ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਹਿਜ ਪਾਠਾਂ ਦੀ ਸ਼ੁਰੂਆਤ
ਪੱਤਰ ਪ੍ਰੇਰਕ
ਨਵੀਂ ਦਿੱਲੀ, 15 ਅਪਰੈਲ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਤੇਗ਼ ਬਹਾਦਰ ਜੀ ਅਤੇ ਉਨ੍ਹਾਂ ਨਾਲ ਸ਼ਹੀਦ ਹੋਏ ਭਾਈ ਮਤੀ ਦਾਸ, ਭਾਈ ਸਤੀ ਦਾਸ ਤੇ ਭਾਈ ਦਿਆਲਾ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰੂ ਗ੍ਰੰਥ ਸਾਹਿਬ ਜੀ ਦੇ ਸਹਿਜ ਪਾਠਾਂ ਦੀ ਲੜੀ ਅੱਜ ਇਥੇ ਭਾਈ ਲੱਖੀ ਸ਼ਾਹ ਵਣਜਾਰਾ ਹਾਲ ਗੁਰਦੁਆਰਾ ਰਕਾਬਗੰਜ ਸਾਹਿਬ ਕੰਪਲੈਕਸ ਵਿੱਚ ਸ਼ੁਰੂ ਹੋ ਗਈ।
ਇਸ ਮੌਕੇ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ, ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ, ਧਰਮ ਪ੍ਰਚਾਰ ਕਮੇਟੀ ਦੇ ਮੁਖੀ ਜਸਪ੍ਰੀਤ ਸਿੰਘ ਕਰਮਸਰ ਅਤੇ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਹਾਜ਼ਰ ਸਨ। ਸਮਾਗਮ ਨੂੰ ਸੰਬੋਧਨ ਕਰਦਿਆਂ ਹਰਮੀਤ ਸਿੰਘ ਕਾਲਕਾ, ਜਗਦੀਪ ਸਿੰਘ ਕਾਹਲੋਂ ਤੇ ਜਸਪ੍ਰੀਤ ਸਿੰਘ ਕਰਮਸਰ ਨੇ ਕਿਹਾ ਕਿ ਉਨ੍ਹਾਂ ਨੂੰ ਬਹੁਤ ਖੁਸ਼ੀ ਹੈ ਕਿ ਅੱਜ ਭਾਰੀ ਗਿਣਤੀ ਵਿੱਚ ਸੰਗਤ ਇੱਥੇ ਸਹਿਜ ਪਾਠ ਦੀ ਆਰੰਭਤਾ ਮੌਕੇ ਹਾਜ਼ਰ ਹੋਈ ਹੈ। ਉਨ੍ਹਾਂ ਦੱਸਿਆ ਕਿ 25 ਨਵੰਬਰ ਨੂੰ ਸ਼ਹਾਦਤ ਦੇ 350ਵੇਂ ਦਿਹਾੜੇ ਮੌਕੇ ਇਸ ਸਹਿਜ ਪਾਠ ਦੀ ਸਮਾਪਤੀ ਉਸੇ ਲਾਲ ਕਿਲ੍ਹੇ ’ਤੇ ਹੋਵੇਗੀ ਜਿਸ ਲਾਲ ਕਿਲ੍ਹੇ ’ਤੇ ਗੁਰੂ ਸਾਹਿਬ ਨੂੰ ਸ਼ਹੀਦ ਕੀਤਾ ਗਿਆ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਹੈ ਕਿ ਜਿਹੜੀਆਂ ਸੰਗਤਾਂ ਨੂੰ ਪਾਠਾਂ ਲਈ ਸੈਂਚੀਆਂ ਦੀ ਜ਼ਰੂਰਤ ਹੈ, ਉਹ ਆਪੋ ਆਪਣੀ ਰਜਿਸਟਰੇਸ਼ਨ ਦਿੱਲੀ ਗੁਰਦੁਆਰਾ ਕਮੇਟੀ ਕੋਲ ਕਰਵਾਉਣ ਤਾਂ ਜੋ ਸੈਂਚੀਆਂ ਦਾ ਦੂਜਾ ਭਾਗ ਸੰਗਤਾਂ ਦੇ ਕੋਲ ਪਹੁੰਚਾਇਆ ਜਾ ਸਕੇ। ਉਨ੍ਹਾਂ ਸੰਗਤ ਨੂੰ ਇਹ ਵੀ ਅਪੀਲ ਕੀਤੀ ਕਿ 18 ਅਪਰੈਲ ਨੂੰ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ’ਤੇ ਗੁਰਦੁਆਰਾ ਸੀਸਗੰਜ ਸਾਹਿਬ ਵਿਚ ਦੁਪਹਿਰ 3 ਵਜੇ ਤੋਂ ਦੇਰ ਰਾਤ ਤੱਕ ਰੂਹਾਨੀ ਕੀਰਤਨ ਦਰਬਾਰ ਸਜਾਏ ਜਾਣਗੇ। ਇੰਝ ਹੀ 19 ਅਤੇ 20 ਅਪਰੈਲ ਨੂੰ ਦਿੱਲੀ ਫ਼ਤਹਿ ਦਿਵਸ ਮਨਾਇਆ ਜਾਵੇਗਾ।