ਸਿਵਲ ਸਰਜਨ ਵੱਲੋਂ ਅਰੋਗਿਆ ਕੇਂਦਰਾਂ ਦਾ ਦੌਰਾ
ਪੱਤਰ ਪ੍ਰੇਰਕ
ਹੁਸ਼ਿਆਰਪੁਰ, 12 ਮਾਰਚ
ਸਿਵਲ ਸਰਜਨ ਡਾ. ਪਵਨ ਕੁਮਾਰ ਸ਼ਗੋਤਰਾ ਨੇ ਹੁਸ਼ਿਆਰਪੁਰ ਦੇ ਅਰਬਨ ਆਯੂਸ਼ਮਾਨ ਆਰੋਗਿਆ ਕੇਂਦਰ ਫ਼ਾਇਰ ਬ੍ਰਿਗੇਡ ਦਫ਼ਤਰ, ਆਯੂਸ਼ਮਾਨ ਅਰੋਗਿਆ ਕੇਂਦਰ ਸ਼ਿਮਲਾ ਪਹਾੜੀ ਚੌਕ, ਆਯੂਸ਼ਮਾਨ ਆਰੋਗਿਆ ਕੇਂਦਰ ਡਰੇਨੇਜ ਦਫ਼ਤਰ ਮਾਤਾ ਰਾਣੀ ਚੌਕ, ਆਯੂਸ਼ਮਾਨ ਆਰੋਗਿਆ ਕੇਂਦਰ ਨਲੋਈਆਂ ਚੌਕ ਅਤੇ ਆਯੂਸ਼ਮਾਨ ਆਰੋਗਿਆ ਕੇਂਦਰ ਕਨਾਲ ਕਲੋਨੀ ਦਾ ਅਚਨਚੇਤ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਇਨ੍ਹਾਂ ਕੇਂਦਰਾਂ ’ਚ ਡਿਊਟੀ ’ਤੇ ਤਾਇਨਾਤ ਸਟਾਫ਼ ਦੀ ਹਾਜ਼ਰੀ ਚੈਕ ਕੀਤੀ ਅਤੇ ਸਭ ਨੂੰ ਸਮੇਂ ਦੇ ਪਾਬੰਦ ਹੋਣ ਦੀ ਹਦਾਇਤ ਕੀਤੀ। ਉਨ੍ਹਾਂ ਨੇ ਵੱਲੋਂ ਮਰੀਜ਼ਾਂ ਦਾ ਰਿਕਾਰਡ, ਆਨਲਾਈਨ ਕੀਤੀ ਜਾ ਰਹੀ ਓਪੀਡੀ, ਦਵਾਈਆਂ ਦਾ ਸਟਾਕ ਅਤੇ ਸਾਫ਼ ਸਫ਼ਾਈ ਦਾ ਜਾਇਜ਼ਾ ਲਿਆ। ਡਾ. ਸ਼ਗੋਤਰਾ ਨੇ ਸਟਾਫ਼ ਨੂੰ ਕੰਮਕਾਜ ਅਤੇ ਮਰੀਜ਼ਾਂ ਦਾ ਰਿਕਾਰਡ ਸਹੀ ਢੰਗ ਨਾਲ ਮੇਨਟੇਨ ਰੱਖਣ ਲਈ ਕਿਹਾ। ਉਨ੍ਹਾਂ ਫ਼ਾਰਮੇਸੀ ਸਟੋਰ ਦਾ ਜਾਇਜ਼ਾ ਲੈਂਦੇ ਹੋਏ ਮਰੀਜ਼ਾਂ ਲਈ ਜ਼ਰੂਰੀ ਦਵਾਈਆਂ ਦੀ ਉਪਲੱਬਧਤਾ ਯਕੀਨੀ ਬਣਾਉਣ ਲਈ ਆਖਿਆ।
ਉਨ੍ਹਾਂ ਸਟਾਫ਼ ਨੂੰ ਬਾਇਓ ਮੈਡੀਕਲ ਵੇਸਟ ਦੇ ਨਿਪਟਾਰੇ ਲਈ ਨਿਯਮਾਂ ਦਾ ਪਾਲਣਾ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਨੇ ਸਟਾਫ਼ ਨੂੰ ਆਮ ਲੋਕਾਂ ਨੂੰ ਬੇਹਤਰ ਸਿਹਤ ਸੇਵਾਵਾਂ ਦੇਣ, ਮਰੀਜ਼ਾਂ ਪ੍ਰਤੀ ਪਿਆਰ ਵਾਲਾ ਰਵੱਈਆ ਅਪਨਾਉਣ ਲਈ ਕਿਹਾ ਅਤੇ ਕਿਸੇ ਵੀ ਤਰ੍ਹਾਂ ਦੀ ਐਮਰਜੈਂਸੀ ਦੌਰਾਨ ਸਿਹਤ ਸੰਸਥਾ ਵਿਚ ਆਏ ਮਰੀਜ਼ਾਂ ਨੂੰ ਗੰਭੀਰਤਾ ਨਾਲ ਲਏ ਜਾਣ ਦੀ ਹਦਾਇਤ ਕੀਤੀ।