ਸਪੀਕਰ ਵੱਲੋਂ ਵਿਧਾਇਕਾਂ ਨੂੰ ਛੇਤੀ ਦਫ਼ਤਰ ਅਲਾਟ ਕਰਨ ਦੇ ਹੁਕਮ
ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 9 ਮਾਰਚ
ਦਿੱਲੀ ਵਿਧਾਨ ਸਭਾ ਦੇ ਸਪੀਕਰ ਵਿਜੇਂਦਰ ਗੁਪਤਾ ਨੇ ਨਵੇਂ ਚੁਣੇ ਗਏ ਵਿਧਾਇਕਾਂ ਨੂੰ ਸਮੇਂ ਸਿਰ ਦਫ਼ਤਰਾਂ ਦੀ ਵੰਡ ਕਰਨ ਲਈ ਸਬੰਧਤ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਉਹ ਆਪਣੇ ਹਲਕੇ ਨਾਲ ਸਬੰਧਤ ਕੰਮ ’ਤੇ ਧਿਆਨ ਦੇ ਸਕਣ।
ਪ੍ਰੋਟੋਕੋਲ ਅਨੁਸਾਰ ਪਿਛਲੇ ਵਿਧਾਇਕਾਂ ਨੂੰ ਅਲਾਟ ਕੀਤੇ ਗਏ ਹਲਕਾ ਦਫ਼ਤਰ ਫਰਵਰੀ ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਖਾਲੀ ਕਰ ਦਿੱਤੇ ਗਏ ਸਨ। ਵਿਧਾਨ ਸਭਾ ਸਕੱਤਰੇਤ ਵੱਲੋਂ ਕਿਹਾ ਗਿਆ ਹੈ ਕਿ ਹੁਣ ਜਦੋਂ ਨਵੇਂ ਚੁਣੇ ਗਏ ਵਿਧਾਇਕਾਂ ਨੇ ਸਹੁੰ ਚੁੱਕ ਲਈ ਹੈ, ਵਿਧਾਨ ਸਭਾ ਅਤੇ ਹਲਕੇ ਨਾਲ ਸਬੰਧਤ ਸਰਗਰਮੀਆਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਨਵੇਂ ਦਫ਼ਤਰ ਸੌਂਪਣ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਗੁਪਤਾ ਨੇ ਕਿਹਾ ਕਿ ਲੋਕਾਂ ਦੀ ਕੁਸ਼ਲਤਾ ਨਾਲ ਸੇਵਾ ਕਰਨ ਲਈ ਚੁਣੇ ਹੋਏ ਨੁਮਾਇੰਦਿਆਂ ਨੂੰ ਲੋੜੀਂਦੇ ਸਾਧਨ ਦੇਣਾ ਸਾਡੀ ਪ੍ਰਮੁੱਖ ਤਰਜੀਹ ਹੈ।
ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕਾ ਦਫ਼ਤਰ ਵਿਧਾਇਕਾਂ ਤੇ ਜਨਤਾ ਦਰਮਿਆਨ ਇੱਕ ਅਹਿਮ ਕੜੀ ਵਜੋਂ ਕੰਮ ਕਰਦੇ ਹਨ। ਸਪੀਕਰ ਨੇ ਕਿਹਾ ਕਿ ਇਹ ਯਕੀਨੀ ਬਣਾਉਣ ਲਈ ਲੋੜੀਂਦੇ ਕਦਮ ਚੁੱਕੇ ਹਨ ਕਿ ਸਾਰੇ ਵਿਧਾਇਕਾਂ ਨੂੰ ਸਮੇਂ ਸਿਰ ਉਨ੍ਹਾਂ ਦੇ ਦਫ਼ਤਰ ਪ੍ਰਾਪਤ ਹੋਣ। ਵਿਧਾਨ ਸਭਾ ਸਕੱਤਰੇਤ ਨੇ ਵਿਧਾਇਕਾਂ ਦੀਆਂ ਵਿਸ਼ੇਸ਼ ਲੋੜਾਂ ਤੇ ਬੇਨਤੀਆਂ ਨੂੰ ਧਿਆਨ ਵਿੱਚ ਰੱਖਦੇ ਹੋਏ ਸਬੰਧਤ ਵਿਭਾਗਾਂ ਨੂੰ ਪ੍ਰਕਿਰਿਆ ਵਿੱਚ ਤੇਜ਼ ਉਨ੍ਹਾਂ ਮੁਤਾਬਕ ਇਹ ਯਕੀਨੀ ਬਣਾਉਣਾ ਹੈ ਕਿ ਨਵੇਂ ਚੁਣੇ ਗਏ ਵਿਧਾਇਕ ਬਿਨਾਂ ਕਿਸੇ ਦੇਰੀ ਦੇ ਆਪਣੇ ਹਲਕੇ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਜੁੜ ਸਕਣ ਅਤੇ ਜਨਤਕ ਸਮੱਸਿਆਵਾਂ ਦਾ ਹੱਲ ਕਰ ਸਕਣ। ਉਨ੍ਹਾਂ ਇਸ ਸਬੰਧੀ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ।