ਸਮਾਰਕਾਂ ਅਤੇ ਬੁੱਤਾਂ ਦੀ ਸੁਰੱਖਿਆ ਲਈ ਪ੍ਰਸ਼ਾਸਨ ਵੱਲੋਂ ਮੁਹਿੰਮ ਸ਼ੁਰੂ
ਮਹੇਸ਼ ਸ਼ਰਮਾ
ਮੰਡੀ ਅਹਿਮਦਗੜ੍ਹ, 3 ਫਰਵਰੀ
ਇੱਥੋਂ ਦੇ ਪ੍ਰਸ਼ਾਸਨ ਵੱਲੋਂ ਅਸੁਰੱਖਿਅਤ ਤੇ ਖੁੱਲ੍ਹੀਆਂ ਥਾਵਾਂ ’ਤੇ ਸਥਾਪਤ ਯਾਦਗਾਰਾਂ ਅਤੇ ਬੁੱਤਾਂ ਦੀ ਬੇਅਦਬੀ ਨੂੰ ਰੋਕਣ ਲਈ ਅਗਾਊਂ ਕਦਮ ਚੁੱਕਣੇ ਸ਼ੁਰੂ ਕੀਤੇ ਗਏ ਹਨ। ਮਹਾਨ ਸ਼ਖ਼ਸੀਅਤਾਂ ਜਾਂ ਖਾਸ ਫ਼ਿਰਕਿਆਂ ਦੇ ਨਾਮ ’ਤੇ ਚਲਾਏ ਜਾ ਰਹੇ ਸੰਸਥਾਨਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਆਪਣੇ ਅਦਾਰਿਆਂ ਵਿੱਚ ਸਥਾਪਤ ਯਾਦਗਾਰਾਂ ਦੀ ਕਿਸੇ ਵੀ ਤਰ੍ਹਾਂ ਦੀ ਬੇਅਦਬੀ ਰੋਕਣ ਲਈ ਲੋੜੀਂਦੇ ਉਪਾਅ ਕਰਨ। ਅੰਮ੍ਰਿਤਸਰ ਵਿੱਚ ਭਾਰਤ ਦੇ ਸੰਵਿਧਾਨ ਨਿਰਮਾਤਾ ਡਾ. ਬੀ. ਆਰ. ਅੰਬੇਡਕਰ ਦੇ ਬੁੱਤ ਦੀ ਭੰਨ-ਤੋੜ ਦੀ ਕੋਸ਼ਿਸ਼ ਸਬੰਧੀ ਹਾਲ ਹੀ ਵਿੱਚ ਵਾਪਰੀ ਘਟਨਾ ਤੋਂ ਬਾਅਦ ਇਹ ਪਹਿਲ ਕੀਤੀ ਗਈ ਦੱਸੀ ਜਾ ਰਹੀ ਹੈ। ਇੱਥੇ ਸ਼ਹੀਦ ਭਗਤ ਸਿੰਘ ਦੇ ਬੁੱਤ ਦੀ ਰੱਖਿਆ ਲਈ ਇੱਕ ਲੋਹੇ ਦਾ ਜੰਗਲਾ ਬਣਾਉਣ ਦੀ ਪ੍ਰਕਿਰਿਆ ਸ਼ੁਰੂ ਕਰ ਕੇ ਇਸ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਡੀਐੱਸਪੀ (ਸਪੈਸ਼ਲ) ਰਣਜੀਤ ਸਿੰਘ ਬੈਂਸ ਨੇ ਖੇਤਰ ਵਿੱਚ ਸਥਾਪਤ ਵੱਖ-ਵੱਖ ਮੂਰਤੀਆਂ, ਬੁੱਤਾਂ ਅਤੇ ਯਾਦਗਾਰਾਂ ਦਾ ਨਿਰੀਖਣ ਕਰਨ ਤੋਂ ਬਾਅਦ ਦਾਅਵਾ ਕੀਤਾ ਕਿ ਉਕਤ ਮੁਹਿੰਮ ਇਹ ਯਕੀਨੀ ਬਣਾਉਣ ਲਈ ਸ਼ੁਰੂ ਕੀਤੀ ਗਈ ਹੈ ਕਿ ਸਮਾਜ ਵਿਰੋਧੀ ਤੱਤ ਅਤੇ ਸ਼ਰਾਰਤੀ ਅਨਸਰ ਆਸਾਨੀ ਨਾਲ ਪਹੁੰਚ ਕੀਤੀਆਂ ਜਾ ਸਕਦੀਆਂ ਯਾਦਗਾਰਾਂ ਦੀ ਬੇਅਦਬੀ ਕਰ ਕੇ ਖੇਤਰ ਵਿੱਚ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਨਾ ਕਰਨ ਸਕਣ।
ਸ੍ਰੀ ਬੈਂਸ ਨੇ ਕਿਹਾ ਕਿ ਐੱਸਐੱਸਪੀ ਮਾਲੇਰਕੋਟਲਾ ਗਗਨ ਅਜੀਤ ਸਿੰਘ ਤੋਂ ਹਦਾਇਤਾਂ ਮਿਲਣ ਤੋਂ ਬਾਅਦ ਇਲਾਕੇ ਦੀਆਂ ਯਾਦਗਾਰਾਂ ਦਾ ਸਰਵੇਖਣ ਕੀਤਾ ਗਿਆ ਤੇ ਕਿਸੇ ਵੀ ਤਰ੍ਹਾਂ ਦੀ ਬੇਅਦਬੀ ਨੂੰ ਰੋਕਣ ਲਈ ਜ਼ਰੂਰੀ ਕਦਮ ਚੁੱਕਣ ਲਈ ਸਰਕਾਰੀ ਜਾਂ ਗੈਰ-ਸਰਕਾਰੀ ਸੰਗਠਨਾਂ ਨੂੰ ਲਾਮਬੰਦ ਕੀਤਾ ਗਿਆ। ਉਨ੍ਹਾਂ ਕਿਹਾ ਕਿ ਐੱਸਐੱਚਓ ਸਿਟੀ ਆਦਿੱਤਿਆ ਸ਼ਰਮਾ ਨੂੰ ਉਸ ਵੇਲੇ ਤੱਕ ਸ਼ਹੀਦ ਭਗਤ ਸਿੰਘ ਦੇ ਬੁੱਤ ਨੇੜੇ ਸੁਰੱਖਿਆ ਵਧਾ ਕੇ ਰੱਖਣ ਦੇ ਨਿਰਦੇਸ਼ ਦਿੱਤੇ ਗਏ ਹਨ ਜਦੋਂ ਤੱਕ ਨਗਰ ਕੌਂਸਲ ਵੱਲੋਂ ਤਿਆਰ ਕੀਤੇ ਜਾਣ ਵਾਲੇ ਲੋਹੇ ਦੇ ਢਾਂਚੇ ਵਿੱਚ ਇਸ ਨੂੰ ਸੁਰੱਖਿਅਤ ਨਹੀਂ ਕੀਤਾ ਜਾਂਦਾ। ਨਗਰ ਕੌਂਸਲ ਦੇ ਪ੍ਰਧਾਨ ਵਿਕਾਸ ਕ੍ਰਿਸ਼ਨ ਸ਼ਰਮਾ ਨੇ ਇਸ ਗੱਲ ਦੀ ਸ਼ਲਾਘਾ ਕੀਤੀ ਕਿ ਸਥਾਨਕ ਪ੍ਰਸ਼ਾਸਨ ਯਾਦਗਾਰਾਂ ਨੂੰ ਸ਼ਰਾਰਤੀ ਅਨਸਰਾਂ ਤੋਂ ਸੁਰੱਖਿਅਤ ਰੱਖਣ ਲਈ ਇੱਕ ਨਵਾਂ ਰੁਝਾਨ ਸਥਾਪਤ ਕਰਨ ਵਿੱਚ ਮੋਹਰੀ ਬਣ ਕੇ ਸਾਹਮਣੇ ਆਇਆ ਹੈ।