ਹਲਕੇ ਦੇ ਲੋਕਾਂ ਦੀ ਆਵਾਜ਼ ਬੁਲੰਦ ਕਰਦਾ ਰਹਾਂਗਾ: ਗੋਲਡੀ
ਹਰਦੀਪ ਸਿੰਘ ਸੋਢੀ
ਧੂਰੀ, 13 ਅਪਰੈਲ
ਕਾਂਗਰਸ ਵਿੱਚ ਮੁੜ ਸ਼ਾਮਲ ਹੋਏ ਧੂਰੀ ਦੇ ਸਾਬਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਨੇ ਕਿਹਾ ਕਿ ਉਹ ਹਲਕੇ ਦੇ ਲੋਕਾਂ ਦੀ ਆਵਾਜ਼ ਬੁਲੰਦ ਕਰਦੇ ਰਹਿਣਗੇ। ਦਰਵੀਰ ਸਿੰਘ ਗੋਲਡੀ ਅੱਜ ਆਪਣੇ ਘਰ ਸੱਦੀ ਪੱਤਰਕਾਰ ਮਿਲਣੀ ਦੌਰਾਨ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਕਿਹਾ ਕਿ ਬੀਤੇ ਸਮੇਂ ਜੋ ਕੁਝ ਸਿਆਸੀ ਤੌਰ ’ਤੇ ਉਨ੍ਹਾਂ ਨਾਲ ਵਾਪਰਿਆ ਉਸ ਨੂੰ ਭੁੱਲਦੇ ਹੋਏ ਉਹ ਮੁੜ ਤੋਂ ਧੂਰੀ ਹਲਕੇ ਦੇ ਲੋਕਾਂ ਦੀ ਆਵਾਜ਼ ਬੁਲੰਦ ਕਰਦੇ ਰਹਿਣਗੇ। ਉਨ੍ਹਾਂ ਕਿਹਾ ਉਸ ਸਮੁੱਚੀ ਕਾਂਗਰਸ ਪਾਰਟੀ ਹਾਈਕਮਾਨ ਦਾ ਧੰਨਵਾਦ ਕਰਦੇ ਹਨ ਜਿਨ੍ਹਾਂ ਸਦਕਾ ਉਨ੍ਹਾਂ ਨੂੰ ਕਾਂਗਰਸ ਪਾਰਟੀ ਵਿੱਚ ਪਹਿਲਾਂ ਨਾਲੋਂ ਵੱਧ ਪਿਆਰ ਮਿਲਿਆ ਹੈ। ਉਨ੍ਹਾਂ ਕਿਹਾ ਰਾਜਨੀਤੀ ਵਿੱਚ ਬਹੁਤ ਕੁਝ ਸਿੱਖਣ ਨੂੰ ਮਿਲਿਆ ਹੈ ਅਤੇ ਹਮੇਸ਼ਾ ਕਾਂਗਰਸ ਪਾਰਟੀ ਦੇ ਆਗੂਆਂ ਤੇ ਪਾਰਟੀ ਦਾ ਸਤਿਕਾਰ ਕਰਦੇ ਰਹਿਣਗੇ। ਗੋਲਡੀ ਨੇ ਕਿਹਾ ਕਿ ਉਹ ਲੁਧਿਆਣਾ ਜ਼ਿਮਨੀ ਚੋਣ ਤੋਂ ਇਲਾਵਾ ਬਲਾਕ ਸਮਿਤੀ ਤੇ ਹੋਰ ਚੋਣਾਂ ਦੌਰਾਨ ਪਾਰਟੀ ਲਈ ਪ੍ਰਚਾਰ ਕਰਨਗੇ ਅਤੇ ਲੁਧਿਆਣਾ ਜ਼ਿਮਨੀ ਚੋਣ ਵਿੱਚ ਆਪਣੀ ਬਣਦੀ ਡਿਊਟੀ ਨਿਭਾਉਣਗੇ। ਉਨ੍ਹਾਂ ਕਿਹਾ ਉਹ ਜਲਦੀ ਸ਼ਹਿਰ ਤੇ ਪਿੰਡਾਂ ਅੰਦਰ ਆਪਣੇ ਵਰਕਰਾਂ ਦਾ ਇਕੱਠ ਕਰ ਕੇ ਅਗਲੀ ਰਣਨੀਤੀ ਤੈਅ ਕਰਨਗੇ। ਇਸ ਮੌਕੇ ਗੁਰਪਿਆਰ ਸਿੰਘ ਧੂਰਾ, ਹਨੀ ਤੂਰ, ਇੰਦਰਜੀਤ ਸਿੰਘ ਗੋਲਡੀ ਤੋਂ ਇਲਾਵਾ ਹੋਰ ਵਰਕਰ ਹਾਜ਼ਰ ਸਨ।