ਸ਼ਰਾਬ ਦੀਆਂ 48 ਬੋਤਲਾਂ ਬਰਾਮਦ
ਬਨੂੜ: ਥਾਣਾ ਬਨੂੜ ਦੀ ਪੁਲੀਸ ਨੇ 48 ਬੋਤਲਾਂ ਸ਼ਰਾਬ ਸਣੇ ਇੱਕ ਵਿਅਕਤੀ ਨੂੰ ਕਾਬੂ ਕਰ ਕੇ ਕੇਸ ਦਰਜ ਕੀਤਾ ਹੈ। ਥਾਣਾ ਮੁਖੀ ਇੰਸਪੈਕਟਰ ਗੁਰਸੇਵਕ ਸਿੰਘ ਨੇ ਦੱਸਿਆ ਕਿ ਏਐੱਸਆਈ ਮਹਿੰਦਰ ਸਿੰਘ ਦੀ ਅਗਵਾਈ ਹੇਠਲੀ ਪੁਲੀਸ ਪਾਰਟੀ ਵੱਲੋਂ ਜਲਾਲਪੁਰ ਟੀ-ਪੁਆਇੰਟ ਕੋਲ ਸ਼ੱਕੀ ਵਿਅਕਤੀ ਦੇ ਥੈਲੇ ਦੀ ਤਲਾਸ਼ੀ ਲਈ ਗਈ ਤਾਂ ਵਿਚੋਂ ਹਰਿਆਣਾ ਵਿੱਚ ਵੇਚੀ ਜਾ ਸਕਣ ਵਾਲੀ ਸ਼ਰਾਬ ਦੀਆਂ 48 ਬੋਤਲਾਂ ਬਰਾਮਦ ਹੋਈਆਂ। ਉਨ੍ਹਾਂ ਦੱਸਿਆ ਕਿ ਮੁਲਜ਼ਮ ਦੀ ਪਛਾਣ ਮਲਕੀਤ ਸਿੰਘ ਵਾਸੀ ਪਿੰਡ ਜਾਂਸਲੀ ਵਜੋਂ ਹੋਈ ਹੈ। -ਪੱਤਰ ਪ੍ਰੇਰਕ
ਨਾਬਾਲਗ ਵਰਗਲਾਉਣ ਦੇ ਦੋਸ਼ ਹੇਠ ਕੇਸ
ਬਨੂੜ: ਥਾਣਾ ਬਨੂੜ ਦੀ ਪੁਲੀਸ ਨੇ ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਘਰ ਤੋਂ ਭਜਾ ਕੇ ਲਿਜਾਣ ਵਾਲੇ ਨੌਜਵਾਨ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਥਾਣਾ ਮੁਖੀ ਇੰਸਪੈਕਟਰ ਗੁਰਸੇਵਕ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਸਬੰਧੀ ਨਾਬਾਲਗ ਦੇ ਪਿਤਾ ਦੇ ਬਿਆਨਾਂ ਉੱਤੇ ਦਲੇਰ ਸਿੰਘ ਵਾਸੀ ਪਿੰਡ ਦਾਦੂ ਮਾਜਰਾ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮਾਮਲੇ ਸਬੰਧੀ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ। -ਪੱਤਰ ਪ੍ਰੇਰਕ
ਢਾਈ ਸੌ ਗਰਾਮ ਗਾਂਜੇ ਸਣੇ ਕਾਬੂ
ਜ਼ੀਰਕਪੁਰ: ਥਾਣਾ ਢਕੌਲੀ ਪੁਲੀਸ ਨੇ ਨਾਕਾਬੰਦੀ ਦੌਰਾਨ ਰਾਹੁਲ ਵਾਸੀ ਪੰਚਕੂਲਾ ਨੂੰ ਕਾਬੂ ਕਰ ਕੇ ਜਦੋਂ ਸ਼ੱਕ ਦੇ ਆਧਾਰ ’ਤੇ ਤਲਾਸ਼ੀ ਲਈ ਤਾਂ ਉਸ ਕੋਲੋਂ 250 ਗਰਾਮ ਗਾਂਜਾ ਬਰਾਮਦ ਹੋਇਆ। ਉਸ ਖ਼ਿਲਾਫ਼ ਢਕੌਲੀ ਥਾਣੇ ਵਿੱਚ ਐੱਨਡੀਪੀਐੱਸ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਮੁਲਜ਼ਮ ਕੋਲੋਂ ਪੁੱਛ-ਪੜਤਾਲ ਕੀਤੀ ਜਾ ਰਹੀ ਹੈ। -ਨਿੱਜੀ ਪੱਤਰ ਪ੍ਰੇਰਕ
ਮੌਨਸੂਨ ਦੇ ਪ੍ਰਬੰਧਾਂ ’ਤੇ ਚਰਚਾ
ਪੰਚਕੂਲਾ: ਹਰਿਆਣਾ ਦੀ ਮੰਤਰੀ ਸ਼ਰੂਤੀ ਚੌਧਰੀ ਨੇ ਆਗਾਮੀ ਮੌਨਸੂਨ ਸੀਜ਼ਨ ਦੌਰਾਨ ਸੰਭਾਵਿਤ ਹੜ੍ਹਾਂ ਦੀ ਸਥਿਤੀ ਨਾਲ ਨਿਜੱਠਣ ਲਈ ਅਧਿਕਾਰੀਆਂ ਨੂੰ ਜ਼ਰੂਰੀ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਅਧਿਕਾਰੀ ਜ਼ਰੂਰੀ ਤਿਆਰੀਆਂ ਨੂੰ ਯਕੀਨੀ ਬਣਾਉਣ। ਮੰਤਰੀ ਨੇ ਕਿਹਾ ਕਿ ਕਿਸੇ ਵੀ ਹਾਲਤ ’ਚ ਪੀਣ ਵਾਲੇ ਪਾਣੀ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਹੜ੍ਹ ਕੰਟੋਰਲ ਨਾਲ ਸਬੰਧਤ ਕੰਮ ਦੀ ਵੰਡ ਦੀਆਂ ਸਾਰੀਆਂ ਯੋਜਨਾਵਾਂ ਨੂੰ ਸਮੇਂ ਸਿਰ ਪੂਰਾ ਕੀਤਾ ਜਾਵੇ। ਮੰਤਰੀ ਚੌਧਰੀ ਨੇ ਸੋਮਵਾਰ ਨੂੰ ਚੰਡੀਗੜ੍ਹ ਵਿੱਚ ਮੌਨਸੂਨ ਕਾਰਨ ਪੈਦਾ ਹੋਣ ਵਾਲੀਆਂ ਦਿੱਕਤਾਂ ਨਾਲ ਨਜਿੱਠਣ ਲਈ ਸਿੰਜਾਈ ਵਿਭਾਗ ਅਤੇ ਪਬਲਿਕ ਹੈਲਥ ਵਿਭਾਗ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ। -ਪੱਤਰ ਪ੍ਰੇਰਕ