ਸ਼੍ਰੋਮਣੀ ਕਮੇਟੀ ਨੇ ਮੀਰੀ-ਪੀਰੀ ਦਿਵਸ ਮਨਾਇਆ
ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 5 ਜੁਲਾਈ
ਛੇਵੇਂ ਪਾਤਸ਼ਾਹ ਗੁਰੂ ਹਰਿਗੋਬਿੰਦ ਸਾਹਿਬ ਨੂੰ ਸਮਰਪਿਤ ਮੀਰੀ-ਪੀਰੀ ਦਿਵਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅਕਾਲ ਤਖ਼ਤ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ। ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਸੰਗਤ ਨੂੰ ਮੀਰੀ-ਪੀਰੀ ਦਿਵਸ ਦੀ ਵਧਾਈ ਦਿੰਦਿਆਂ ਅਪੀਲ ਕੀਤੀ ਕਿ ਉਹ ਇੱਕ ਸਾਂਝੇ ਪਰਿਵਾਰ ਵਾਂਗ ਵਿਚਰਦਿਆਂ ਗੁਰੂ ਸਾਹਿਬ ਦੇ ਸਿਧਾਂਤ ਨੂੰ ਆਪਣੇ ਜੀਵਨ ਵਿੱਚ ਅਪਣਾਉਣ।
ਇਸ ਸਬੰਧੀ ਅਖੰਡ ਪਾਠ ਦੇ ਭੋਗ ਮਗਰੋਂ ਸੱਚਖੰਡ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਦਾ ਕੀਰਤਨ ਕੀਤਾ ਅਤੇ ਅਰਦਾਸ ਉਪਰੰਤ ਸੰਗਤ ਨੂੰ ਪਾਵਨ ਹੁਕਮਨਾਮਾ ਅਕਾਲ ਤਖਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਗੁਰਮੁੱਖ ਸਿੰਘ ਨੇ ਸਰਵਣ ਕਰਵਾਇਆ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਵੀ ਸ਼ਮੂਲੀਅਤ ਕੀਤੀ। ਐਡਵੋਕੇਟ ਧਾਮੀ ਨੇ ਵੀ ਸਿੱਖ ਸੰਗਤ ਨੂੰ ਮੀਰੀ-ਪੀਰੀ ਦਿਵਸ ਦੀ ਵਧਾਈ ਦਿੱਤੀ। ਇਸ ਮੌਕੇ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀਆਂ ਮੀਰੀ-ਪੀਰੀ ਦੀਆਂ ਕਿਰਪਾਨਾਂ ਦੇ ਸੰਗਤ ਨੂੰ ਦਰਸ਼ਨ ਵੀ ਕਰਵਾਏ ਗਏ।
ਇਸ ਮੌਕੇ ਸੱਚਖੰਡ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਕੇਵਲ ਸਿੰਘ, ਅਕਾਲ ਤਖਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਗੁਰਮੁੱਖ ਸਿੰਘ, ਗਿਆਨੀ ਮਲਕੀਤ ਸਿੰਘ, ਸ਼੍ਰੋਮਣੀ ਕਮੇਟੀ ਸਕੱਤਰ ਪ੍ਰਤਾਪ ਸਿੰਘ, ਵਧੀਕ ਸਕੱਤਰ ਬਿਜੈ ਸਿੰਘ, ਪ੍ਰੀਤਪਾਲ ਸਿੰਘ, ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਭਗਵੰਤ ਸਿੰਘ ਧੰਗੇੜਾ ਹਾਜ਼ਰ ਸਨ।