ਸਹਿਮਤੀ ਤੋਂ ਬਿਨਾਂ ਇੰਚ ਭਰ ਜ਼ਮੀਨ ਐਕੁਆਇਰ ਨਹੀਂ ਹੋਣ ਦੇਆਂਗੇ: ਲੱਖੋਵਾਲ
ਗੁਰਿੰਦਰ ਸਿੰਘ
ਲੁਧਿਆਣਾ, 10 ਜੂਨ
ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨੇ ਭਗਵੰਤ ਮਾਨ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਭਾਰਤੀ ਕਿਸਾਨ ਯੂਨੀਅਨ ਕਿਸਾਨਾਂ ਦੀ ਸਹਿਮਤੀ ਤੋਂ ਬਿਨਾਂ ਇੱਕ ਇੰਚ ਵੀ ਜ਼ਮੀਨ ਐਕੁਆਇਰ ਨਹੀਂ ਹੋਣ ਦੇਵੇਗੀ। ਅੱਜ ਯੂਨੀਅਨ ਦੇ ਸਰਪ੍ਰਸਤ ਅਜਮੇਰ ਸਿੰਘ ਲੱਖੋਵਾਲ ਦੀ ਪ੍ਰਧਾਨਗੀ ਹੇਠ ਮੁੱਖ ਦਫ਼ਤਰ ਵਿੱਚ ਹੋਈ ਮੀਟਿੰਗ ਦੌਰਾਨ ਪੰਜਾਬ ਭਰ ਤੋਂ ਆਏ ਕਿਸਾਨ ਆਗੂਆਂ ਨੇ ਕਿਸਾਨੀ ਮੁੱਦਿਆਂ ਤੇ ਵਿਚਾਰ-ਵਟਾਂਦਰਾ ਕੀਤਾ।
ਮੀਟਿੰਗ ਬਾਰੇ ਅਵਤਾਰ ਸਿੰਘ ਮੇਹਲੋਂ ਤੇ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਨੇ ਦੱਸਿਆ ਪੰਜਾਬ ਸਰਕਾਰ ਨੂੰ ਕਿਸੇ ਵੀ ਸੂਰਤ ਵਿੱਚ ਪੰਜਾਬ ਦੀ ਜਰਖੇਜ਼ ਹਜ਼ਾਰਾਂ ਏਕੜ ਖੇਤੀਬਾੜੀ ਜ਼ਮੀਨ ਅੰਦਰ ਅਰਬਨ ਅਸਟੇਟ ਨਹੀਂ ਬਣਨ ਦਿੱਤਾ ਜਾਵੇਗਾ ਇਸ ਦੇ ਵਿਰੁੱਧ ਬੀਕੇਯੂ ਲੱਖੋਵਾਲ ਵੱਲੋਂ ਵੱਡੀ ਲੜਾਈ ਲੜੀ ਜਾਵੇਗੀ ਅਤੇ ਕਿਸੇ ਵੀ ਸੂਰਤ ਵਿੱਚ ਕਿਸਾਨਾਂ ਦੀ ਸਹਿਮਤੀ ਤੋਂ ਬਿਨਾਂ ਇੱਕ ਇੰਚ ਵੀ ਜ਼ਮੀਨ ਐਕੁਆਇਰ ਨਹੀਂ ਹੋਣ ਦਿੱਤੀ ਜਾਵੇਗੀ ਅਤੇ ਲੈਂਡ ਪੂਲਿੰਗ ਨੂੰ ਰੋਕਿਆ ਜਾਵੇਗਾ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਖੇਤੀਬਾੜੀ ਜ਼ਮੀਨ ਛੱਡ ਕੇ ਨਵੀਂ ਬੇਅਬਾਦ ਜਗ੍ਹਾ ਉੱਪਰ ਇਹੋ ਜਹੇ ਪ੍ਰਜੈਕਟ ਲਗਾਵੇ ਜਾਂ ਕਿਸਾਨ ਦੀ ਮਰਜ਼ੀ ਅਨੁਸਾਰ ਉਸ ਨੂੰ ਜ਼ਮੀਨ ਬਦਲੇ ਜ਼ਮੀਨ ਜਾਂ ਮਾਰਕੀਟ ਰੇਟ ਦੇ ਹਿਸਾਬ ਨਾਲ ਜ਼ਮੀਨ ਦਾ ਮੁਆਵਜ਼ਾ ਦਿੱਤਾ ਜਾਵੇ। ਮੀਟਿੰਗ ਦੌਰਾਨ ਇੱਕ ਮਤਾ ਪਾਸ ਕਰਕੇ ਕੇਂਦਰ ਸਰਕਾਰ ਵੱਲੋਂ ਝੋਨੇ ਸਮੇਤ ਦੂਜੀਆਂ ਫ਼ਸਲਾਂ ਦੇ ਭਾਅ ਵਿੱਚ ਕੀਤੇ ਤਿੰਨ ਫ਼ੀਸਦੀ ਵਾਧੇ ਨੂੰ ਮੁੱਢੋਂ ਹੀ ਰੱਦ ਕਰਦਿਆਂ ਫ਼ਸਲਾਂ ਦੇ ਭਾਅ ਸਵਾਮੀਨਾਥਨ ਦੀ ਰੀਪੋਰਟ ਮੁਤਾਬਿਕ ਤੈਅ ਕਰਨ ਦੀ ਮੰਗ ਕੀਤੀ ਗਈ।
ਉਨ੍ਹਾਂ ਭਾਰਤ ਮਾਲਾ ਪ੍ਰਜੈਕਿਟ ਅਧੀਨ ਸੜਕਾਂ ਬਣਾਉਣ ਲਈ ਐਕੁਆਇਰ ਕੀਤੀਆਂ ਪੰਜਾਬ ਦੀਆਂ ਜ਼ਮੀਨਾਂ ਦਾ ਮੁਆਵਜ਼ਾ ਤੁਰੰਤ ਕਿਸਾਨਾਂ ਨੂੰ ਦੇਖਣ ਦੀ ਮੰਗ ਵੀ ਕੀਤੀ।
ਇਸ ਤੋਂ ਪਹਿਲਾਂ ਮੀਟਿੰਗ ਨੂੰ ਸੰਬੋਧਨ ਕਰਦਿਆਂ ਪਰਸ਼ੋਤਮ ਸਿੰਘ ਗਿੱਲ ਤੇ ਹਰਮਿੰਦਰ ਸਿੰਘ ਖਹਿਰਾ ਨੇ ਕਿਹਾ ਕਿ ਕਿ ਪੰਜਾਬ ਦਾ ਧਰਤੀ ਹੇਠਲਾ ਪਾਣੀ ਦਿਨ ਪ੍ਰਤੀ ਦਿਨ ਘੱਟਦਾ ਜਾ ਰਿਹਾ ਹੈ ਜਦਕਿ ਪੰਜਾਬ ਦਾ ਲੱਖਾਂ ਕਿਊਬਿਕ ਪਾਣੀ ਰਾਜਸਥਾਨ ਤੇ ਹਰਿਆਣਾ ਬਿਨ੍ਹਾਂ ਕੋਈ ਰੋਇਲਟੀ ਦਿੱਤੇ ਵਰਤ ਰਹੇ ਹਨ। ਇਸ ਲਈ ਪੰਜਾਬ ਸਰਕਾਰ ਸਖ਼ਤੀ ਨਾਲ ਗੁਆਂਢੀ ਸੂਬਿਆਂ ਤੋਂ ਬਣਦੀ ਪਾਣੀ ਦੀ ਰੋਇਲਟੀ ਵਸੂਲੇ ਜਿਸ ਨਾਲ ਪੰਜਾਬ ਦਾ ਵਿਕਾਸ ਹੋ ਸਕੇ।
ਮੀਟਿੰਗ ਦੌਰਾਨ ਪਰਮਿੰਦਰ ਸਿੰਘ ਪਾਲਮਾਜ਼ਰਾ ਤੇ ਨਿਰਮਲ ਸਿੰਘ ਝੂੰਡੂਕੇ ਨੇ ਕਿਹਾ ਕਿ ਪੰਜਾਬ ਅੰਦਰ ਸ਼ੁਰੂ ਹੋ ਰਹੇ ਝੋਨੇ ਦਾ ਸੀਜ਼ਨ ਨੂੰ ਵੇਖਦਿਆਂ ਕੱਸੀਆਂ, ਸੂਇਆਂ ਤੇ ਟੇਲਾ ਦੀ ਸਫ਼ਾਈ ਤੁਰੰਤ ਕਰਵਾਕੇ ਬਿਜਲੀ ਦੀ ਸਪਲਾਈ ਵਿੱਚ ਵੀ ਸੁਧਾਰ ਕਰੇ। ਕਿਸਾਨ ਆਗੂਆਂ ਸਿਮਰਨਜੀਤ ਸਿੰਘ ਘੁੱਦੂਵਾਲਾ ਤੇ ਬਲਦੇਵ ਸਿੰਘ ਪੂਨੀਆਂ ਨੇ ਜੇਲ੍ਹਾਂ ਅੰਦਰ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖ ਕੈਦੀਆਂ ਨੂੰ ਤੁਰੰਤ ਰਿਹਾਅ ਕਰਨ ਦੀ ਮੰਗ ਵੀ ਕੀਤੀ। ਮੀਟਿੰਗ ਦੌਰਾਨ ਜੰਡ ਸਾਜਿਬ ਤੇ ਚਮਕੌਰ ਸਾਹਿਬ ਵਿਚਕਾਰ ਲੱਗ ਰਹੀ ਪੇਪਰ ਮਿੱਲ ਦਾ ਵਿਰੋਧ ਵੀ ਕੀਤਾ ਗਿਆ। ਮੀਟਿੰਗ ਵਿੱਚ ਮਨਜੀਤ ਸਿੰਘ ਢੀਡਸਾ, ਦਰਸ਼ਨ ਸਿੰਘ ਜਟਾਣਾ, ਦਵਿੰਦਰ ਸਿੰਘ, ਗਗਨਦੀਪ ਸਿੰਘ, ਭੁਪਿੰਦਰ ਸਿੰਘ ਦੌਲਤਪੁਰਾ, ਅਮਰੀਕ ਸਿੰਘ ਸਮੇਤ ਕਈ ਆਗੂ ਹਾਜ਼ਰ ਸਨ।