ਅਕਾਲੀ ਦਲ ਦੀ ਸੁਰਜੀਤੀ ਲਈ ਕਾਨਫਰੰਸ ਭਲਕੇ
ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਸੀਨੀਅਰ ਲੀਡਰਸ਼ਿਪ ਅਤੇ ਵਰਕਰਾਂ ਦੀ ਮੀਟਿੰਗ ਵਿੱਚ 24 ਮਈ ਨੂੰ ਇੱਥੇ ਅਕਾਲੀ ਦਲ ਦੀ ਸੁਰਜੀਤੀ ਲਈ ਅਕਾਲ ਤਖ਼ਤ ਵੱਲੋਂ ਬਣਾਈ ਪੰਜ ਮੈਬਰੀ ਕਮੇਟੀ ਵੱਲੋਂ ਕੀਤੀ ਜਾ ਰਹੀ ਕਾਨਫੰਰਸ ਦੀਆਂ ਤਿਆਰੀਆਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ। ਮੀਟਿੰਗ ਵਿਚ ਸਾਬਕਾ ਸੰਸਦ ਮੈਬਰ ਪ੍ਰੇਮ ਸਿੰਘ ਚੰਦੂਮਾਜਰਾ, ਸੀਨੀਅਰ ਆਗੂ ਗੁਰਜੀਤ ਸਿੰਘ ਤਲਵੰਡੀ, ਅਮਰ ਇੰਦਰ ਸਿੰਘ ਲਿਬੜਾ, ਸਾਬਕਾ ਵਿਧਾਇਕ ਜਸਟਿਸ ਨਿਰਮਲ ਸਿੰਘ, ਸਾਬਕਾ ਲੋਕ ਸਭਾ ਮੈਂਬਰ ਸਤਵਿੰਦਰ ਕੌਰ ਧਾਲੀਵਾਲ, ਸਿਮਰਨਜੀਤ ਸਿੰਘ ਚੰਦੂਮਾਜਰਾ, ਦਰਬਾਰਾ ਸਿੰਘ ਰੰਧਾਵਾ, ਸਾਬਕਾ ਚੇਅਰਮੈਨ ਬਲਤੇਜ ਸਿੰਘ ਮਹਿਮੂਦਪੁਰ, ਲਖਵੀਰ ਸਿੰਘ ਥਾਂਵਲਾ, ਰਣਬੀਰ ਸਿੰਘ ਲਿਬੜਾ ਅਤੇ ਜੱਸਾ ਸਿੰਘ ਆਹਲੂਵਾਲੀਆ ਨੇ ਹਾਜ਼ਰੀ ਭਰੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਪ੍ਰੋ. ਚੰਦੂਮਾਜਰਾ, ਸ੍ਰੀ ਤਲਵੰਡੀ ਅਤੇ ਲਿਬੜਾ ਨੇ ਕਿਹਾ ਕਿ 24 ਦੀ ਕਾਨਫੰਰਸ ਇਤਿਹਾਸਕ ਹੋਵੇਗੀ ਕਿਉਂਕਿ ਸੰਗਤ ਵਿੱਚ ਇਸ ਪ੍ਰਤੀ ਉਤਸ਼ਾਹ ਹੈ। ਸ੍ਰੀ ਚੰਦੂਮਾਜਰਾ ਨੇ ਦੱਸਿਆ ਕਿ 25 ਲੱਖ ਤੋਂ ਵੱਧ ਮੈਂਬਰਸ਼ਿਪ ਹੋਣ ਦੀ ਸੰਭਾਵਨਾ ਹੈ ਜੋਂ 18 ਜੂਨ ਤੱਕ ਮੁਕੰਮਲ ਹੋ ਜਾਵੇਗੀ। ਇਸ ਉਪਰੰਤ ਪ੍ਰਧਾਨ ਅਤੇ ਜਥੇਬੰਦੀ ਦਾ ਐਲਾਨ ਕੀਤਾ ਜਾਵੇਗਾ। ਪੰਜਾਬ ਦੇ ਪਾਣੀਆਂ ਦੇ ਮਾਮਲੇ ਬਾਰੇ ਉਨ੍ਹਾਂ ਕਿਹਾ ਕਿ ਧਰਨੇ ਲਗਾਉਣ ਦੀ ਥਾਂ ਸਾਰੀਆਂ ਸਿਆਸੀ ਪਾਰਟੀਆਂ ਨੂੰ ਇਕੱਠੇ ਹੋ ਕੇ ਪ੍ਰਧਾਨ ਮੰਤਰੀ ਨਾਲ ਸੰਪਰਕ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਾਰੀਆਂ ਸਿਆਸੀ ਪਾਰਟੀਆਂ ਨੂੰ ਇਸ ਮਾਮਲੇ ਪ੍ਰਤੀ ਗੰਭੀਰਤਾ ਅਤੇ ਸੁਹਿਰਦਤਾ ਨਾਲ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ ਪੰਜਾਬ ਵਿਚ ਗੈਰ ਪੰਜਾਬੀਆਂ ਨੂੰ ਬੋਰਡ ਦੇ ਚੇਅਰਮੈਨ ਲਗਾਉਣ ਦੀ ਵੀ ਅਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਦਿੱਲੀ ਦੇ ਆਗੂਆਂ ਅੱਗੇ ਗੋਡੇ ਟੇਕ ਦਿੱਤੇ ਹਨ। ਇਸ ਲਈ ਪੰਜਾਬੀ ਉਨ੍ਹਾਂ ਨੂੰ ਕਦੇ ਮੁਆਫ਼ ਨਹੀਂ ਕਰਨਗੇ।