ਸੈਸ਼ਨ ਜੱਜ ਨੇ ਵੱਧ ਤੋਂ ਵੱਧ ਬੂਟੇ ਲਾਉਣ ਲਈ ਪ੍ਰੇਰਿਆ
ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 5 ਜੂਨ
ਜ਼ਿਲ੍ਹਾ ਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸੰਗਰੂਰ ਮੁਨੀਸ਼ ਸਿੰਗਲ ਦੀ ਅਗਵਾਈ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜ਼ਿਲ੍ਹਾ ਜੇਲ੍ਹ ਵਿਖੇ ਵਿਸ਼ਵ ਵਾਤਾਵਰਨ ਦਿਵਸ ਦੇ ਮੌਕੇ ਉਤੇ ਵਾਤਾਵਰਨ ਦੀ ਸਾਂਭ-ਸੰਭਾਲ ਲਈ ਬੂਟੇ ਲਗਾਏ ਗਏ। ਚੀਫ਼ ਜੁਡੀਸ਼ਲ ਮੈਜਿਸਟ੍ਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦਲਜੀਤ ਕੌਰ ਨੇ ਕਿਹਾ ਕਿ ਸਿਹਤਮੰਦ ਵਾਤਾਵਰਨ ਪ੍ਰਣਾਲੀ ਨੂੰ ਯਕੀਨੀ ਬਣਾਉਣ ਲਈ ਵੱਧ ਤੋਂ ਵੱਧ ਰੁੱਖ ਲਗਾਉਣ ਦੀ ਲੋੜ ਹੈ।
ਪਟਿਆਲਾ (ਖੇਤਰੀ ਪ੍ਰਤੀਨਿਧ): ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਵੱਲੋਂ ਅੱਜ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ। ਇਸ ਮੌਕੇ ਜ਼ਿਲ੍ਹਾ ਤੇ ਸੈਸ਼ਨ ਜੱਜ ਪਟਿਆਲਾ ਮੈਡਮ ਰੁਪਿੰਦਰਜੀਤ ਚਾਹਲ ਨੇ ਜ਼ਿਲ੍ਹਾ ਕਚਹਿਰੀਆਂ ਪਟਿਆਲਾ ਦੇ ਵਿਹੜੇ ਵਿੱਚ ਪਿੱਪਲ, ਬੋਹੜ ਅਤੇ ਨਿੰਮ (ਤ੍ਰਿਵੇਣੀ) ਦੇ ਬੂਟੇ ਲਗਾਏ।ਇਸ ਮੌਕੇ ਮੈਡਮ ਨਵਦੀਪ ਗਿੱਲ, ਸੀਜੇਐਮ, ਅਤੁਲ ਕੰਬੋਜ, ਸਿਵਲ ਜੱਜ (ਸੀਨੀਅਰ ਡਿਵੀਜ਼ਨ), ਅਤੇ ਮੈਡਮ ਮੰਨੀ ਅਰੋੜਾ ਸੀਜੇਐਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਵੀ ਮੋਰਿੰਗਾ ਓਲੀਫੇਰਾ, ਨਿੰਮ ਆਦਿ ਦੇ ਰੁੱਖ ਲਗਾ ਕੇ ਵਾਤਾਵਰਣ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਸਾਨੂੰ ਸਾਰਿਆਂ ਨੂੰ ਵੱਧ ਤੋਂ ਵੱਧ ਰੁੱਖ ਲਗਾਉਣ ਦਾ ਸੁਨੇਹਾ ਦਿੱਤਾ।