ਨਿੱਜੀ ਪੱਤਰ ਪ੍ਰੇਰਕਸੰਗਰੂਰ, 9 ਮਈਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਬੀਕੇਯੂ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਕਪਿਆਲ ਦੀ ਪ੍ਰਧਾਨਗੀ ਹੇਠ ਸਥਾਨਕ ਤੇਜਾ ਸਿੰਘ ਸੁਤੰਤਰ ਭਵਨ ਵਿੱਚ ਹੋਈ। ਸੰਯੁਕਤ ਕਿਸਾਨ ਮੋਰਚੇ ਦੇ ਸੂਬਾ ਪੱਧਰੀ ਸੱਦੇ ਤਹਿਤ 13 ਮਈ ਨੂੰ ਕੀਤੀ ਜਾ ਰਹੀ ਜਬਰ ਵਿਰੋਧੀ ਰੈਲੀ ਦੀਆਂ ਤਿਆਰੀਆਂ ਸਬੰਧੀ ਵਿਚਾਰ ਚਰਚਾ ਕੀਤੀ ਗਈ ਅਤੇ ਫੈਸਲਾ ਕੀਤਾ ਗਿਆ ਕਿ ਦਾਣਾ ਮੰਡੀ ਵਿੱਚ ਇਕੱਠੇ ਹੋ ਕੇ ਰੈਲੀ ਕੀਤੀ ਜਾਵੇਗੀ ਅਤੇ ਉਥੋਂ ਐੱਸਐੱਸਪੀ ਦਫ਼ਤਰ ਤੱਕ ਰੋਸ ਮਾਰਚ ਕੀਤਾ ਜਾਵੇਗਾ।ਮੀਟਿੰਗ ਤੋਂ ਬਾਅਦ ਜਾਣਕਾਰੀ ਦਿੰਦਿਆਂ ਕੁੱਲ ਹਿੰਦ ਕਿਸਾਨ ਫੈਡਰੇਸ਼ਨ ਦੇ ਸੂਬਾ ਆਗੂ ਐਡਵੋਕੇਟ ਕਿਰਨਜੀਤ ਸਿੰਘ ਸੇਖੋਂ, ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾ ਆਗੂ ਊਧਮ ਸਿੰਘ ਸੰਤੋਖਪੁਰਾ,ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਆਗੂ ਭੁਪਿੰਦਰ ਸਿੰਘ ਲੌਂਗੋਵਾਲ, ਬੀਕੇਯੂ ਏਕਤਾ ਉਗਰਾਹਾਂ ਦੇ ਬਲਾਕ ਵਿੱਤ ਸਕੱਤਰ ਕਰਮਜੀਤ ਸਿੰਘ ਮੰਗਵਾਲ, ਬੀਕੇਯੂ ਡਕੌਂਦਾ ਧਨੇਰ ਦੇ ਆਗੂ ਮਹਿੰਦਰ ਸਿੰਘ ਮਾਝੀ, ਬੀਕੇਯੂ ਡਕੌਂਦਾ ਬੁਰਜ ਗਿੱਲ ਦੇ ਜ਼ਿਲ੍ਹਾ ਆਗੂ ਸ਼ਮਸ਼ੇਰ ਸਿੰਘ ਈਸ਼ਾਪੁਰ,ਕੁਲ ਹਿੰਦ ਕਿਸਾਨ ਸਭਾ ਪੰਜਾਬ ਦੇ ਜ਼ਿਲ੍ਹਾ ਆਗੂ ਇੰਦਰਪਾਲ ਸਿੰਘ ਪੁੰਨਾਵਾਲ, ਕੁੱਲ ਹਿੰਦ ਕਿਸਾਨ ਸਭਾ ਅਜੇ ਭਵਨ ਦੇ ਜ਼ਿਲ੍ਹਾ ਆਗੂ ਦਰਸ਼ਨ ਸਿੰਘ ਸੰਜੂਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪਿਛਲੇ ਸਮੇਂ ਤੋਂ ਸੰਘਰਸ਼ੀ ਕਿਸਾਨਾਂ ’ਤੇ ਜਬਰ ਕਰਨ ਦਾ ਸਿਲਸਿਲਾ ਸ਼ੁਰੂ ਕੀਤਾ ਹੋਇਆ ਹੈ, ਜਿਸ ਤਹਿਤ ਬਠਿੰਡਾ ਜ਼ਿਲ੍ਹੇ ਦੇ ਪਿੰਡ ਚਾਉਕੇ ਦੇ ਆਦਰਸ਼ ਸਕੂਲ ਦੀ ਮੈਨੇਜਮੈਂਟ ਖਿਲਾਫ ਸੰਘਰਸ਼ ਕਰ ਰਹੇ ਅਧਿਆਪਕਾਂ ਅਤੇ ਕਿਸਾਨਾਂ ਉੱਪਰ ਪੁਲਸੀਆ ਜਬਰ ਕਰਕੇ ਧਰਨਾ ਚੁਕਵਾਉਣਾ ਅਤੇ ਅਧਿਆਪਕਾਂ ਤੇ ਕਿਸਾਨ ਆਗੂਆਂ ਨੂੰ ਛੋਟੇ ਬੱਚਿਆਂ ਸਮੇਤ ਜੇਲਾਂ ਵਿੱਚ ਬੰਦ ਕਰਨਾ, ਇਸੇ ਤਰ੍ਹਾਂ ਜਗਰਾਉਂ ਦੇ ਪਿੰਡ ਅਖਾੜਾ ਵਿਖੇ ਬਾਇਓ ਗੈਸ ਪਲਾਟ ਖ਼ਿਲਾਫ਼ ਸੰਘਰਸ਼ ਕਰ ਰਹੇ ਲੋਕਾਂ ਦਾ ਜਬਰੀ ਧਰਨਾ ਚੁਕਵਾਉਣਾ, ਸਾਮਾਨ ਦੀ ਭੰਨ-ਤੋੜ ਕਰਨੀ ਅਤੇ ਚੁੱਕ ਕੇ ਲੈ ਜਾਣਾ ਅਤੇ ਇਸੇ ਤਰ੍ਹਾਂ ਕੈਬਨਿਟ ਮੰਤਰੀ ਦੀ ਸ਼ਹਿ ’ਤੇ ਭੂ-ਮਾਫੀਆ ਗਰੋਹ ਵੱਲੋਂ ਕਿਰਤੀ ਕਿਸਾਨ ਯੂਨੀਅਨ ਦੇ ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਨਿਰਭੈ ਸਿੰਘ ਖਾਈ ਤੇ ਲਹਿਰਾ ਵਿਖੇ ਕਾਤਲਾਨਾ ਹਮਲਾ ਕਰਕੇ ਉਨ੍ਹਾਂ ਦੀਆਂ ਲੱਤਾਂ-ਬਾਹਾਂ ਤੋੜ ਦੇਣਾ ਸ਼ਾਮਲ ਹੈ। ਇਸ ਜਬਰ ਦਾ ਮੂੰਹ ਤੋੜ ਜਵਾਬ ਦੇਣ ਲਈ 13 ਮਈ ਨੂੰ ਸੰਗਰੂਰ ਦੀ ਦਾਣਾ ਮੰਡੀ ਵਿੱਚ ਜ਼ੋਨ ਪੱਧਰੀ ਰੋਸ ਰੈਲੀ ਕਰਕੇ ਐੱਸਐੱਸਪੀ ਦਫ਼ਤਰ ਤੱਕ ਰੋਸ ਮਾਰਚ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਫੌਰੀ ਇਨ੍ਹਾਂ ਮਸਲਿਆਂ ਦਾ ਹੱਲ ਨਾ ਕੀਤਾ ਤਾਂ ਲੋਕ ਰੋਹ ਭਾਂਬੜ ਬਣ ਕੇ ਉਠੇਗਾ। ਮੀਟਿੰਗ ਵਿੱਚ ਕਿਸਾਨ ਆਗੂ ਦਰਸ਼ਨ ਸਿੰਘ ਕੁੰਨਰਾ, ਸਰਬਜੀਤ ਸਿੰਘ ਕਪਿਆਲ, ਕਸ਼ਮੀਰ ਸਿੰਘ ਘਰਾਚੋਂ, ਜੋਰਾ ਸਿੰਘ ਮਾਝੀ,ਆਤਮਾ ਸਿੰਘ ਮਹਿਲਾਂ, ਸੁਖਵਿੰਦਰ ਸਿੰਘ ਬਡਰੁੱਖਾਂ ਹਾਜ਼ਰ ਸਨ।