ਜਸਬੀਰ ਸਿੰਘ ਚਾਨਾਕਪੂਰਥਲਾ, 7 ਜੂਨਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੇ ਖੇਤੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਤੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਦੇ ਨਾਲ-ਨਾਲ ਕਿਸਾਨਾਂ ਨੂੰ ਆਰਥਿਕ ਪੱਖੋਂ ਹੋਰ ਮਜ਼ਬੂਤ ਕਰਨ ਲਈ ਕਪੂਰਥਲਾ ਜ਼ਿਲ੍ਹੇ ’ਚ ਸਾਉਣੀ ਦੀ ਮੱਕੀ ਦੀ ਕਾਸ਼ਤ ਲਈ ਪਾਇਲਟ ਪ੍ਰਾਜੈਕਟ ਸ਼ੁਰੂ ਕੀਤਾ ਹੈ। ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਜ਼ਿਲ੍ਹੇ ਵਿਚ ਝੋਨੇ ਹੇਠ ਰਕਬੇ ਨੂੰ ਘਟਾ ਕੇ ਮੱਕੀ ਹੇਠ ਲਿਆਉਣ ਲਈ ਪਾਇਲਟ ਪ੍ਰਾਜੈਕਟ ਸ਼ੁਰੂ ਕੀਤਾ ਗਿਆ ਹੈ। ਪ੍ਰਾਜੈਕਟ ਤਹਿਤ ਝੋਨੇ ਦੀ ਬਦਲ ਵਜੋਂ ਸਾਉਣੀ ਮੱਕੀ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਨੂੰ 17500 ਰੁਪਏ ਪ੍ਰਤੀ ਹੈਕਟੇਅਰ ਪ੍ਰੋਤਸਾਹਨ ਰਾਸ਼ੀ ਵਜੋਂ ਦਿੱਤੀ ਜਾਵੇਗੀ ਤੇ ਮੱਕੀ ਦੀ ਖਰੀਦ ਵੀ ਐੱਮਐੱਸਪੀ ’ਤੇ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਬਜਾਏ ਸਾਉਣੀ ਮੱਕੀ ਦੀ ਫ਼ਸਲ ਬੀਜਣ ਨੂੰ ਪਹਿਲ ਦੇਣ, ਜਿਸ ਨਾਲ ਨਾ ਸਿਰਫ਼ ਫਸਲੀ ਵਿਭਿੰਨਤਾ ਹੋਵੇਗੀ ਸਗੋਂ ਧਰਤ ਹੇਠਲੇ ਪਾਣੀ ਨੂੰ ਵੀ ਬਚਾਇਆ ਜਾ ਸਕੇਗਾ। ਮੁੱਖ ਖੇਤੀਬਾੜੀ ਅਫ਼ਸਰ ਐੱਚਪੀਐੱਸ ਭਰੋਤ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਪਾਇਲਟ ਪ੍ਰਾਜੈਕਟ ਅਧੀਨ ਜ਼ਿਲ੍ਹਾ ਕਪੂਰਥਲਾ ’ਚ 1500 ਹੈਕਟੇਅਰ ਝੋਨੇ ਵਾਲੇ ਰਕਬੇ ’ਚ ਮੱਕੀ ਦੀ ਖੇਤੀ ਕਰਵਾਉਣ ਦਾ ਟੀਚਾ ਮਿੱਥਿਆ ਗਿਆ ਹੈ।