ਅਕਲੀਆ ’ਚ ਸ਼ਹੀਦ ਅਗਨੀਵੀਰ ਲਵਪ੍ਰੀਤ ਸਿੰਘ ਨੂੰ ਸ਼ਰਧਾਂਜਲੀਆਂ
ਸ਼ੰਗਾਰਾ ਸਿੰਘ ਅਕਲੀਆ
ਜੋਗਾ, 2 ਫਰਵਰੀ
ਜੰਮੂ ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ’ਚ ਬੀਤੇ ਦਿਨੀਂ ਸ਼ਹੀਦ ਹੋਏ ਲਵਪ੍ਰੀਤ ਸਿੰਘ ਨਮਿਤ ਸ਼ਰਧਾਂਜਲੀ ਸਮਾਗਮ ਤੇ ਅੰਤਿਮ ਅਰਦਾਸ ਗੁਰਦੁਆਰਾ ਪਿੱਪਲਸਰ ਅਕਲੀਆ ਵਿੱਚ ਹੋਈ। ਇਸ ਦੌਰਾਨ ਸ਼ਹਿਰ ਦੀਆਂ ਸਾਹਿਤਕ, ਧਾਰਮਿਕ, ਰਾਜਸੀ ਤੇ ਸੰਘਰਸਸ਼ੀਲ ਜਥੇਬੰਧੀਆਂ ਦੇ ਆਗੂਆਂ ਸਮੇਤ ਪੱਤਰਕਾਰ ਭਾਈਚਾਰੇ ਨੇ ਵੀ ਸ਼ਮੂਲੀਅਤ ਕੀਤੀ। ਸਾਬਕਾ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆਂ ਨੇ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਸ਼ਹੀਦ ਲਵਪ੍ਰੀਤ ਸਿੰਘ ਦੇ ਇਸ ਫਾਨੀ ਸੰਸਾਰ ਤੋਂ ਚਲੇ ਜਾਣ ਨਾਲ, ਜਿੱਥੇ ਉਨ੍ਹਾਂ ਦੇ ਪਰਿਵਾਰ, ਦੋਸਤਾਂ-ਮਿੱਤਰਾਂ ਅਤੇ ਸਨੇਹੀਆਂ ਨੂੰ ਅਸਹਿ ਘਾਟਾ ਪਿਆ ਹੈ, ਉਥੇ ਦੇਸ਼ ਦੀ ਫੌਜ ਵੀ ਉਨ੍ਹਾਂ ਦੀਆਂ ਸੇਵਾਵਾਂ ਤੋਂ ਵਾਂਝੀ ਹੋ ਗਈ ਹੈ। ਜ਼ਿਕਰਯੋਗ ਹੈ ਕਿ ਅਗਨੀਵੀਰ ਸ਼ਹੀਦ ਲਵਪ੍ਰੀਤ ਸਿੰੰਘ ਨੂੰ 21 ਜਨਵਰੀ 2025 ਨੂੰ ਜੰਮੂ ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ’ਚ ਅਤਿਵਾਦੀਆਂ ਵੱਲੋਂ ਗੋਲੀਆਂ ਮਾਰ ਕੇ ਸ਼ਹੀਦ ਕਰ ਦਿੱਤਾ ਗਿਆ ਸੀ। ਇਸ ਮੌਕੇ ਉਮੀਦ ਸੇਵਾ ਸੁਸਾਇਟੀ ਅਕਲੀਆ ਵੱਲੋਂ ਸ਼ਹੀਦ ਲਵਪ੍ਰੀਤ ਸਿੰਘ ਦੀ ਯਾਦ ਨੂੰ ਸਮਰਪਿਤ ਖੁਨਦਾਨ ਕੈਂਪ ਵੀ ਲਾਇਆ ਗਿਆ।
ਹਲਕਾ ਮਾਨਸਾ ਤੋਂ ਵਿਧਾਇਕ ਵਿਜੈ ਸਿੰਗਲਾ ਨੇ ਕਿਹਾ ਕਿ ਦੇਸ਼ ਲਈ ਕੁਰਬਾਨ ਹੋਏ ਸ਼ਹੀਦਾਂ ਦੀਆਂ ਲਾਸਾਨੀ ਕੁਰਬਾਨੀਆਂ ਨੂੰ ਕਦੇ ਵੀ ਨਹੀਂ ਭੁਲਾਇਆ ਜਾ ਸਕਦਾ। ਵਿਧਾਇਕ ਸਿੰਗਲਾ ਨੇ ਕਿਹਾ ਕਿ ਸ਼ਹੀਦ ਦੇ ਪਰਿਵਾਰ ਨੂੰ ਪੰਜਾਬ ਸਰਕਾਰ ਵੱਲੋਂ ਵਿੱਤੀ ਸਹਾਇਤਾਂ ਵਜੋਂ ਇੱਕ ਕਰੋੜ ਰੁਪਏ ਦਾ ਚੈੱਕ ਆਉਣ ਵਾਲੀ 15 ਫਰਵਰੀ ਤੋਂ ਪਹਿਲਾਂ-ਪਹਿਲਾਂ ਦਿੱਤਾ ਜਾਵੇਗਾ। ਦੂਜੇ ਪਾਸੇ ਜ਼ਿਲ੍ਹਾ ਰੱਖਿਆਂ ਸੇਵਾਵਾਂ ਭਲਾਈ (ਦਫ਼ਤਰ) ਮਾਨਸਾ ਸੁਪਰਡੈਂਟ ਸੂਬੇਦਰ ਪਰਮਜੀਤ ਸਿੰਘ ਵੱਲੋਂ ਸ਼ਹੀਦ ਲਵਪ੍ਰੀਤ ਸਿੰਘ ਦੇ ਪਰਿਵਾਰ ਨੂੰ ਇੱਕ ਲੱਖ ਰੁਪਏ ਦਾ ਚੈੱਕ ਦਿੱਤਾ ਗਿਆ। ਇਸ ਮੌਕੇ ਪ੍ਰੇਮ ਕੁਮਾਰ ਅਰੋੜਾ, ਗੁਰਪ੍ਰੀਤ ਸਿੰਘ ਝੱਬਰ, ਜਨਕ ਰਾਜ ਸਿੰਗਲਾ, ਸਰਪੰਚ ਜਸਵੀਰ ਸਿੰਘ ਅਕਲੀਆ ਨੇ ਵੀ ਸ਼ਰਧਾਂਜਲੀ ਭੇਟ ਕੀਤੀ।