ਸਰਕਾਰੀ ਨੀਤੀਆਂ ਖ਼ਿਲਾਫ਼ ਦੁਕਾਨਦਾਰਾਂ ਨੂੰ ਪਰਚੇ ਵੰਡੇ
ਨਿੱਜੀ ਪੱਤਰ ਪ੍ਰੇਰਕ
ਖੰਨਾ, 10 ਜੂਨ
ਸੰਯੁਕਤ ਕਿਸਾਨ ਮੋਰਚੇ ਵੱਲੋਂ ਅਮਰੀਕਾ ਸਮੇਤ ਹੋਰ ਵੀ ਕਈ ਵੱਡੀਆਂ ਤਾਕਤਾਂ ਨਾਲ ਟੈਕਸ ਮੁਕਤ ਵਪਾਰ ਸਮਝੌਤੇ ਸਬੰਧੀ ਜਾਗਰੂਕ ਕਰਨ ਅਤੇ ਇਸ ਸਮਝੌਤੇ ਨਾਲ ਆਮ ਲੋਕਾਂ ਨੂੰ ਹੋਣ ਵਾਲੇ ਨੁਕਸਾਨਾਂ ਸਬੰਧੀ ਜਾਗਰੂਕ ਕਰਨ ਲਈ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਵੱਲੋਂ ਸੁਖਵਿੰਰਦ ਸਿੰਘ ਭੱਟੀਆਂ ਅਤੇ ਪ੍ਰਗਟ ਸਿੰਘ ਕੋਟ ਪਨੈਚ ਦੀ ਅਗਵਾਈ ਹੇਠਾਂ ਵੱਖ ਵੱਖ ਪਿੰਡਾਂ ਸ਼ਹਿਰਾਂ ਦੀਆਂ ਦੁਕਾਨਾਂ ਤੇ ਜਾ ਕੇ ਪਰਚੇ ਵੰਡੇ ਜਾ ਰਹੇ ਹਨ। ਇਸੇ ਲੜੀ ਤਹਿਤ ਅੱਜ ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਵਜੋਂ ਜਾਣੇ ਜਾਂਦੇ ਖੰਨਾ ਸ਼ਹਿਰ ਦੀਆਂ ਵੱਖ ਵੱਖ ਦੁਕਾਨਾਂ ਤੇ ਜਾ ਕੇ ਪਰਚੇ ਵੰਡੇ ਅਤੇ ਲੋਕਾਂ ਨੂੰ ਸਰਕਾਰ ਦੀਆਂ ਨੀਤੀਆਂ ਖਿਲਾਫ਼ ਜਾਗਰੂਕ ਕੀਤਾ ਗਿਆ। ਇਸ ਦੌਰਾਨ ਜਰਨੈਲੀ ਸੜਕ, ਸਮਰਾਲਾ ਰੋਡ, ਰੇਲਵੇ ਰੋਡ, ਮਲੇਰਕੋਟਲਾ ਰੋਡ, ਅਮਲੋਹ ਰੋਡ, ਲਲਹੇੜੀ ਰੋਡ ਆਦਿ ਇਲਾਕਿਆਂ ਵਿਚ ਦੁਕਾਨਾਂ ਤੇ ਜਾ ਕੇ ਇਨ੍ਹਾਂ ਸਮਝੋਤਿਆਂ ਨਾਲ ਹੋਣ ਵਾਲੇ ਨੁਕਸਾਨਾਂ ਸਬੰਧੀ ਚਰਚਾ ਕੀਤੀ ਗਈ। ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਖੇਤੀ ਕਿੱਤੇ ਅਤੇ ਹੋਰ ਕਾਰੋਬਾਰਾਂ ਨੂੰ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕਰਨ ਖਿਲਾਫ਼ ਵੱਡੀ ਲੋਕ ਲਹਿਰ ਉਸਾਰੀ ਜਾਵੇਗੀ।
ਉਨ੍ਹਾਂ ਕਿਹਾ ਭਾਰਤਮਾਲਾ ਪ੍ਰੋਜੈਕਟ ਤਹਿਤ ਪੰਜਾਬ ਦੀਆਂ ਉਪਜਾਊ ਜ਼ਮੀਨਾਂ ਸੜਕੀ ਮਾਰਗ ਰਾਹੀਂ ਕਿਸਾਨਾਂ ਤੋਂ ਖੋਹ ਕੇ ਕਾਰਪੋਰੇਟ ਦੇ ਹਵਾਲੇ ਕੀਤਾ ਜਾ ਰਿਹਾ ਹੈ ਜਿਸ ਦਾ ਕਿਸਾਨ ਅਤੇ ਮਜ਼ਦੂਰ ਜੱਥੇਬੰਦੀਆਂ ਵਿਰੋਧ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਹਰ ਜੱਥੇਬੰਦੀ ਨੂੰ ਅੰਦੋਲਨਕਾਰੀਆਂ ਦੀ ਪਿੱਠ ਤੇ ਖੜ੍ਹੇ ਹੋ ਕੇ ਸਰਕਾਰ ਦੀਆਂ ਨੀਤੀਆਂ ਦਾ ਡੱਟ ਕੇ ਵਿਰੋਧ ਕਰਨ ਦੀ ਲੋੜ ਹੈ। ਇਸ ਮੌਕੇ ਕੁਲਵਿੰਦਰ ਸਿੰਘ, ਕਰਮਜੀਤ ਸਿੰਘ, ਗੁਰਮੇਲ ਸਿੰਘ, ਜਗਦੇਵ ਸਿੰਘ, ਚਰਨ ਸਿੰਘ, ਮੁਖਤਿਆਰ ਸਿੰਘ, ਬਲਿਹਾਰ ਸਿੰਘ, ਜਸਵਿੰਦਰ ਸਿੰਘ, ਤਪਿੰਦਰ ਸਿੰਘ, ਗੁਰਦੀਪ ਸਿੰਘ, ਤਰਲੋਚਨ ਸਿੰਘ, ਰਣਜੀਤ ਸਿੰਘ, ਕੁਲਦੀਪ ਸਿੰਘ, ਹਰਿੰਦਰਜੀਤ ਸਿੰਘ ਤੇ ਹੋਰ ਹਾਜ਼ਰ ਸਨ।