ਹਰਪ੍ਰੀਤ ਕੌਰਹੁਸ਼ਿਆਰਪੁਰ, 8 ਜੂਨਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੱਜ ਇੱਥੇ ਕਿਹਾ ਕਿ ਸੂਬੇ ’ਚ ਨਸ਼ਿਆਂ ਖ਼ਿਲਾਫ਼ ਜਾਗੂਕਤਾ ਵਧ ਰਹੀ ਹੈ ਅਤੇ ‘ਯੁੱਧ ਨਸ਼ਿਆਂ ਵਿਰੁੱਧ’ ਇਕ ਜਨ ਅੰਦੋਲਨ ਦਾ ਰੂਪ ਲੈਣ ਲੱਗਿਆ ਹੈ। ਡੀਏਵੀ ਕਾਲਜ ਆਫ ਐਜੂਕੇਸ਼ਨ ਵਿੱਚ ਇਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਰਾਜਪਾਲ ਨੇ ਕਿਹਾ ਕਿ ਪੰਜਾਬ ਸਰਕਾਰ ਦੁਆਰਾ ਚੁੱਕੇ ਕਦਮਾਂ ਨਾਲ ਸਮਾਜ ਵਿਚ ਸਕਾਰਾਤਮਕ ਪਰਿਵਰਤਨ ਦਿਖਾਈ ਦੇਣ ਲੱਗਿਆ ਹੈ ਅਤੇ ਲੋਕ ਨਸ਼ਿਆਂ ਖ਼ਿਲਾਫ਼ ਇਕਜੁੱਟ ਹੋਣ ਲੱਗੇ ਹਨ।ਰਾਜਪਾਲ ਨੇ ਕਿਹਾ ਕਿ ਨਸ਼ੇ ਦੀ ਸਮੱਸਿਆ ਨੂੰ ਕੇਵਲ ਸਰਕਾਰੀ ਯਤਨਾਂ ਨਾਲ ਹੀ ਸਮਾਪਤ ਨਹੀਂ ਕੀਤਾ ਜਾ ਸਕਦਾ, ਇਸ ਲਈ ਸਮਾਜ ਦੇ ਹਰ ਵਰਗ ਨੂੰ ਅਹਿਮ ਭੂਮਿਕਾ ਨਿਭਾਉਣੀ ਹੋਵੇਗੀ। ਉਨ੍ਹਾਂ ਕਿਹਾ ਕਿ ਬੇਰੁਜ਼ਗਾਰੀ ਤੇ ਵਿਹਲਾਪਨ ਨਸ਼ੇ ਦੇ ਮੂਲ ਕਾਰਨ ਹਨ। ਜੇਕਰ ਨੌਜਵਾਨਾਂ ਨੂੰ ਰੁਜ਼ਗਾਰ ਅਤੇ ਰਚਨਾਤਮਕ ਗਤੀਵਿਧੀਆਂ ਨਾਲ ਜੋੜਿਆ ਜਾਵੇ ਤਾਂ ਉਹ ਇਸ ਬੁਰਾਈ ਤੋਂ ਬਚ ਸਕਦੇ ਹਨ। ਉਨ੍ਹਾਂ ਸੁਝਾਅ ਦਿੱਤਾ ਕਿ ਵਿੱਦਿਅਕ ਸੰਸਥਾਵਾਂ ਟੀਮਾਂ ਬਣਾ ਕੇ ਵਿਦਿਆਰਥੀਆਂ ਨੂੰ ਪਿੰਡਾਂ ’ਚ ਭੇਜਣ ਤਾਂ ਕਿ ਉਨ੍ਹਾਂ ਨੂੰ ਜ਼ਮੀਨੀ ਹਕੀਕਤ ਦਾ ਪਤਾ ਚੱਲ ਸਕੇ। ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਮਾਤਾ-ਪਿਤਾ ਦੀ ਅਹਿਮ ਭੂਮਿਕਾ ’ਤੇ ਵੀ ਜ਼ੋਰ ਦਿੱਤਾ। ਇਸ ਤੋਂ ਪਹਿਲਾਂ ਪਿੰਡ ਤੇ ਵਾਰਡ ਦੀਆਂ ਰੱਖਿਆ ਕਮੇਟੀਆਂ ਦੇ ਮੈਂਬਰਾਂ ਨੂੰ ਸੰਬੋਧਨ ਕਰਦਿਆਂ ਰਾਜਪਾਲ ਨੇ ਕਿਹਾ ਕਿ ਇਨ੍ਹਾਂ ਕਮੇਟੀਆਂ ਦੀ ਭੂਮਿਕਾ ਨਸ਼ਿਆਂ ਵਿਰੋਧੀ ਮੁਹਿੰਮ ’ਚ ਮਹੱਤਵਪੂਰਨ ਹੈ। ਉਨ੍ਹਾਂ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਇਨ੍ਹਾਂ ਕਮੇਟੀਆਂ ਨੂੰ ਹੋਰ ਤਾਕਤਵਰ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਆਪਣੀ ਪੁਰਾਣੀ ਸ਼ਾਖ ਬਹਾਲ ਕਰਨ ਲਈ ਨਸ਼ੇ ਖ਼ਿਲਾਫ਼ ਫੈਸਲਾਕੁੰਨ ਲੜਾਈ ਲੜਣੀ ਪਵੇਗੀ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਤੇ ਸਮਾਜ ਦਾ ਹਰ ਵਰਗ ਇਕਜੁੱਟ ਹੋ ਕੇ ਕੰਮ ਕਰਨ ਤਾਂ ਹੀ ਨਸ਼ਿਆਂ ਦੀ ਅਲਾਮਤ ਨੂੰ ਖਤਮ ਕੀਤਾ ਜਾ ਸਕਦਾ ਹੈ।ਹੁਸ਼ਿਆਰਪੁਰ ਦੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਰਾਜਪਾਲ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ’ਚ ਨਸ਼ਿਆਂ ’ਚ ਨਸ਼ਾ ਛਡਾਊ ਕੇਂਦਰਾਂ ’ਚ ਬਿਸਤਆਂ ਦੀ ਗਿਣਤੀ 100 ਤੋਂ ਵਧਾ ਕੇ 460 ਕਰ ਦਿੱਤੀ ਗਈ ਹੈ। ਇਸੇ ਤਰ੍ਹਾਂ ਪ੍ਰਾਈਵੇਟ ਨਸ਼ਾ ਛਡਾਊ ਕੇਦਰਾਂ ਦੀ ਵੀ ਸਮਰੱਥਾ 70 ਤੋਂ ਵਧਾ ਕੇ 222 ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਟਾਂਡਾ, ਮੁਕੇਰੀਆਂ ਤੇ ਗੜ੍ਹਸ਼ੰਕਰ ’ਚ ਤਿੰਨ ਮਨੋ ਚਕਿਤਸਿਕ ਨਿਯੁਕਤ ਕਰ ਦਿੱਤੇ ਗਏ ਹਨ ਅਤੇ ਜ਼ਿਲ੍ਹੇ ’ਚ ਤਿੰਨ ਹੋਰ ਓਟ ਸੈਂਟਰ ਬਣਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੁਲੀਸ ਵੀ ਨਸ਼ਿਆਂ ਖ਼ਿਲਾਫ਼ ਸਰਗਰਮੀ ਨਾਲ ਕੰਮ ਕਰ ਰਹੀ ਹੈ।