For the best experience, open
https://m.punjabitribuneonline.com
on your mobile browser.
Advertisement

ਸੂਬਾਈ ਖ਼ੁਰਾਕ ਕਮਿਸ਼ਨ ਦੇ ਚੇਅਰਮੈਨ ਨੇ ਪੋਸ਼ਣ ਸੁਰੱਖਿਆ ’ਤੇ ਦਿੱਤਾ ਜ਼ੋਰ

05:36 AM Apr 16, 2025 IST
ਸੂਬਾਈ ਖ਼ੁਰਾਕ ਕਮਿਸ਼ਨ ਦੇ ਚੇਅਰਮੈਨ ਨੇ ਪੋਸ਼ਣ ਸੁਰੱਖਿਆ ’ਤੇ ਦਿੱਤਾ ਜ਼ੋਰ
Advertisement

ਹਤਿੰਦਰ ਮਹਿਤਾ
ਜਲੰਧਰ, 15 ਅਪਰੈਲ
ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਨੇ ਅੱਜ ਇੱਥੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਪੋਸ਼ਣ ਸੁਰੱਖਿਆ ’ਤੇ ਜ਼ੋਰ ਦਿੱਤਾ। ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਬੁੱਧੀ ਰਾਜ ਸਿੰਘ ਅਤੇ ਖੁਰਾਕ ਤੇ ਸਿਵਲ ਸਪਲਾਈਜ਼, ਸਿਹਤ, ਸਮਾਜਿਕ ਸੁਰੱਖਿਆ ਤੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਇੱਥੇ ਮੀਟਿੰਗ ਦੌਰਾਨ ਚੇਅਰਮੈਨ ਨੇ ਕਿਹਾ ਕਿ ਕਮਿਸ਼ਨ ਸੂਬੇ ਦੇ ਲੋਕਾਂ ਤੱਕ ਗੁਣਵੱਤਾ ਭਰਪੂਰ ਭੋਜਨ ਮੁਹੱਈਆ ਕਰਵਾਉਣ ਲਈ ਯਤਨਸ਼ੀਲ ਹੈ। ਇਸ ਦੇ ਨਾਲ ਹੀ ਬੱਚਿਆਂ ਦੀ ਸਿਹਤ ਨੂੰ ਵਿਸ਼ੇਸ਼ ਤਵੱਜੋਂ ਦਿੱਤੀ ਜਾ ਰਹੀ ਹੈ। ਚੇਅਰਮੈਨ ਨੇ ਬੱਚਿਆਂ ਨੂੰ ਪੋਸ਼ਕ ਤੱਤਾਂ ਨਾਲ ਭਰਪੂਰ ਭੋਜਨ ਮੁਹੱਈਆ ਕਰਵਾਉਣ ਲਈ ਜ਼ਿਲ੍ਹੇ ਦੇ ਆਂਗਣਵਾੜੀ ਕੇਂਦਰਾਂ ਵਿੱਚ ਪੋਸ਼ਣ ਵਾਟਿਕਾ ਵਿਕਸਿਤ ਕਰਨ ’ਤੇ ਜ਼ੋਰ ਦਿੱਤਾ। ਉਨ੍ਹਾਂ ਸਕੂਲ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਸਕੂਲਾਂ ਵਿੱਚ ਵੀ ਖਾਲੀ ਪਈਆਂ ਥਾਵਾਂ ਉੱਤੇ ਫਲ਼ ਤੇ ਸਬਜ਼ੀਆਂ ਦੇ ਨਾਲ-ਨਾਲ ਹਰਬਲ ਅਤੇ ਮੈਡੀਸੀਨਲ ਗੁਣਾਂ ਵਾਲੇ ਪੌਦੇ ਲਾਉਣੇ ਯਕੀਨੀ ਬਣਾਏ ਜਾਣ ਤਾਂ ਜੋ ਬੱਚਿਆਂ ਨੂੰ ਤਾਜ਼ਾ ਅਤੇ ਪੋਸ਼ਣਯੁਕਤ ਭੋਜਨ ਮਿਲ ਸਕੇ।

Advertisement

ਮਿਡ-ਡੇਅ ਮੀਲ ਦਾ ਜਾਇਜ਼ਾ ਲੈਂਦਿਆਂ ਸ਼ਰਮਾ ਨੇ ਬੱਚਿਆਂ ਨੂੰ ਮਿਆਰੀ ਤੇ ਗੁਣਵੱਤਾ ਭਰਪੂਰ ਭੋਜਨ ਮੁਹੱਈਆ ਕਰਵਾਉਣ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਰਾਸ਼ਨ ਦੇ ਢੁੱਕਵੇਂ ਰੱਖ-ਰਖਾਅ, ਖਾਣਾ ਤਿਆਰ ਕਰਨ ਸਮੇਂ ਸਾਫ਼-ਸਫਾਈ ਆਦਿ ਦਾ ਪੂਰਾ ਧਿਆਨ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਆਂਗਣਵਾੜੀ ਕੇਂਦਰਾਂ ਵਿੱਚ ਲਾਭਪਾਤਰੀਆਂ ਲਈ ਆਉਂਦੀ ਖੁਰਾਕ ਅਤੇ ਸਕੂਲਾਂ ਵਿੱਚ ਮਿਡ-ਡੇ ਮੀਲ ਦੇ ਰਾਸ਼ਨ ਦੀ ਢੁੱਕਵੀਂ ਸਟੋਰੇਜ ਯਕੀਨੀ ਬਣਾਈ ਜਾਣੀ ਚਾਹੀਦੀ ਹੈ। ਇਸ ਤੋਂ ਇਲਾਵਾ ਉਨ੍ਹਾਂ ਕੁੱਕਾਂ, ਹੈਲਪਰਾਂ ਤੇ ਹੋਰ ਸਟਾਫ਼ ਨੂੰ ਸਾਫ-ਸਫਾਈ ਅਤੇ ਹੋਰ ਮਿਆਰਾਂ ਸਬੰਧੀ ਬਾਕਾਇਦਾ ਸਿਖ਼ਲਾਈ ਪ੍ਰਦਾਨ ਕਰਨ ਦੀਆਂ ਹਦਾਇਤਾਂ ਵੀ ਦਿੱਤੀਆਂ। ਚੇਅਰਮੈਨ ਨੇ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਸਿਹਤ ਜਾਂਚ ਦਾ ਜਾਇਜ਼ਾ ਲੈਂਦਿਆਂ ਇਸ ਦਾ ਢੁੱਕਵਾਂ ਰਿਕਾਰਡ ਰੱਖਣ ਲਈ ਕਿਹਾ। ਉਨ੍ਹਾਂ ਕਿਹਾ ਕਿ ਪੋਸ਼ਣ ਸੁਰੱਖਿਆ ਰਾਹੀਂ ਬੱਚਿਆਂ ਦੇ ਭਵਿੱਖ ਨੂੰ ਸੁਨਹਿਰਾ ਬਣਾਇਆ ਜਾ ਸਕਦਾ ਹੈ।
ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਮੌਜੂਦਾ ਸਮੇਂ 130683 ਵਿਦਿਆਰਥੀ ਮਿਡ-ਡੇ ਮੀਲ ਸਕੀਮ ਦਾ ਲਾਭ ਪ੍ਰਾਪਤ ਕਰ ਰਹੇ ਹਨ ਅਤੇ ਸਾਰੇ ਸਰਕਾਰੀ ਸਕੂਲਾਂ ਵਿੱਚ ਕਿਚਨ ਸ਼ੈੱਡ, ਗੈਸ ਕੁਨੈਕਸ਼ਨ, ਗੈਸ ਭੱਠੀਆਂ ਤੇ ਅੱਗ ਬੁਝਾਊ ਯੰਤਰ ਆਦਿ ਮੌਜੂਦ ਹਨ। ਵਧੀਕ ਡਿਪਟੀ ਕਮਿਸ਼ਨਰ ਨੇ ਇਹ ਵੀ ਦੱਸਿਆ ਕਿ ਸ਼ਾਹਕੋਟ ’ਚ 30 ਆਂਗਣਵਾੜੀ ਕੇਂਦਰਾਂ ਵਿੱਚ ਪੋਸ਼ਣ ਵਾਟਿਕਾ ਵਿਕਸਿਤ ਕੀਤੀਆਂ ਗਈਆਂ ਹਨ।
ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈ ਅਫ਼ਸਰ ਨਰਿੰਦਰ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਮੌਜੂਦਾ ਸਮੇਂ 790 ਵਾਜਬ ਕੀਮਤ ਦੀਆਂ ਦੁਕਾਨਾਂ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ 278856 ਰਾਸ਼ਨ ਕਾਰਡ ਧਾਰਕ ਅਤੇ ਕਰੀਬ 1254856 ਲਾਭਪਾਤਰੀ ਹਨ, ਜਿਨ੍ਹਾਂ ਨੂੰ ਰਾਸ਼ਨ ਡਿਪੂਆਂ ਰਾਹੀਂ ਕਣਕ ਦੀ ਵੰਡ ਕੀਤੀ ਜਾਂਦੀ ਹੈ। ਇਸ ਮੌਕੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਮਨਜਿੰਦਰ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ.) ਹਰਜਿੰਦਰ ਕੌਰ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

Advertisement
Advertisement

Advertisement
Author Image

Harpreet Kaur

View all posts

Advertisement