ਸੁਜਾਨਪੁਰ ’ਚ ਨਸ਼ਾ ਤਸਕਰ ਦਾ ਘਰ ਢਾਹਿਆ
ਐੱਨਪੀ ਧਵਨ
ਪਠਾਨਕੋਟ, 4 ਜੁਲਾਈ
ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਗਈ ਮੁਹਿੰਮ ਦੇ ਤਹਿਤ ਅੱਜ ਸੁਜਾਨਪੁਰ ਦੇ ਮੁਹੱਲਾ ਪ੍ਰੇਮ ਨਗਰ ਵਿੱਚ ਇੱਕ ਨਸ਼ਾ ਤਸਕਰ ਵੱਲੋਂ ਕੀਤੀ ਗਈ ਗ਼ੈਰ-ਕਾਨੂੰਨੀ ਉਸਾਰੀ ਨੂੰ ਢਾਹ ਦਿੱਤਾ ਗਿਆ। ਪੁਲੀਸ ਅਨੁਸਾਰ ਨਸ਼ਾ ਤਸਕਰ ਦੇ ਪਰਿਵਾਰ ਵਿਰੁੱਧ 27 ਕੇਸ ਦਰਜ ਹਨ। ਇਸ ਮੌਕੇ ਜ਼ਿਲ੍ਹਾ ਪੁਲੀਸ ਮੁਖੀ ਦਲਜਿੰਦਰ ਸਿੰਘ ਢਿੱਲੋਂ, ਐੱਸਪੀ ਮਨੋਜ ਕੁਮਾਰ, ਡੀਐੱਸਪੀ ਧਾਰ ਕਲਾਂ ਲਖਵਿੰਦਰ ਸਿੰਘ, ਸੁਜਾਨਪੁਰ ਥਾਣਾ ਮਖੀ ਮੋਹਿਤ ਟਾਂਕ, ਤਹਿਸੀਲਦਾਰ ਦਿਵਿਆ ਸਿੰਗਲਾ ਤੇ ਸੁਜਾਨਪੁਰ ਨਗਰ ਕੌਂਸਲ ਦੇ ਈਓ ਬਲਜੀਤ ਸਿੰਘ ਦੇ ਨਾਲ ਕਈ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਨਸ਼ਾ ਤਸਕਰ ਵਿਰੁੱਧ ਉਸਾਰੀ ਢਾਹੁਣ ਦੀ ਕਾਰਵਾਈ ਕੀਤੀ ਗਈ।
ਇਸ ਦੌਰਾਨ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਪੁਲੀਸ ਮੁਖੀ ਦਲਜਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਗਈ ਮੁਹਿੰਮ ਦੇ ਹਿੱਸੇ ਵਜੋਂ ਸੁਜਾਨਪੁਰ ਦੇ ਮੁਹੱਲਾ ਪ੍ਰੇਮ ਨਗਰ ਵਿੱਚ ਸਥਿਤ ਇੱਕ ਨਸ਼ਾ ਤਸਕਰ ਦੇ ਘਰ ’ਤੇ ਕਾਰਵਾਈ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਨੇ ਕਬਜ਼ਾਧਾਰੀਆਂ ਵਿਰੁੱਧ ਕਾਰਵਾਈ ਕਰਨ ਲਈ ਉਨ੍ਹਾਂ ਨੂੰ ਪੱਤਰ ਲਿਖਿਆ ਸੀ। ਇਸ ’ਤੇ ਜਾਂਚ ਦੌਰਾਨ ਇਹ ਸਾਹਮਣੇ ਆਇਆ ਕਿ ਨਸ਼ਾ ਤਸਕਰ ਦੇ ਪਰਿਵਾਰ ਵਿਰੁੱਧ ਪਹਿਲਾਂ ਹੀ 27 ਅਪਰਾਧਕ ਕੇਸ ਦਰਜ ਹਨ। ਮੁਲਜ਼ਮ ਨੇ ਗ਼ੈਰ-ਕਾਨੂੰਨੀ ਉਸਾਰੀ ਕੀਤੀ ਹੋਈ ਹੈ। ਇਸ ਕਾਰਨ ਸਰਕਾਰ ਦੇ ਹੁਕਮਾਂ ਅਨੁਸਾਰ ਨਸ਼ਾ ਤਸਕਰ ਵਿਰੁੱਧ ਕਾਨੂੰਨ ਤਹਿਤ ਕਾਰਵਾਈ ਕੀਤੀ ਗਈ ਹੈ।
ਜ਼ਿਲ੍ਹਾ ਪੁਲੀਸ ਮੁਖੀ ਦਲਜਿੰਦਰ ਸਿੰਘ ਢਿੱਲੋਂ ਨੇ ਨਸ਼ਾ ਤਸਕਰਾਂ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਉਹ ਕਿਸੇ ਵੀ ਤਰ੍ਹਾਂ ਦੇ ਨਸ਼ੇ ਵੇਚਣੇ ਬੰਦ ਕਰਨ ਨਹੀਂ ਤਾਂ ਪੁਲੀਸ ਪ੍ਰਸ਼ਾਸਨ ਵੱਲੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।