ਹੜ੍ਹ ਪੀੜਤਾਂ ਨੇ ਫ਼ਸਲਾਂ ਦੇ ਖਰਾਬੇ ਲਈ ਮੁਆਵਜ਼ਾ ਮੰਗਿਆ
ਆਤਿਸ਼ ਗੁਪਤਾ
ਚੰਡੀਗੜ੍ਹ, 14 ਅਪਰੈਲ
ਹੜ੍ਹ ਪੀੜਤ ਕਿਸਾਨ ਸੰਘਰਸ਼ ਕਮੇਟੀ ਨੇ ਫ਼ਸਲਾਂ ਦੇ ਖਰਾਬੇ ਲਈ ਸੂਬਾ ਸਰਕਾਰ ਤੋਂ ਮੁਆਵਜ਼ੇ ਦੀ ਮੰਗ ਕੀਤੀ ਹੈ। ਕਮੇਟੀ ਦੇ ਪ੍ਰਧਾਨ ਜਸਬੀਰ ਸਿੰਘ ਆਹਲੂਵਾਲੀਆ ਤੇ ਸਕੱਤਰ ਕੁਲਦੀਪ ਸਿੰਘ ਨੇ ਚੰਡੀਗੜ੍ਹ ਦੇ ਕਿਸਾਨ ਭਵਨ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੁਆਵਜ਼ਾ ਰਾਸ਼ੀ ਜਾਰੀ ਨਾ ਕਰਨ ’ਤੇ ਸੂਬਾ ਸਰਕਾਰ ਖ਼ਿਲਾਫ਼ ਸੰਘਰਸ਼ ਵਿੱਢਿਆ ਜਾਵੇਗਾ। ਆਹਲੂਵਾਲੀਆ ਨੇ ਕਿਹਾ ਕਿ ਮੌਨਸੂਨ ਦੌਰਾਨ ਹੜ੍ਹ ਆਉਣ ਕਾਰਨ ਉਨ੍ਹਾਂ ਦੀਆਂ ਫ਼ਸਲਾਂ ਖਰਾਬ ਹੋ ਜਾਂਦੀਆਂ ਹਨ ਅਤੇ ਕਈ ਵਾਰ ਖੇਤ ਦਾ ਆਕਾਰ ਵੀ ਵਿਗੜ ਜਾਂਦਾ ਹੈ, ਪਰ ਸੂਬਾ ਸਰਕਾਰ ਨੇ ਕਿਸਾਨਾਂ ਦੀ ਕਦੇ ਵੀ ਸਾਰ ਨਹੀਂ ਲਈ। ਉਨ੍ਹਾਂ ਕਿਹਾ ਕਿ ਪਹਿਲਾਂ ਪੰਜਾਬ ਵਿੱਚ ਹੜ੍ਹ ਪੀੜਤ ਕਿਸਾਨਾਂ ਨੂੰ ਫ਼ਸਲਾਂ ਦਾ ਮੁਆਵਜ਼ਾ 12 ਹਜ਼ਾਰ ਰੁਪਏ ਪ੍ਰਤੀ ਏਕੜ ਦਿੱਤਾ ਜਾਂਦਾ ਸੀ, ਪਰ ਮੌਜੂਦਾ ਸਰਕਾਰ ਨੇ ਇਹ ਘਟਾ ਕੇ 6,800 ਰੁਪਏ ਪ੍ਰਤੀ ਏਕੜ ਕਰ ਦਿੱਤਾ ਹੈ। ਇਸ ਦੇ ਬਾਵਜੂਦ ਕਿਸਾਨਾਂ ਨੂੰ ਅਦਾਇਗੀ ਨਹੀਂ ਕੀਤੀ ਜਾ ਰਹੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਜ਼ਮੀਨ ਵਿੱਚ ਨਮੀ ਵਧਣ ’ਤੇ 7,200 ਰੁਪਏ ਪ੍ਰਤੀ ਏਕੜ, ਮੱਝ ਦੇ ਮਰਨ ’ਤੇ 37,500 ਰੁਪਏ ਪ੍ਰਤੀ ਪਸ਼ੂ, ਬੱਕਰੀ ਜਾਂ ਸੂਰ ਮਰਨ ’ਤੇ 4 ਹਜ਼ਾਰ ਰੁਪਏ ਪ੍ਰਤੀ ਪਸ਼ੂ ਅਤੇ ਘੋੜਾ ਜਾਂ ਬਲਦ ਮਰਨ ’ਤੇ 32 ਹਜ਼ਾਰ ਰੁਪਏ ਪ੍ਰਤੀ ਪਸ਼ੂ ਦੀ ਅਦਾਇਗੀ ਕੀਤੀ ਜਾਣੀ ਚਾਹੀਦੀ ਹੈ, ਪਰ ਸੂਬਾ ਸਰਕਾਰ ਦੀ ਅਣਗਿਹਲੀ ਕਰਕੇ ਵੱਡੀ ਗਿਣਤੀ ਕਿਸਾਨਾਂ ਨੂੰ ਮੁਆਵਜ਼ਾ ਨਹੀਂ ਦਿੱਤਾ ਜਾ ਰਿਹਾ।
ਆਹਲੂਵਾਲੀਆ ਨੇ ਕਿਹਾ ਕਿ ਉਹ ਕਿਸਾਨਾਂ ਦੀਆਂ ਮੰਗਾਂ ਸਬੰਧੀ ਮੁੱਖ ਮੰਤਰੀ ਨੂੰ ਮਿਲਣ ਲਈ ਕਈ ਵਾਰ ਸਮਾਂ ਮੰਗ ਚੁੱਕੇ ਹਨ, ਪਰ ਸਮਾਂ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਜੇ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਸਰਕਾਰ ਵੱਲੋਂ ਹੜ੍ਹ ਪੀੜ੍ਹਤ ਕਿਸਾਨਾਂ ਦਾ ਬਣਦਾ ਮੁਆਵਜ਼ਾ ਜਾਰੀ ਨਾ ਕੀਤਾ ਗਿਆ ਤਾਂ ਉਨ੍ਹਾਂ ਦੀ ਜਥੇਬੰਦੀ ਵੱਲੋਂ ਚੰਡੀਗੜ੍ਹ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਿਹਾਇਸ਼ ਅੱਗੇ ਰੋਸ ਮੁਜ਼ਾਹਰਾ ਕੀਤਾ ਜਾਵੇਗਾ।