ਸਰਕਾਰਾਂ ਨੇ ਸਿੱਖਾਂ ਨੂੰ ਸਦਾ ਨਜ਼ਰਅੰਦਾਜ਼ ਕੀਤਾ: ਮੰਨਣ
ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 4 ਜੁਲਾਈ
ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਦੋਸ਼ ਲਾਇਆ ਕਿ ਸਮੇਂ ਦੀਆਂ ਸਰਕਾਰਾਂ ਨੇ ਸਿੱਖਾਂ ਨਾਲ ਹਮੇਸ਼ਾਂ ਨਾ-ਇਨਸਾਫ਼ੀ ਕੀਤੀ ਹੈ ਤੇ ਪੰਜਾਬੀਆਂ ਨਾਲ ਵਿਤਕਰਾ ਕੀਤਾ ਹੈ। ਉਹ ਅੱਜ ਇੱਥੇ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿੱਚ ਗੁਰਮਤਿ ਸਮਾਗਮ ਵਿੱਚ ਸੰਬੋਧਨ ਕਰ ਰਹੇ ਸਨ। ਇਹ ਸਮਾਗਮ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਜਾਬੀ ਸੂਬਾ ਮੋਰਚੇ ਦੌਰਾਨ ਤਤਕਾਲੀ ਸਰਕਾਰ ਵੱਲੋਂ 4 ਜੁਲਾਈ 1955 ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਕੀਤੇ ਹਮਲੇ ਦੀ ਯਾਦ ਵਿੱਚ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿੱਚ ਕੀਤਾ ਗਿਆ। ਇਸ ਦੌਰਾਨ ਗੁਰਮਤਿ ਸਮਾਗਮ ਵਿੱਚ ਅਖੰਡ ਪਾਠ ਦੇ ਭੋਗ ਪਾਏ ਗਏ।
ਇਸ ਮੌਕੇ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਪਰਵਿੰਦਰਪਾਲ ਸਿੰਘ ਨੇ ਕਿਹਾ ਕਿ ਸਮੇਂ ਸਮੇਂ ’ਤੇ ਹਾਕਮਾਂ ਨੇ ਸਿੱਖਾਂ ਦੇ ਕੇਂਦਰੀ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਹਮਲੇ ਕਰ ਕੇ ਸਿੱਖ ਕੌਮ ਨੂੰ ਕਮਜ਼ੋਰ ਕਰਨ ਦੇ ਯਤਨ ਕੀਤੇ ਹਨ। ਉਨ੍ਹਾਂ ਕਿਹਾ ਕਿ ਪੰਜਾਬੀ ਸੂਬਾ ਮੋਰਚੇ ਦੌਰਾਨ ਸਿੱਖਾਂ ਦੀ ਆਵਾਜ਼ ਦਬਾਉਣ ਲਈ ਵੀ ਉਸ ਸਮੇਂ ਦੀ ਕਾਂਗਰਸ ਸਰਕਾਰ ਨੇ 4 ਜੁਲਾਈ 1955 ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਹਮਲਾ ਕੀਤਾ ਸੀ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਕਿਹਾ ਕਿ ਸਿੱਖਾਂ ਨਾਲ ਸਰਕਾਰਾਂ ਵੱਲੋਂ ਹਮੇਸ਼ਾਂ ਨਾ-ਇਨਸਾਫ਼ੀ ਕੀਤੀ ਜਾਂਦੀ ਰਹੀ ਹੈ। ਭਾਸ਼ਾ ਦੇ ਅਧਾਰ ’ਤੇ ਬਣੇ ਸੂਬਿਆਂ ਸਮੇਂ ਵੀ ਪੰਜਾਬੀਆਂ ਨਾਲ ਵਿਤਕਰਾ ਕੀਤਾ ਗਿਆ। ਉਨ੍ਹਾਂ ਆਖਿਆ ਕਿ ਸਿੱਖਾਂ ਨੇ ਹਮੇਸ਼ਾ ਇਸ ਦੇਸ਼ ਲਈ ਲੜਾਈਆਂ ਲੜੀਆਂ ਪਰ ਸਰਕਾਰਾਂ ਨੇ ਸਿੱਖਾਂ ਦੀਆਂ ਹੱਕੀ ਮੰਗਾਂ ਨੂੰ ਸਦਾ ਨਜ਼ਰਅੰਦਾਜ਼ ਕੀਤਾ ਹੈ। ਇਸ ਤੋਂ ਪਹਿਲਾ ਅਖੰਡ ਪਾਠ ਦੇ ਭੋਗ ਪਾਏ ਅਤੇ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਇਸ ਮੌਕੇ ਅਰਦਾਸ ਭਾਈ ਬਲਵਿੰਦਰ ਸਿੰਘ ਨੇ ਕੀਤੀ।