ਸਰਕਾਰੀ ਸਕੂਲਾਂ ’ਚੋਂ ਪਾਣੀ ਦੀ ਸੈਂਪਲਿੰਗ ਯਕੀਨੀ ਬਣਾਉਣ ਦੇ ਆਦੇਸ਼
ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 30 ਜਨਵਰੀ
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਨੇ ਸਬੰਧਤ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਨਿਰਦੇਸ਼ ਦਿੱਤੇ ਕਿ ਸਰਕਾਰੀ ਸਕੂਲਾਂ ਦੇ ਪਾਣੀ ਦੀ ਸੈਂਪਲਿੰਗ ਨੂੰ ਯਕੀਨੀ ਬਣਾਉਣ ਅਤੇ ਜ਼ਿਲ੍ਹੇ ਵਿੱਚ ਸਾਰੇ ਸਰਕਾਰੀ ਸਕੂਲਾਂ ਦੀ ਪਾਣੀ ਦੀ ਸੈਂਪਲਿੰਗ ਕਰਕੇ ਰਿਪੋਰਟ ਕਮਿਸ਼ਨ ਨੂੰ ਭੇਜੀ ਜਾਵੇ। ਮਿੱਡ-ਡੇਅ-ਮੀਲ ਦੇ ਖਾਣੇ ਦੀ ਗੁਣਵੱਤਾ ਦੀ ਜਾਂਚ ਦਾ ਵੀ ਵਿਸ਼ੇਸ਼ ਧਿਆਨ ਰੱਖਿਆ ਜਾਵੇ ਅਤੇ ਮਿੱਡ-ਡੇਅ ਮੀਲ ਦੇ ਰਾਸ਼ਨ ਦੀ ਸਟੋਰੇਜ ਵਿਵਸਥਾ ਖੁੱਲ੍ਹੇ ਅਤੇ ਹਵਾਦਾਰ ਕਮਰੇ ਵਿਚ ਹੋਣੀ ਚਾਹੀਦੀ ਹੈ ਤਾਂ ਜੋ ਰਾਸ਼ਨ ਖ਼ਰਾਬ ਨਾ ਹੋ ਸਕੇ।
ਚੇਅਰਮੈਨ ਨੇ ਸਿਵਲ ਸਰਜਨ ਨੂੰ ਹਦਾਇਤ ਕੀਤੀ ਕਿ ਸਾਰੇ ਸਰਕਾਰੀ ਸਕੂਲਾਂ ਵਿੱਚ ਮੈਡੀਕਲ ਚੈਕਅਪ ਕੈਂਪ ਨਿਰੰਤਰ ਲਗਾਏ ਜਾਣ ਅਤੇ ਸਕੂਲੀ ਬੱਚਿਆਂ ਦੀ ਸਿਹਤ ਦਾ ਖਾਸ ਧਿਆਨ ਰੱਖਿਆ ਜਾਵੇ। ਉਨ੍ਹਾਂ ਦੱਸਿਆ ਕਿ ਸਰਕਾਰ ਸਕੂਲੀ ਬੱਚਿਆਂ ਨੂੰ ਹੋਈ ਕਿਸੇ ਵੀ ਤਰ੍ਹਾਂ ਦੀ ਗੰਭੀਰ ਬਿਮਾਰੀ ਦਾ ਸਾਰਾ ਇਲਾਜ ਖੁਦ ਕਰਦੀ ਹੈ। ਮੀਟਿੰਗ ਦੌਰਾਨ ਸਿਵਲ ਸਰਜਨ ਡਾ. ਕਿਰਨਦੀਪ ਕੌਰ ਨੇ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਲਗਾਤਾਰ ਸਕੂਲੀ ਬੱਚਿਆਂ ਦਾ ਸਿਹਤ ਚੈਕਅੱਪ ਕਰਦੀਆਂ ਹਨ, ਜਿਸ ਵਿੱਚ 30 ਬਿਮਾਰੀਆਂ ਦਾ ਚੈਕਅਪ ਕੀਤਾ ਜਾਂਦਾ ਹੈ ਅਤੇ ਜੇ ਕਿਸੇ ਬੱਚੇ ਨੂੰ ਕੋਈ ਗੰਭੀਰ ਬਿਮਾਰੀ ਪਾਈ ਜਾਂਦੀ ਹੈ ਤਾਂ ਉਸ ਨੂੰ ਪੀਜੀਆਈ ਜਾਂ ਕਿਸੇ ਵੱਡੇ ਪ੍ਰਾਈਵੇਟ ਹਸਪਤਾਲ ਵਿੱਚ ਉਸਦਾ ਸਾਰਾ ਇਲਾਜ ਮੁਫ਼ਤ ਕਰਵਾਇਆ ਜਾਂਦਾ ਹੈ। ਪਿਛਲੇ ਸਾਲ ਦੌਰਾਨ ਲਗਪਗ 70 ਸਕੂਲੀ ਬੱਚਿਆਂ ਨੂੰ ਗੰਭੀਰ ਬਿਮਾਰੀ ਪਾਈ ਗਈ ਸੀ, ਜਿਨਾਂ ਦਾ ਇਲਾਜ ਸਰਕਾਰ ਵੱਲੋਂ ਮੁਫ਼ਤ ਕੀਤਾ ਗਿਆ ਹੈ। ਸਿਵਲ ਸਰਜਨ ਨੇ ਦੱਸਿਆ ਕਿ ਇਸੇ ਤਰ੍ਹਾਂ ਆਯੂਸ਼ਮਾਨ ਸਕੀਮ ਤਹਿਤ ਸਕੂਲ ਹੈਲਥ ਵੈਲਨੈੱਸ ਰਾਹੀਂ ਸਕੂਲੀ ਅਧਿਆਪਕਾਂ ਨੂੰ ਟ੍ਰੇਨਿੰਗ ਦੇ ਕੇ ਬੱਚਿਆਂ ਦਾ ਫਿਜ਼ੀਕਲ ਚੈਕਅਪ ਯਕੀਨੀ ਬਣਾਇਆ ਜਾ ਰਿਹਾ ਹੈ।
ਚੇਅਰਮੈਨ ਨੇ ਦੱਸਿਆ ਕਿ ਆਂਗਣਵਾੜੀ ਕੇਂਦਰਾਂ ਦੀਆਂ ਨਵੀਆਂ ਇਮਾਰਤਾਂ ਬਣਾਈਆਂ ਜਾ ਰਹੀਆਂ ਹਨ, ਜਿਥੇ ਬੱਚਿਆਂ ਨੂੰ ਸਾਰੀਆਂ ਸੁਵਿਧਾਵਾਂ ਮੁਹੱਈਆਂ ਹੋਣਗੀਆਂ। ਉਨਾਂ ਜ਼ਿਲ੍ਹਾ ਖੁਰਾਕ ਸਪਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਉਹ ਡਿਪੂਆਂ ਦੀ ਲਗਾਤਾਰ ਨਿਗਰਾਣੀ ਕਰਨ ਤਾਂ ਜੋ ਲਾਭਪਾਤਰੀਆਂ ਨੂੰ ਸਰਕਾਰ ਵੱਲੋਂ ਮੁਹੱਈਆ ਕਰਵਾਈ ਜਾਣ ਵਾਲੀ ਕਣਕ ਠੀਕ ਮਾਤਰਾ ਵਿੱਚ ਮਿਲ ਸਕੇ। ਜ਼ਿਲ੍ਹਾ ਕੰਟਰੋਲਰ ਖੁਰਾਕ ਸਿਵਲ ਸਪਲਾਈ ਵਰਿੰਦਰ ਕੁਮਾਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਕਰੀਬ 1800 ਡਿੱਪੂ ਹਨ ਅਤੇ 3 ਲੱਖ 66 ਹਜ਼ਾਰ ਕਾਰਡ ਹੋਲਡਰ ਦੇ ਕਰੀਬ 12 ਲੱਖ ਪਰਿਵਾਰਾਂ ਨੂੰ ਅਨਾਜ ਮੁਹੱਈਆ ਕੀਤਾ ਜਾਂਦਾ ਹੈ।
ਚੇਅਰਮੈਨ ਨੇ ਵਧੀਕ ਡਿਪਟੀ ਕਮਿਸ਼ਨਰ ਪੇਂਡੂ ਵਿਕਾਸ ਪਰਮਜੀਤ ਕੌਰ ਨੂੰ ਕਿਹਾ ਕਿ ਉਹ ਹਰ ਮਹੀਨੇ ਸਬੰਧਤ ਵਿਭਾਗਾਂ ਦੀ ਮੀਟਿੰਗ ਕਰਕੇ ਉਸਦੀ ਰਿਪੋਰਟ ਕਮਿਸ਼ਨ ਨੂੰ ਭੇਜਣ।