ਹਸਪਤਾਲ ’ਚੋਂ ਵਾਹਨ ਚੋਰੀ ਕਰਨ ਵਾਲੇ ਕਾਬੂ; ਪੰਜ ਮੋਟਰਸਾਈਕਲ ਬਰਾਮਦ
ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 31 ਜਨਵਰੀ
ਥਾਣਾ ਮਜੀਠਾ ਰੋਡ ਪੁਲੀਸ ਨੇ ਗੁਰੂ ਨਾਨਕ ਦੇਵ ਹਸਪਤਾਲ ਤੋਂ ਮੋਟਰਸਾਈਕਲ ਚੋਰੀ ਕਰਨ ਵਾਲੇ ਇੱਕ ਗਰੋਹ ਦੇ ਦੋ ਮੈਂਬਰਾਂ ਨੂੰ ਕਾਬੂ ਕੀਤਾ ਹੈ ਅਤੇ ਉਨ੍ਹਾਂ ਕੋਲੋਂ ਚੋਰੀ ਕੀਤੇ ਹੋਏ ਪੰਜ ਮੋਟਰਸਾਈਕਲ ਬਰਾਮਦ ਕੀਤੇ ਹਨ। ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਮੰਗਾ ਸਿੰਘ ਅਤੇ ਲਵਦੀਪ ਸਿੰਘ ਵੱਜੋਂ ਹੋਈ ਹੈ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਇਸ ਸਬੰਧ ਵਿੱਚ ਅੰਗਰੇਜ਼ ਸਿੰਘ ਉਰਫ ਹੈਪੀ ਵਾਸੀ ਜ਼ਿਲ੍ਹਾ ਤਰਨ ਤਾਰਨ ਵੱਲੋਂ ਸ਼ਿਕਾਇਤ ਦਰਜ ਕਰਵਾਈ ਗਈ ਸੀ, ਜਿਸ ਵਿੱਚ ਉਸ ਨੇ ਕਿਹਾ ਸੀ ਕਿ ਉਹ ਆਪਣੀ ਮਾਂ ਦੇ ਇਲਾਜ ਵਾਸਤੇ ਗੁਰੂ ਨਾਨਕ ਦੇਵ ਹਸਪਤਾਲ ਆਇਆ ਸੀ। ਉਸ ਨੇ ਆਪਣਾ ਮੋਟਰਸਾਈਕਲ ਪਾਰਕਿੰਗ ਤੋਂ ਬਾਹਰ ਖੜਾ ਕੀਤਾ ਸੀ ਪਰ ਵਾਪਸੀ ਵੇਲੇ ਉਸ ਦਾ ਮੋਟਰਸਾਈਕਲ ਉਥੇ ਨਹੀਂ ਸੀ। ਪੁਲੀਸ ਨੇ ਇਸ ਸਬੰਧ ਵਿੱਚ ਸ਼ਿਕਾਇਤ ਦਰਜ ਕਰਨ ਮਗਰੋਂ ਜਾਂਚ ਕਰਦਿਆਂ ਦੋਵਾਂ ਮੁਲਜ਼ਮਾਂ ਨੂੰ ਕਾਬੂ ਕੀਤਾ ਹੈ ਅਤੇ ਉਨ੍ਹਾਂ ਕੋਲੋਂ ਇੱਕ ਮੋਟਰਸਾਈਕਲ ਬਰਾਮਦ ਕੀਤਾ। ਪੁੱਛ-ਪੜਤਾਲ ਤੋਂ ਬਾਅਦ ਚਾਰ ਹੋਰ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ।