ਸੜਕ ਹਾਦਸੇ ਵਿੱਚ ਐਕਟਿਵਾ ਸਵਾਰ ਔਰਤ ਦੀ ਮੌਤ
ਪੱਤਰ ਪ੍ਰੇਰਕ
ਮੁਕੇਰੀਆਂ, 15 ਅਪਰੈਲ
ਅੱਡਾ ਝੀਰ ਦਾ ਖੂਹ ਕਮਾਹੀ ਦੇਵੀ ਸੜਕ ’ਤੇ ਪਿੰਡ ਨੱਥੂਵਾਲ ਕੋਲ ਕਾਰ ਤੇ ਸਕੂਟਰ ਸਵਾਰ ਔਰਤ ਦਰਮਿਆਨ ਵਾਪਰੇ ਸੜਕ ਹਾਦਸੇ ਵਿੱਚ ਔਰਤ ਦੀ ਮੌਤ ਹੋ ਗਈ ਜਦੋਂ ਕਿ ਕਾਰ ਸਵਾਰ ਵੀ ਜ਼ਖਮੀ ਹੋ ਗਏ। ਮੌਕੇ ’ਤੇ ਪੁੱਜੀ ਪੁਲੀਸ ਨੇ ਨੁਕਸਾਨੇ ਵਾਹਨ ਕਬਜ਼ੇ ਵਿੱਚ ਲੈ ਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।
ਮਿਲੀ ਜਾਣਕਾਰੀ ਅਨੁਸਾਰ ਸੁਮਨ ਕੁਮਾਰੀ (35) ਪਤਨੀ ਸੁਰਿੰਦਰ ਸਿੰਘ ਵਾਸੀ ਬਹਿ ਵਿਧੀਆ ਆਪਣੀ ਐਕਟਿਵਾ ਉੱਤੇ ਅੱਡਾ ਝੀਰ ਦਾ ਖੂਹ ਸਾਈਡ ਤੋਂ ਆਪਣੇ ਘਰ ਵਾਪਸ ਆ ਰਹੀ ਸੀ। ਜਦੋਂ ਉਹ ਨੱਥੂਵਾਲ ਨਜ਼ਦੀਕ ਪੁੱਜੀ ਤਾਂ ਸਾਹਮਣੇ ਕਮਾਹੀ ਦੇਵੀ ਸਾਈਡ ਤੋਂ ਆ ਰਹੀ ਆਲਟੋ ਕਾਰ ਨੇ ਉਸ ਨੂੰ ਟੱਕਰ ਮਾਰ ਦਿੱਤੀ ਜਿਸ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਮ੍ਰਿਤਕਾ ਦਾ ਪਤੀ ਵਿਦੇਸ਼ ਵਿੱਚ ਰਹਿੰਦਾ ਹੈ। ਪ੍ਰਤੱਖਦਰਸ਼ੀਆਂ ਅਨੁਸਾਰ ਕਾਰ ਕਾਫੀ ਤੇਜ਼ ਰ਼ਫਤਾਰ ਸੀ। ਇਸ ਹਾਦਸੇ ਵਿੱਚ ਕਾਰ ਸਵਾਰ ਨੌਜਵਾਨ ਵੀ ਗੰਭੀਰ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਕੋਲੋਂ ਗੁਜ਼ਰਦੀ ਐਂਬੂਲੈਂਸ ਵਲੋਂ ਮੁੱਢਲੀ ਸਹਾਇਤਾ ਦਿੱਤੀ ਗਈ। ਏਐੱਸਆਈ ਨਰੇਸ਼ ਕੁਮਾਰ ਨੇ ਦੱਸਿਆ ਕਿ ਪੁਲੀਸ ਨੇ ਨੁਕਸਾਨੇ ਵਾਹਨ ਕਬਜ਼ੇ ਵਿੱਚ ਲੈ ਕੇ ਮ੍ਰਿਤਕਾ ਦੀ ਲਾਸ਼ ਪੋਸਟ ਮਾਰਟਮ ਲਈ ਸਿਵਲ ਹਸਪਤਾਲ ਰੱਖਵਾ ਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ। ਕਾਰ ਸਵਾਰ ਮੌਕੇ ਤੋਂ ਫਰਾਰ ਹਨ, ਜਿਨ੍ਹਾਂ ਦੀ ਭਾਲ ਕਾਰ ਦੇ ਦਸਤਾਵੇਜ਼ਾਂ ਤੋਂ ਜਾਣਕਾਰੀ ਹਾਸਲ ਕਰਕੇ ਕਰ ਲਈ ਜਾਵੇਗੀ।