ਗੁਰਦੀਪ ਸਿੰਘ ਲਾਲੀਸੰਗਰੂਰ, 8 ਮਈਭਾਰਤ-ਪਾਕਿਸਤਾਨ ਵਿਚਕਾਰ ਪੈਦਾ ਹੋਏ ਤਣਾਅ ਭਰੇ ਹਾਲਾਤ ਦੇ ਮੱਦੇਨਜ਼ਰ ਸੰਗਰੂਰ ਜ਼ਿਲ੍ਹੇ ਵਿਚ ਕਿਸੇ ਵੀ ਤਰਾਂ ਦੀਆਂ ਅਫਵਾਹਾਂ ਨੂੰ ਰੋਕਣ ਲਈ, ਆਮ ਲੋਕਾਂ ਵਲੋਂ ਕਿਸੇ ਵੀ ਤਰਾਂ ਦੀ ਜਾਣਕਾਰੀ ਪ੍ਰਸ਼ਾਸ਼ਨ ਕੋਲੋਂ ਲੈਣ ਜਾਂ ਦੇਣ ਲਈ ਅਤੇ ਜ਼ਿਲ੍ਹਾ ਨਿਵਾਸੀਆਂ ਦੀ ਸਹੂਲਤ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਜਿਥੇ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਕੰਟਰੌਲ ਰੂਮ ਸਥਾਪਿਤ ਕੀਤਾ ਗਿਆ ਉਥੇ ਐੱਸਐੱਸਪੀ ਦਫ਼ਤਰ ਸੰਗਰੂਰ ਦੇ ਦਫ਼ਤਰ ਵਿੱਚ ਵੀ ਕੰਟਰੋਲ ਰੂਮ ਬਣਾਇਆ ਗਿਆ ਹੈ। ਡਿਪਟੀ ਕਮਿਸ਼ਨਰ ਦਫ਼ਤਰ ਸੰਗਰੂਰ ਦੇ ਕੰਟਰੋਲ ਰੂਮ ਦਾ ਨੰਬਰ 01672-234128 ਹੈ ਜਦੋਂ ਕਿ ਐੱਸਐੱਸਪੀ ਸੰਗਰੂਰ ਦੇ ਦਫ਼ਤਰ ਦੇ ਕੰਟਰੋਲ ਰੂਮ ਦੇ ਨੰਬਰ 80545-45100 ਅਤੇ 80545-45200 ਹਨ।ਇਸ ਤੋਂ ਇਲਾਵਾ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਜ਼ਿਲ੍ਹਾ ਸੰਗਰੂਰ ਵਿਚ ਆਤਿਸ਼ਬਾਜ਼ੀ, ਬੰਬ, ਹਵਾਈ ਪਟਾਖੇ ਅਤੇ ਚਾਈਨੀਜ਼ ਕਰੈਕਰ ਆਦਿ ਚਲਾਉਣ ਉਪਰ ਮੁਕੰਮਲ ਪਾਬੰਦੀ ਲਗਾ ਦਿੱਤੀ ਹੈ। ਜ਼ਿਲ੍ਹਾ ਮੈਜਿਸਟ੍ਰੇਟ ਟੀ ਬੈਨਿਥ ਆਈਏਐੱਸ ਵੱਲੋਂ ਭਾਰਤੀ ਨਾਗਰਿਕ ਸੁਰਕਸ਼ਾ ਸੰਹਿਤਾ 2023 ਦੀ ਧਾਰਾ 163 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਸੰਗਰੂਰ ਦੀ ਹਦੂਦ ਅੰਦਰ ਵਿਆਹ ਸ਼ਾਦੀਆਂ, ਖੁਸ਼ੀਆਂ ਅਤੇ ਧਾਰਮਿਕ ਸਮਾਗਮਾਂ ਦੌਰਾਨ ਆਮ ਪਬਲਿਕ ਵੱਲੋਂ ਚਲਾਈ ਜਾਂਦੀ ਆਤਿਸ਼ਬਾਜੀ, ਜਿਸ ਵਿੱਚ ਬੰਬ, ਹਵਾਈ ਪਟਾਖੇ ਅਤੇ ਚਾਈਨੀਜ਼ ਕਰੈਕਰ ਆਦਿ ਸ਼ਾਮਲ ਹਨ, ਦੇ ਚਲਾਉਣ ਉਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਮਿਤੀ 8 ਮਈ ਤੋਂ 4 ਜੂਨ ਤੱਕ ਲਾਗੂ ਰਹਿਣਗੇ।ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਆਦੇਸ਼ਾਂ ਅਨੁਸਾਰ ਪੰਜਾਬ ਦੇ ਵੱਖ-ਵੱਖ ਜ਼ਿਲਿਆਂ ਵਿੱਚ ਸੰਕਟਕਾਲੀਨ ਸਥਿਤੀ ਨਾਲ ਨਜਿੱਠਣ ਲਈ ਸਿਵਲ ਡਿਫੈਂਸ ਐਕਟ, 1968 ਅਧੀਨ ਮੌਕ ਡਰਿੱਲਾਂ ਕੀਤੀਆਂ ਜਾ ਰਹੀਆਂ ਹਨ।ਅਫ਼ਵਾਹਾਂ ਵੱਲ ਧਿਆਨ ਨਾ ਦੇਣ ਲੋਕ: ਡੀਸੀਜ਼ਿਲ੍ਹਾ ਮੈਜਿਸਟ੍ਰੇਟ ਟੀ ਬੈਨਿਥ ਨੇ ਕਿਹਾ ਕਿ ਕੰਟਰੋਲ ਰੂਮ ਤੋਂ ਕੋਈ ਵੀ ਵਿਅਕਤੀ ਕਿਸੇ ਕਿਸਮ ਦੀ ਜਾਣਕਾਰੀ ਹਾਸਲ ਕਰ ਸਕਦਾ ਹੈ। ਉਨ੍ਹਾਂ ਲੋਕਾਂ ਨੂੰ ਕਿਹਾ ਕਿ ਉਹ ਅਫ਼ਵਾਹਾਂ ਵੱਲ ਧਿਆਨ ਨਾ ਦੇਣ। ਜੇਕਰ ਕਿਸੇ ਅਫਵਾਹ ਬਾਰੇ ਪਤਾ ਲੱਗਦਾ ਹੈ ਤਾਂ ਪ੍ਰਸ਼ਾਸਨ ਨਾਲ ਸੰਪਰਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਹੁਣ ਹਾਲਾਤ ਆਮ ਵਾਂਗ ਹਨ। ਕਿਸੇ ਵੀ ਤਰਾਂ ਘਬਰਾਉਣ ਦੀ ਲੋੜ ਨਹੀਂ ਹੈ। ਕੋਈ ਰਾਸ਼ਨ, ਸਬਜ਼ੀ ਆਦਿ ਦੀ ਜਮਾਂਖੋਰੀ ਕਰਨ ਦੀ ਲੋੜ ਨਹੀਂ ਹੈ।