ਸਰਕਾਰ ਸਕੂਲਾਂ ਨੂੰ ਬਿਹਤਰੀਨ ਬਣਾਉਣ ਲਈ ਵਚਨਬੱਧ: ਧਾਲੀਵਾਲ
ਪੱਤਰ ਪ੍ਰੇਰਕ
ਚੇਤਨਪੁਰਾ, 15 ਅਪਰੈਲ
ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਅਜਨਾਲਾ ਹਲਕੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿਲ ਜੰਡਿਆਲਾ, ਸਰਕਾਰੀ ਹਾਈ ਸਕੂਲ ਚੇਤਨਪੁਰਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਗਤਪੁਰਾ, ਸਰਕਾਰੀ ਪ੍ਰਾਇਮਰੀ ਸਕੂਲ ਸੰਗਤਪੁਰਾ, ਸਰਕਾਰੀ ਪ੍ਰਾਇਮਰੀ ਸਕੂਲ ਮੱਝਪੁਰਾ, ਸਰਕਾਰੀ ਮਿਡਲ ਸਕੂਲ ਹਰਦੋਪੁਤਲੀ, ਸਰਕਾਰੀ ਪ੍ਰਾਇਮਰੀ ਸਕੂਲ ਹਰਦੋਪੁਤਲੀ ਆਦਿ ’ਚ ਵਿਕਾਸ ਕੰਮਾਂ ਦਾ ਉਦਘਾਟਨ ਕੀਤਾ। ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ’ਚ ਸਿੱਖਿਆ ਦੇ ਖੇਤਰ ਵਿੱਚ ਇਸੇ ਤਰ੍ਹਾਂ ਜੰਗੀ ਪੱਧਰ ’ਤੇ ਵਿਕਾਸ ਕਾਰਜ ਜਾਰੀ ਰਹਿਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਫੈਸਲੇ ਲਏ ਜਾ ਰਹੇ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਪਹਿਲੀ ਤਰਜੀਹ ਹੀ ਸਿੱਖਿਆ ਦੇ ਖੇਤਰ ’ਚ ਕ੍ਰਾਂਤੀਕਾਰੀ ਸੁਧਾਰ ਰਹੀ ਹੈ। ਪੰਜਾਬ ਦਾ ਸਿੱਖਿਆ ਢਾਂਚਾ ਤੇ ਸਰਕਾਰੀ ਸਕੂਲਾਂ ਦਾ ਬੁਨਿਆਦੀ ਵਿਕਾਸ ਕਰਵਾ ਕੇ ਹੁਣ ਸਰਕਾਰੀ ਸਕੂਲਾਂ ਨੂੰ ਪ੍ਰਾਇਵੇਟ ਮਾਡਲ ਤੇ ਕਾਨਵੈਂਟ ਸਕੂਲਾਂ ਦੇ ਮੁਕਾਬਲੇ ਵਾਲੇ ਸਕੂਲ ਬਣਾ ਕੇ ਵਿਦਿਆਰਥੀਆਂ ਨੂੰ ਮੁਕਾਬਲੇਬਾਜ਼ੀ ਦੇ ਦੌਰ ਵਿੱਚ ਸਮੇਂ ਦੇ ਹਾਣੀ ਬਣਾਇਆ ਗਿਆ ਹੈ ਤਾਂ ਜੋ ਉਨ੍ਹਾਂ ਦੀ ਛੁਪੀ ਪ੍ਰਤਿਭਾ ਨੂੰ ਹੋਰ ਨਿਖਾਰ ਮਿਲ ਸਕੇ।