ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਨੇ ਸਰਬੱਤ ਦੇ ਭਲੇ ਲਈ ਅਖੰਡ ਪਾਠ ਕਰਵਾਇਆ
ਟ੍ਰਿਬਿਊਨ ਨਿਉਜ ਸਰਵਿਸ
ਅੰਮ੍ਰਿਤਸਰ, 10 ਜੂਨ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਮੂਹ ਮੁਲਾਜ਼ਮਾਂ ਵੱਲੋਂ ਸਿੱਖ ਪੰਥ ਦੀ ਚੜ੍ਹਦੀ ਕਲਾ ਤੇ ਸਰਬੱਤ ਦੇ ਭਲੇ ਲਈ ਹਰਿਮੰਦਰ ਸਾਹਿਬ ਸਮੂਹ ਵਿਖੇ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਸੁਰਜੀਤ ਸਿੰਘ ਭਿੱਟੇਵੱਡ, ਗੁਰਮੀਤ ਸਿੰਘ ਬੂਹ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ।
ਭੋਗ ਮਗਰੋਂ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਵੱਲੋਂ ਗੁਰਬਾਣੀ ਦਾ ਕੀਰਤਨ ਕੀਤਾ ਗਿਆ। ਅਰਦਾਸ ਭਾਈ ਬਲਵਿੰਦਰ ਸਿੰਘ ਨੇ ਕੀਤੀ ਤੇ ਪਾਵਨ ਹੁਕਮਨਾਮਾ ਗਿਆਨੀ ਕੇਵਲ ਸਿੰਘ ਨੇ ਸਰਵਣ ਕਰਵਾਇਆ।
ਇਸੇ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਹ ਸਮਾਗਮ ਸਿੱਖ ਪੰਥ ਦੀ ਮਜ਼ਬੂਤੀ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਨੂੰ ਸਮਰਪਿਤ ਸੀ। ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਤੇ ਮੁਲਾਜ਼ਮਾਂ ਵੱਲੋਂ ਅਖੰਡ ਪਾਠ ਦੇ ਭੋਗ ਪਾ ਕੇ ਅਰਦਾਸ ਕੀਤੀ ਕਿ ਸਿੱਖ ਪੰਥ ਸਦਾ ਚੜ੍ਹਦੀ ਕਲਾ ਵਿਚ ਰਹੇ। ਉਨ੍ਹਾਂ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਅਤੇ ਸਮਰਪਨ ਭਾਵ ਨਾਲ ਸੇਵਾ ਕਰਨ ਦੀ ਪ੍ਰੇਰਨਾ ਕੀਤੀ।