ਸੰਯੁਕਤ ਕਿਸਾਨ ਮੋਰਚੇ ਵੱਲੋਂ ਚਿੱਪ ਵਾਲੇ ਮੀਟਰਾਂ ਦਾ ਵਿਰੋਧ
ਜੋਗਿੰਦਰ ਸਿੰਘ ਮਾਨ
ਮਾਨਸਾ, 8 ਜੂਨ
ਸੰਯੁਕਤ ਕਿਸਾਨ ਮੋਰਚੇ ਦੇ ਪ੍ਰਮੁੱਖ ਆਗੂ ਅਤੇ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਿੱਪ ਵਾਲੇ ਬਿਜਲੀ ਮੀਟਰ ਲਗਾਉਣ ਦੀ ਸਕੀਮ ਦਾ ਕਿਸਾਨ ਜਥੇਬੰਦੀਆਂ ਵੱਲੋਂ ਵਿਰੋਧ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਭਾਵੇਂ ਭਗਵੰਤ ਮਾਨ ਦੀ ਸਰਕਾਰ ਦੇ ਇਸ਼ਾਰੇ ’ਤੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐੱਸਪੀਸੀਐੱਲ) ਦੇ ਅਧਿਕਾਰੀਆਂ ਵੱਲੋਂ ਚੋਰੀ-ਛੁਪੇ ਸ਼ਹਿਰਾਂ ਵਿੱਚ ਚਿੱਪ ਵਾਲੇ ਮੀਟਰ ਲਾਉਣੇ ਸ਼ੁਰੂ ਕਰ ਦਿੱਤੇ ਹਨ, ਪਰ ਜਿੱਥੇ-ਜਿੱਥੇ ਇਹ ਮੀਟਰ ਲੱਗੇ ਹਨ, ਖਪਤਕਾਰਾਂ ਦੇ ਵਿਰੋਧ ਕਰਨ ’ਤੇ ਕਿਸਾਨ ਜਥੇਬੰਦੀਆਂ ਉਨ੍ਹਾਂ ਦਾ ਸਾਥ ਦੇਣਗੀਆਂ। ਉਨ੍ਹਾਂ ਕਿਹਾ ਕਿ ਚਿੱਪ ਵਾਲੇ ਮੀਟਰਾਂ ਦਾ ਮਤਲਬ ਹੀ ਇਹ ਹੈ ਕਿ ਪਾਵਰ ਕਾਰਪੋਰੇਸ਼ਨ ਬੜੀ ਛੇਤੀ ਵੱਡੇ ਲੋਕਾਂ ਦੇ ਹੱਥਾਂ ਵਿੱਚ ਜਾ ਰਹੀ ਹੈ।
ਅੱਜ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰੁਲਦੂ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪਹਿਲੇ ਕਦਮ ਵਜੋਂ ਸਰਕਾਰੀ ਦਫ਼ਤਰਾਂ ਅਤੇ ਕਰਮਚਾਰੀਆਂ ਦੇ ਘਰਾਂ ਵਿੱਚ ਇਹ ਮੀਟਰ ਲਾਉਣ ਦੀ ਯੋਜਨਾ ਬਣਾ ਰਹੀ ਹੈ। ਖਾਸ ਕਰਕੇ ਸ਼ਹਿਰੀ ਖੇਤਰ ਵਿੱਚ ਉਸਰ ਰਹੀਆਂ ਸਰਕਾਰੀ ਕਲੋਨੀਆਂ ਵਿੱਚ ਅਜਿਹੇ ਮੀਟਰਾਂ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕ ਜਦੋਂ ਅਜਿਹੇ ਮੀਟਰਾਂ ਦਾ ਵਿਰੋਧ ਕਰਨਗੇ ਤਾਂ ਕਿਸਾਨ ਜਥੇਬੰਦੀਆਂ ਦੇ ਆਗੂ ਪਾਵਰ ਕਾਰਪੋਰੇਸ਼ਨ ਦੇ ਅਧਿਕਾਰੀਆਂ ਦਾ ਘਿਰਾਓ ਕਰਨਗੇ। ਉਨ੍ਹਾਂ ਕਿਹਾ ਕਿ ਸਰਕਾਰ ਦੀ ਕਲੋਨੀਆਂ ਤੋਂ ਬਾਅਦ ਕਿਸਾਨਾਂ, ਮਜ਼ਦੂਰਾਂ ਤੇ ਆਮ ਲੋਕਾਂ ਦੇ ਘਰਾਂ ਵਿੱਚ ਅਜਿਹੇ ਮੀਟਰ ਲਾਉਣ ਦੀ ਯੋਜਨਾ ਹੈ। ਉਨ੍ਹਾਂ ਕਿਹਾ ਕਿ ਚਿੱਪ ਵਾਲੇ ਮੀਟਰਾਂ ਨੂੰ ਲੈ ਕੇ ਵਜ਼ੀਰਾਂ, ਵਿਧਾਇਕਾਂ ਅਤੇ ਪਾਵਰ ਕਾਰਪੋਰੇਸ਼ਨ ਦੇ ਅਧਿਕਾਰੀਆਂ ਦੇ ਘਰਾਂ ਦਾ ਘਿਰਾਓ ਕੀਤਾ ਜਾਵੇਗਾ। ਉਨ੍ਹਾਂ ਇਸ ਸਬੰਧੀ ਲੋਕਾਂ ਤੋਂ ਸਹਿਯੋਗ ਦੀ ਮੰਗ ਕੀਤੀ।