ਨਿੱਜੀ ਪੱਤਰ ਪ੍ਰੇਰਕਲੁਧਿਆਣਾ, 19 ਜੂਨਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਾਰਤ ਅੰਦਰ ਮਰਹੂਮ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਵੱਲੋਂ ਲਗਾਈ ਗਈ ਐਮਰਜੈਂਸੀ ਵਿਰੁੱਧ 26 ਜੂਨ ਨੂੰ ਕਾਲਾ ਦਿਵਸ ਵਜੋਂ ਮਨਾਉਣ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਸਬੰਧੀ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਕੁਰੂਕਸ਼ੇਤਰ ਵਿੱਚ ਸਮਾਗਮ ਹੋਵੇਗਾ। ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਬਾਬਾ ਬਲਜੀਤ ਸਿੰਘ ਦਾਦੂਵਾਲ ਨੇ ਅੱਜ ਇੱਥੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇਸ ਫ਼ੈਸਲੇ ਦਾ ਸਵਾਗਤ ਕਰਦਿਆਂ ਇਸ ਨੂੰ ਸ਼ਲਾਘਾਯੋਗ ਕਦਮ ਦੱਸਿਆ ਹੈ।ਉਨ੍ਹਾਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਦੀ ਅਗਵਾਈ ਹੇਠ ਸਿੱਖ ਧਰਮ ਨਾਲ ਸਬੰਧਿਤ ਇਤਿਹਾਸਿਕ ਦਿਹਾੜਿਆਂ ਨੂੰ ਮਨਾਉਣ ਦੇ ਫ਼ੈਸਲੇ ਦੀ ਸ਼ਲਾਘਾ ਕੀਤੀ ਹੈ। ਜਥੇਦਾਰ ਦਾਦੂਵਾਲ ਨੇ ਕਿਹਾ ਕਿ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਗੁਰੂ ਸਾਹਿਬਾਨ ਦੇ ਆਗਮਨ ਪੁਰਬ, ਗੁਰਤਾਗੱਦੀ ਪੁਰਬ ਅਤੇ ਸ਼ਹੀਦੀ ਦਿਹਾੜਿਆਂ ਤੋਂ ਇਲਾਵਾ ਸਿੱਖ ਧਰਮ ਨਾਲ ਸਬੰਧਤ ਇਤਿਹਾਸਿਕ ਦਿਨਾਂ ਨੂੰ ਆਪਣਾ ਫਰਜ਼ ਸਮਝਦਿਆਂ ਸ਼ਰਧਾ ਭਾਵਨਾ ਅਤੇ ਚੜਦੀਕਲਾ ਨਾਲ ਮਨਾਉਣਾ ਆਪਣਾ ਫਰਜ਼ ਸਮਝਦੀ ਹੈ। ਜਥੇਦਾਰ ਦਾਦੂਵਾਲ ਨੇ ਕਿਹਾ ਕਿ ਹਰਿਆਣਾ ਕਮੇਟੀ ਵੱਲੋਂ 29 ਜੂਨ ਨੂੰ ਬਾਬਾ ਬੰਦਾ ਸਿੰਘ ਬਹਾਦਰ ਦਾ ਸ਼ਹੀਦੀ ਸਮਾਗਮ ਵੀ ਕਿਲਾ ਲੋਹਗੜ੍ਹ ਯਮੁਨਾਨਗਰ ਵਿੱਚ ਮਨਾਇਆ ਜਾ ਰਿਹਾ ਹੈ। ਇਸੇ ਤਰ੍ਹਾਂ ਗੁਰੂ ਤੇਗ ਬਹਾਦਰ ਸਾਹਿਬ ਦੇ 350 ਸਾਲਾ ਸ਼ਹੀਦੀ ਦਿਹਾੜੇ ਮੌਕੇ ਹਰਿਆਣਾ ਕਮੇਟੀ ਸ਼ਰਧਾ ਅਤੇ ਸਤਿਕਾਰ ਸਹਿਤ ਸਮਾਗਮ ਕਰ ਰਹੀ ਹੈ।