ਹਰਪ੍ਰੀਤ ਕੌਰਹੁਸ਼ਿਆਰਪੁਰ, 9 ਜੂਨਸੰਭਾਵੀ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਐੱਸਡੀਐੱਮ ਗੁਰਸਿਮਰਨਜੀਤ ਕੌਰ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਇਕ ਸਮੀਖਿਆ ਮੀਟਿੰਗ ਕੀਤੀ। ਐੱਸਡੀਐੱਮ ਨੇ ਨਗਰ ਨਿਗਮ ਹੁਸ਼ਿਆਰਪੁਰ, ਨਗਰ ਕੌਂਸਲ ਹਰਿਆਣਾ ਅਤੇ ਸ਼ਾਮਚੁਰਾਸੀ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬਰਸਾਤਾਂ ਸ਼ੁਰੂ ਹੋਣ ਤੋਂ ਪਹਿਲਾਂ ਸਾਰੀਆਂ ਨਾਲੀਆਂ ਅਤੇ ਸੀਵਰਾਂ ਦੀ ਪੂਰੀ ਤਰ੍ਹਾਂ ਸਫ਼ਾਈ ਯਕੀਨੀ ਬਣਾਈ ਜਾਵੇ। ਉਨ੍ਹਾਂ ਪੰਪਾਂ ਦੇ ਅਗਾਊਂਂ ਪ੍ਰਬੰਧ ਕਰਨ ਦੇ ਵੀ ਨਿਰਦੇਸ਼ ਦਿੱਤੇ ਤਾਂ ਜੋ ਲੋੜ ਪੈਣ ’ਤੇ ਪਾਣੀ ਨੂੰ ਤੁਰੰਤ ਬਾਹਰ ਕੱਢਿਆ ਜਾ ਸਕੇ। ਉਨ੍ਹਾਂ ਸੈਨਿਕ ਭਲਾਈ ਵਿਭਾਗ ਅਤੇ ਬੀਡੀਪੀਓਜ਼ ਨੂੰ ਤੈਰਾਕਾਂ ਅਤੇ ਗੋਤਾਖੋਰਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਦੀ ਸੂਚੀ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਐਮਰਜੈਂਸੀ ਸਥਿਤੀਆਂ ਵਿਚ ਰਾਹਤ ਕਾਰਜਾਂ ਦੌਰਾਨ ਉਨ੍ਹਾਂ ਦੀ ਸਹਾਇਤਾ ਲਈ ਜਾ ਸਕੇ।ਐੱਸਡੀਐੱਮ ਨੇ ਜ਼ਿਲ੍ਹਾ ਸਿੱਖਿਆ ਅਧਿਕਾਰੀ ਨੂੰ ਹੜ੍ਹ ਪ੍ਰਭਾਵਿਤ ਸੰਭਾਵੀ ਖੇਤਰਾਂ ਦੇ ਆਲੇ-ਦੁਆਲੇ ਸਕੂਲਾਂ ਦੀ ਪਛਾਣ ਕਰਨ ਦੇ ਨਿਰਦੇਸ਼ ਦਿੱਤੇ, ਜਿਨ੍ਹਾਂ ਨੂੰ ਲੋੜ ਪੈਣ ’ਤੇ ਅਸਥਾਈ ਰਾਹਤ ਕੈਂਪਾਂ ਵਜੋਂ ਵਰਤਿਆ ਜਾ ਸਕੇ। ਨਾਲ ਹੀ ਇਨ੍ਹਾਂ ਸਕੂਲਾਂ ਵਿਚ ਪੀਣ ਵਾਲੇ ਪਾਣੀ, ਪਖਾਨੇ, ਬਿਜਲੀ ਆਦਿ ਵਰਗੀਆਂ ਮੁੱਢਲੀਆਂ ਸਹੂਲਤਾਂ ਦੀ ਉਪਲਬੱਧਤਾ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ। ਮੀਟਿੰਗ ਵਿਚ ਸਿਵਲ ਡਿਫੈਂਸ, ਹੋਮ ਗਾਰਡਜ਼, ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ, ਲੋਕ ਨਿਰਮਾਣ ਵਿਭਾਗ, ਡਰੇਨੇਜ ਵਿਭਾਗ, ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ, ਪਸ਼ੂ ਪਾਲਣ ਵਿਭਾਗ, ਰੈੱਡ ਕਰਾਸ ਸੁਸਾਇਟੀ ਅਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਉਨ੍ਹਾਂ ਦੀਆਂ ਜ਼ਿੰਮੇਵਾਰੀਆਂ ਬਾਰੇ ਜਾਣੂ ਕਰਵਾਇਆ ਗਿਆ ਅਤੇ ਹੜ੍ਹ ਪ੍ਰਬੰਧਨ ਦੀਆਂ ਤਿਆਰੀਆਂ ਨੂੰ ਤਰਜੀਹ ਦੇਣ ਲਈ ਕਿਹਾ ਗਿਆ।ਐੱਸਡੀਐੱਮ ਨੇ ਸਾਰੇ ਵਿਭਾਗਾਂ ਨੂੰ ਇਕ-ਦੂਜੇ ਨਾਲ ਤਾਲਮੇਲ ਕਰਕੇ ਕੰਮ ਕਰਨ ਅਤੇ ਕਿਸੇ ਵੀ ਸੰਭਾਵੀ ਐਮਰਜੈਂਸੀ ਸਥਿਤੀ ਨਾਲ ਸਮੇਂ ਸਿਰ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਤਿਆਰ ਰਹਿਣ ਦਾ ਸੱਦਾ ਦਿੱਤਾ।