਧੀ ਜਥੇਬੰਦੀ ਦਾ ਵਫ਼ਦ ਸੂਬਾਈ ਆਗੂ ਹਰਪ੍ਰੀਤ ਪਰਮਾਰ, ਜ਼ਿਲ੍ਹਾ ਜਨਰਲ ਸਕੱਤਰ ਸੁਖਦੀਪ ਸਿੰਘ ਜੌਲੀ, ਸੂਬਾ ਆਗੂ ਰਸ਼ਪਾਲ ਉਦੋਕੇ, ਸਤਿਬੀਰ ਕਾਹਲੋਂ, ਗੁਰਵਿੰਦਰ ਸੈਣੀ ਦੀ ਅਗਵਾਈ ਹੇਠ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਨੂੰ ਮਿਲਿਆ ਸੀ। ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੇ ਦੱਸਿਆ ਕਿ ਤਨਖ਼ਾਹਾਂ ਦੇ ਬਿੱਲ ਖ਼ਜਾਨਾ ਦਫ਼ਤਰ ਨੂੰ ਭੇਜੇ ਜਾ ਚੁੱਕੇ ਹਨ ਤੇ ਹੁਣ ਖ਼ਜਾਨਾ ਦਫ਼ਤਰ ਨੇ ਹੀ ਤਨਖ਼ਾਹਾਂ ਸਕੂਲਾਂ ਦੇ ਖਾਤਿਆਂ ਵਿੱਚ ਪਾਉਣੀਆਂ ਹਨ। ਜਥੇਬੰਦੀ ਦੇ ਆਗੂਆਂ ਨੇ ਪੰਜਾਬ ਸਰਕਾਰ ਤੇ ਜ਼ਿਲ੍ਹਾ ਖਜਾਨਾ ਦਫ਼ਤਰ ਗੁਰਦਾਸਪੁਰ ਤੋਂ ਮੰਗ ਕੀਤੀ ਹੈ ਕਿ ਸਕੂਲਾਂ ਵਿੱਚ ਕੰਮ ਕਰਦੇ ਸਫ਼ਾਈ ਕਰਮਚਾਰੀਆਂ ਦੀਆਂ ਤਨਖ਼ਾਹਾਂ ਤੁਰੰਤ ਜਾਰੀ ਕੀਤੀਆਂ ਜਾਣ।