ਸਮੱਸਿਆਵਾਂ ਪਹਿਲ ਦੇ ਆਧਾਰ ’ਤੇ ਹੱਲ ਕਰਾਂਗੇ: ਬਬਲਾ
ਮੁਕੇਸ਼ ਕੁਮਾਰ
ਚੰਡੀਗੜ੍ਹ, 2 ਫ਼ਰਵਰੀ
ਚੰਡੀਗੜ੍ਹ ਸ਼ਹਿਰ ਦੀ ਨਵੀਂ ਚੁਣੀ ਗਈ ਮੇਅਰ ਹਰਪ੍ਰੀਤ ਕੌਰ ਬਬਲਾ ਦਾ ਅੱਜ ਵਾਰਡ ਨੰਬਰ 10 ਦੇ ਨਿਵਾਸੀਆਂ ਨੇ ਭਰਵਾਂ ਸਵਾਗਤ ਕੀਤਾ। ਸਮੂਹ ਵਾਰਡ ਵਾਸੀਆਂ ਨੇ ਹਰਪ੍ਰੀਤ ਕੌਰ ਬਬਲਾ ਨੂੰ ਮੇਅਰ ਵਜੋਂ ਨਵਾਂ ਅਹੁਦਾ ਸੰਭਾਲਨ ਲਈ ਵਧਾਈ ਦਿੱਤੀ। ਇਸ ਮੌਕੇ ਮੇਅਰ ਹਰਪ੍ਰੀਤ ਕੌਰ ਬਬਲਾ ਨੇ ਕਿਹਾ ਕਿ ਉਹ ਵਾਰਡ ਵਾਸੀਆਂ ਤੋਂ ਮਿਲੇ ਪਿਆਰ ਅਤੇ ਸਮਰਥਨ ਤੋਂ ਬਹੁਤ ਖੁਸ਼ ਹਨ। ਉਨ੍ਹਾਂ ਕਿਹਾ ਕਿ ਇਸ ਸੁੰਦਰ ਸ਼ਹਿਰ ਦੀ ਸੇਵਾ ਕਰਨਾ ਉਨ੍ਹਾਂ ਦੇ ਲਈ ਇੱਕ ਵੱਡੇ ਸਨਮਾਨ ਦੀ ਗੱਲ ਹੈ ਅਤੇ ਉਹ ਇਸ ਮੌਕੇ ‘ਤੇ ਆਪਣੇ ਆਪ ਨੂੰ ਬਹੁਤ ਭਾਗਸ਼ਾਲੀ ਮਹਿਸੂਸ ਕਰ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਉਨ੍ਹਾਂ ਨੂੰ ਇਸ ਜ਼ਿੰਮੇਵਾਰੀ ‘ਤੇ ਬਹੁਤ ਮਾਣ ਹੈ ਅਤੇ ਉਹ ਚੰਡੀਗੜ੍ਹ ਸ਼ਹਿਰ ਨੂੰ ਹੋਰ ਵੀ ਬਿਹਤਰ ਸ਼ਹਿਰ ਬਣਾਉਣ ਲਈ ਨਿਵਾਸੀਆਂ ਨਾਲ ਮਿਲ ਕੇ ਕੰਮ ਕਰਨ ਲਈ ਉਤਸ਼ਾਹਿਤ ਹਨ। ਮੇਅਰ ਨੇ ਸ਼ਹਿਰ ਵਾਸੀਆਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ ਅਤੇ ਉਨ੍ਹਾਂ ਦੀਆਂ ਬੁਨਿਆਦੀ ਸਹੂਲਤਾਂ ਅਤੇ ਬੁਨਿਆਦੀ ਢਾਂਚੇ ਵਿੱਚ ਸੁਧਾਰ ਨੂੰ ਪਹਿਲ ਦਿੱਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਉਹ ਇੱਕ ਸਾਫ਼ ਅਤੇ ਹਰਾ-ਭਰਾ ਚੰਡੀਗੜ੍ਹ ਬਣਾਉਣ ਲਈ ਸਾਰਿਆਂ ਨਾਲ ਮਿਲ ਕੇ ਕੰਮ ਕਰਨ ਵਿੱਚ ਭਰੋਸਾ ਕਰਦੇ ਹਨ। ਉਨ੍ਹਾਂ ਸਾਰੇ ਨਾਗਰਿਕਾਂ ਨੂੰ ਸ਼ਹਿਰ ਦੇ ਵਿਕਾਸ ਵਿੱਚ ਯੋਗਦਾਨ ਪਾਉਣ ਲਈ ਅੱਗੇ ਆਉਣ ਦੀ ਅਪੀਲ ਕੀਤੀ।