ਸਿਰ ’ਤੇ ਪੱਥਰ ਮਾਰ ਕੇ ਨੌਜਵਾਨ ਦਾ ਕਤਲ
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 14 ਅਪਰੈਲ
ਇੱਥੋਂ ਦੇ ਸੈਕਟਰ-54 ਵਿੱਚ ਇਕ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ ਹੈ। ਇਸ ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਘਟਨਾ ਦੀ ਜਾਣਕਾਰੀ ਮਿਲਣ ’ਤੇ ਥਾਣਾ ਸੈਕਟਰ-39 ਦੀ ਪੁਲੀਸ ਨੇ ਘਟਨਾ ਸਥਾਨ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸਵੇਰ ਸਮੇਂ ਸੈਕਟਰ-54 ਵਿੱਚ ਸਥਿਤ ਸਰਕਾਰੀ ਸਕੂਲ ਦੇ ਸਾਹਮਣੇ ਜੰਗਲੀ ਇਲਾਕੇ ਵਿੱਚੋਂ ਇਕ ਨੌਜਵਾਨ ਦੀ ਲਾਸ਼ ਮਿਲੀ ਹੈ। ਕਿਸੇ ਨੇ ਨੌਜਵਾਨ ਦੇ ਸਿਰ ’ਤੇ ਪੱਥਰ ਮਾਰ ਕੇ ਉਸ ਦਾ ਕਥਿਤ ਤੌਰ ’ਤੇ ਕਤਲ ਕੀਤਾ ਹੈ। ਹਾਲਾਂਕਿ ਮੁੱਢਲੀ ਜਾਂਚ ਦੌਰਾਨ ਮ੍ਰਿਤਕ ਦੀ ਸ਼ਨਾਖ਼ਤ ਨਹੀਂ ਹੋ ਸਕੀ ਹੈ। ਉੱਧਰ, ਇਸ ਬਾਰੇ ਜਾਣਕਾਰੀ ਮਿਲਦਿਆਂ ਹੀ ਥਾਣਾ ਸੈਕਟਰ-39 ਦੀ ਪੁਲੀਸ ਨੇ ਘਟਨਾ ਸਥਾਨ ’ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਹੈ। ਪੁਲੀਸ ਨੇ ਲਾਸ਼ ਨੂੰ ਸੈਕਟਰ-16 ਦੇ ਸਰਕਾਰੀ ਹਸਪਤਾਲ ਵਿੱਚ ਪੋਸਟਮਾਰਟਮ ਲਈ ਰਖਵਾ ਦਿੱਤਾ ਹੈ।
ਥਾਣਾ ਸੈਕਟਰ-39 ਦੀ ਪੁਲੀਸ ਨੇ ਇਸ ਮਾਮਲੇ ਸਬੰਧੀ ਅਣਪਛਾਤਿਆਂ ਵਿਰੁੱਧ ਕਤਲ ਦਾ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲੀਸ ਵੱਲੋਂ ਮੁੱਢਲੀ ਜਾਂਚ ਦੌਰਾਨ ਘਟਨਾ ਵਾਲੀ ਥਾਂ ਦੇ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੇਖੀ ਜਾ ਰਹੀ ਹੈ। ਇਸ ਤੋਂ ਇਲਾਵਾ ਇਲਾਕੇ ਦੇ ਮੋਬਾਈਲ ਡੰਪ ਦੇ ਆਧਾਰ ’ਤੇ ਵੀ ਜਾਂਚ ਕੀਤੀ ਜਾ ਰਹੀ ਹੈ। ਥਾਣਾ ਸੈਕਟਰ-39 ਦੀ ਪੁਲੀਸ ਨੇ ਕਿਹਾ ਕਿ ਹਾਲੇ ਤੱਕ ਹਮਲਾਵਰ ਦਾ ਪਤਾ ਨਹੀਂ ਲੱਗ ਸਕਿਆ ਹੈ ਅਤੇ ਨਾ ਹੀ ਮ੍ਰਿਤਕ ਦੀ ਪਛਾਣ ਹੋ ਸਕੀ ਹੈ। ਉਨ੍ਹਾਂ ਕਿਹਾ ਕਿ ਪੁਲੀਸ ਵੱਲੋਂ ਮ੍ਰਿਤਕ ਦੀ ਸ਼ਨਾਖ਼ਤ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਕਾਤਲ ਦਾ ਪਤਾ ਲਗਾਉਣ ਲਈ ਵੀ ਜਾਂਚ ਜਾਰੀ ਹੈ।