ਸ਼ਹੀਦੀ ਸ਼ਤਾਬਦੀ ਮਨਾਉਣ ਲਈ ਤਿਆਰੀਆਂ ਸ਼ੁਰੂ
ਪੱਤਰ ਪ੍ਰੇਰਕ
ਦੇਵੀਗੜ੍ਹ, 4 ਜੂਨ
ਯੂਨੀਵਰਸਿਟੀ ਕਾਲਜ ਮੀਰਾਂਪੁਰ ਅਤੇ ਗੁਰਮਤਿ ਕਾਲਜ ਪਟਿਆਲਾ ਵੱਲੋਂ ਮਿਲ ਕੇ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਵਸ ਨੂੰ ਸਮਰਪਿਤ ਵਿਸ਼ੇਸ਼ ਸ਼ਤਾਬਦੀ ਸਮਾਗਮ ਕਰਵਾਇਆ ਜਾਵੇਗਾ। ਇਸ ਸਬੰਧੀ ਦੋਵਾਂ ਕਾਲਜਾਂ ਦੇ ਪ੍ਰਿੰਸੀਪਲਾਂ ਵਿਚਾਲੇ ਯੂਨੀਵਰਸਿਟੀ ਕਾਲਜ ਮੀਰਾਂਪੁਰ ਵਿੱਚ ਚਰਚਾ ਕੀਤੀ ਗਈ, ਜਿਸ ਵਿੱਚ ਸਮਝੌਤਾ ਕੀਤਾ ਗਿਆ। ਇਸ ਮੌਕੇ ਯੂਨੀਵਰਸਿਟੀ ਕਾਲਜ ਮੀਰਾਂਪੁਰ ਦੀ ਇੰਚਾਰਜ ਡਾ. ਮਨਪ੍ਰੀਤ ਕੌਰ ਸੋਢੀ ਨੇ ਕਿਹਾ ਕਿ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਮਨੁੱਖਤਾ ਦੀ ਰੱਖਿਆ ਲਈ ਸੀ ਅਤੇ ਇਸ ਸੰਦੇਸ਼ ਨੂੰ ਨੌਜਵਾਨ ਪੀੜ੍ਹੀ ਤੱਕ ਪਹੁੰਚਾਉਣਾ ਜ਼ਰੂਰੀ ਹੈ। ਪ੍ਰਿੰਸੀਪਲ ਡਾ. ਜਸਬੀਰ ਕੌਰ ਨੇ ਕਿਹਾ ਕਿ ਇਹ ਸ਼ਤਾਬਦੀ ਸਮਾਗਮ ਨਾ ਸਿਰਫ ਇਤਿਹਾਸਕ ਪ੍ਰੇਰਣਾ ਦਾ ਸਰੋਤ ਹੋਵੇਗਾ ਸਗੋਂ ਇਹ ਇਕ ਅਜਿਹਾ ਮੰਚ ਵੀ ਬਣੇਗਾ ਜਿੱਥੇ ਧਾਰਮਿਕ, ਸਿੱਖਿਆਤਮਕ ਅਤੇ ਅਕਾਦਮਿਕ ਚਿੰਤਕ ਇਕੱਠੇ ਹੋ ਕੇ ਨਵੀਂ ਸਿਰਜਣਾ ਕਰਨਗੇ। ਇਸ ਮੌਕੇ ਅਸਿਸਟੈਂਟ ਪ੍ਰੋਫੈਸਰ ਤੇ ਧਰਮ ਅਧਿਐਨ ਮੰਚ ਦੇ ਕਨਵੀਨਰ ਡਾ. ਤੇਜਿੰਦਰ ਪਾਲ ਸਿੰਘ ਨੇ ਦੱਸਿਆ ਕਿ ਸਮਾਗਮ ਦੀ ਤਰੀਕ, ਥਾਂ ਅਤੇ ਵਿਸਥਾਰਤ ਕਾਰਜਕ੍ਰਮ ਜਲਦੀ ਹੀ ਜਾਰੀ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਦੋਵਾਂ ਕਾਲਜਾਂ ਵੱਲੋਂ ਕਰਵਾਏ ਜਾ ਰਹੇ ਇਸ ਮੌਕੇ ਡਾ. ਅਸਪ੍ਰੀਤ ਕੌਰ ਅਤੇ ਅਸਿਸਟੈਂਟ ਪ੍ਰੋਫੈਸਰ ਹਰਦੀਪ ਸਿੰਘ ਹਾਜ਼ਰ ਸਨ।