ਸੀਏੇਏ ਲਾਗੂ ਹੋਣ ਤੋਂ ਕੋਈ ਰੋਕ ਨਹੀਂ ਸਕਦਾ: ਸ਼ਾਹ
ਕੋਲਕਾਤਾ, 29 ਨਵੰਬਰ
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਇੱਥੇ ਕਿਹਾ ਕਿ ਕੇਂਦਰ ਸਰਕਾਰ ਨਾਗਰਿਕਤਾ ਸੋਧ ਐਕਟ (ਸੀਏਏ) ਲਾਗੂ ਕਰੇਗੀ ਅਤੇ ਇਸ ਨੂੰ ਕੋਈ ਰੋਕ ਨਹੀਂ ਸਕਦਾ। ਸ਼ਾਹ ਨੇ ਅੱਜ ਇੱਥੇ ਇਤਿਹਾਸਕ ਇੰਸਪਲੈਂਡ ਵਿੱਚ ਪਾਰਟੀ ਦੀ ਰੈਲੀ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਭਾਜਪਾ ਵੱਲੋਂ ਲੋਕ ਸਭਾ ਚੋਣਾਂ ਦਾ ਆਗਾਜ਼ ਕਰਨ ਦਾ ਐਲਾਨ ਕਰਦਿਆਂ ਘੁਸਪੈਠ, ਭ੍ਰਿਸ਼ਟਾਚਾਰ ਅਤੇ ਰਾਜਨੀਤਿਕ ਹਿੰਸਾ ਜਿਹੇ ਮੁੱਦਿਆਂ ’ਤੇ ਮੁੱਖ ਮੰਤਰੀ ਮਮਤਾ ਬੈਨਰਜੀ ’ਤੇ ਨਿਸ਼ਾਨੇ ਸਾਧੇ। ਉਨ੍ਹਾਂ ਲੋਕਾਂ ਨੂੰ ਅਗਾਮੀ ਵਿਧਾਨ ਸਭਾ ਚੋਣਾਂ ਵਿੱਚ ਮਮਤਾ ਬੈਨਰਜੀ ਦੀ ਸਰਕਾਰ ਨੂੰ ਚਲਦਾ ਕਰਕੇ ਭਾਜਪਾ ਨੂੰ ਚੁਣਨ ਦੀ ਅਪੀਲ ਕੀਤੀ। ਰੈਲੀ ਵਿੱਚ ਇਕੱਠ ਦੇਖ ਕੇ ਖੁਸ਼ੀ ਪ੍ਰਗਟਾਉਂਦਿਆਂ ਉਨ੍ਹਾਂ ਕਿਹਾ ਕਿ ਇਹ ਰੈਲੀ ਲੋਕਾਂ ਦੀਆਂ ਭਾਵਨਾਵਾਂ ਨੂੰ ਦਿਖਾਉਂਦੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਭਾਜਪਾ 2026 ਵਿੱਚ ਦੋ-ਤਿਹਾਈ ਬਹੁਮਤ ਨਾਲ ਸੂਬੇ ਦੀ ਸੱਤਾ ਸੰਭਾਲਗੀ। ਸ੍ਰੀ ਸ਼ਾਹ ਨੇ ਕਿਹਾ ਕਿ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਸੂਬੇ ਵਿੱਚ ਭਾਜਪਾ ਦਾ ਪ੍ਰਦਰਸ਼ਨ ਵਿਧਾਨ ਸਭਾ ਚੋਣਾਂ ਦੀ ਜਿੱਤ ਦੀ ਨੀਂਹ ਰੱਖੇਗਾ। ਵਿਵਾਦਿਤ ਸੀਏਏ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਮਮਤਾ ਬੈਨਰਜੀ ਇਸ ਦਾ ਵਿਰੋਧ ਕਰ ਰਹੀ ਹੈ ਪਰ ਇਸ ਨੂੰ ਕੋਈ ਵੀ ਲਾਗੂ ਹੋਣ ਤੋਂ ਰੋਕ ਨਹੀਂ ਸਕਦਾ। ਇਹ ਐਕਟ ਅਜੇ ਮੁੱਢਲੀ ਸਟੇਜ ਵਿੱਚ ਹੈ ਕਿਉਂਂਕਿ ਇਸ ਦੇ ਖ਼ਿਲਾਫ਼ ਵਿਰੋਧੀ ਧਿਰ ਦੇ ਸਖ਼ਤ ਰੁਖ਼ ਕਾਰਨ ਕੇਂਦਰ ਸਰਕਾਰ ਨੇ ਹੁਣ ਤੱਕ ਇਸ ਨੂੰ ਕਾਨੂੰਨ ਨਹੀਂ ਬਣਾਇਆ। ਜ਼ਿਕਰਯੋਗ ਹੈ ਕਿ ਭਾਜਪਾ ਨੇ 2019 ਦੀਆਂ ਲੋਕ ਸਭਾ ਚੋਣਾਂ ਵਿੱਚ 42 ਸੀਟਾ ਵਿੱਚੋਂ 18 ’ਤੇ ਜਿੱਤ ਹਾਸਲ ਕੀਤੀ ਸੀ, ਜੋ ਹੁਣ ਤੱਕ ਦੀ ਪੱਛਮੀ ਬੰਗਾਲ ਵਿੱਚ ਭਾਰਤੀ ਜਨਤਾ ਪਾਰਟੀ ਦੀ ਵਧੀਆ ਕਾਰਗੁਜ਼ਾਰੀ ਹੈ। -ਪੀਟੀਆਈ