ਅਕਾਲੀ ਦਲ ਦੇ ਆਗੂਆਂ ਦੀ ਤਿੱਕੜੀ ਕਾਂਗਰਸ ’ਚ ਸ਼ਾਮਲ
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 16 ਜੂਨ
ਸ਼੍ੋਮਣੀ ਅਕਾਲੀ ਦਲ ਦੇ ਸੀਨੀਅਰ ਆਗੂਆਂ ਦੀ ਤਿੱਕੜੀ ਨੇ ਅੱਜ ਪੰਜਾਬ ਕਾਂਗਰਸ ਵਿੱਚ ਸ਼ਮੂਲੀਅਤ ਕਰ ਲਈ ਹੈ। ਲੰਘੇ ਦਿਨਾਂ ਤੋਂ ਸ਼੍ਰੋਮਣੀ ਅਕਾਲੀ ਦਲ ਨੇ ਪਾਰਟੀ ਤੋਂ ਨਾਰਾਜ਼ ਆਗੂਆਂ ਦੀ ‘ਘਰ ਵਾਪਸੀ’ ਲਈ ਮੁਹਿੰਮ ਵਿੱਢੀ ਹੋਈ ਹੈ। ਇਸੇ ਦੌਰਾਨ ਪੰਜਾਬ ਕਾਂਗਰਸ ਨੇ ਵੀ ਪਾਰਟੀ ਦੀ ਮਜ਼ਬੂਤੀ ਲਈ ਹੱਥ ਪੈਰ ਮਾਰਨੇ ਸ਼ੁਰੂ ਕਰ ਦਿੱਤੇ ਹਨ।
ਅੱਜ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਰਜਿੰਦਰ ਦੀਪਾ ਸੁਨਾਮ, ਮੁਕੇਰੀਆਂ ਤੋਂ ਸਰਬਜੋਤ ਸਿੰਘ ਸਾਬੀ ਤੇ ਅਨਿਲ ਠਾਕੁਰ ਨੇ ਕਾਂਗਰਸ ਵਿੱਚ ਸ਼ਮੂਲੀਅਤ ਕੀਤੀ। ਕਾਂਗਰਸ ਦੇ ਕੌਮੀ ਜਨਰਲ ਸਕੱਤਰ ਇੰਚਾਰਜ ਪੰਜਾਬ ਭੁਪੇਸ਼ ਬਘੇਲ ਨੇ ਸੂਬਾ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਅਤੇ ਹੋਰ ਸੀਨੀਅਰ ਪਾਰਟੀ ਆਗੂਆਂ ਦੀ ਮੌਜੂਦਗੀ ਵਿੱਚ ਇਨ੍ਹਾਂ ਅਕਾਲੀ ਆਗੂਆਂ ਨੂੰ ਪਾਰਟੀ ਵਿੱਚ ਸ਼ਾਮਲ ਕੀਤਾ। ਬਘੇਲ ਨੇ ਇਨ੍ਹਾਂ ਆਗੂਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਪੰਜਾਬ ਭਰ ਵਿੱਚ ਕਾਂਗਰਸ ਦੀ ਸੱਤਾ ’ਚ ਵਾਪਸੀ ਦਾ ਮਾਹੌਲ ਬਣਨ ਲੱਗਿਆ ਹੈ। ਉਨ੍ਹਾਂ ਕਿਹਾ ਕਿ ਕਈ ਸਿਆਸੀ ਪਾਰਟੀਆਂ ਦੇ ਸੀਨੀਅਰ ਆਗੂ ਕਾਂਗਰਸ ਵਿੱਚ ਸ਼ਾਮਲ ਹੋਣ ਲਈ ਕਾਹਲੇ ਹਨ। ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਤਿੰਨਾਂ ਆਗੂਆਂ ਦਾ ਜਨਤਕ ਸੇਵਾ ਵਿੱਚ ਬਹੁਤ ਵੱਡਾ ਯੋਗਦਾਨ ਹੈ ਅਤੇ ਇਹ ਆਗੂ ਪਾਰਟੀ ਲਈ ਵੱਡੀ ਤਾਕਤ ਸਾਬਤ ਹੋਣਗੇ। ਇਸ ਮੌਕੇ ਬ੍ਰਹਮ ਮਹਿੰਦਰਾ, ਰਾਣਾ ਕੇਪੀ ਸਿੰਘ, ਬਲਬੀਰ ਸਿੱਧੂ, ਕੈਪਟਨ ਸੰਦੀਪ ਸੰਧੂ ਤੇ ਬਰਿੰਦਰਮੀਤ ਸਿੰਘ ਪਾਹੜਾ ਮੌਜੂਦ ਸਨ।
ਕਈ ਆਗੂ ਮੇਰੇ ਸੰਪਰਕ ਵਿੱਚ: ਵੜਿੰਗ
ਪੰਜਾਬ ਕਾਂਗਰਸ ਦੇ ਪ੍ਰਧਾਨ ਵੜਿੰਗ ਨੇ ਕਿਹਾ ਕਿ ਪੰਜਾਬ ਵਿੱਚ ਕਾਂਗਰਸ ਸੱਤਾ ’ਚ ਵਾਪਸ ਆ ਰਹੀ ਹੈ। ਉਨ੍ਹਾਂ ਖ਼ੁਲਾਸਾ ਕੀਤਾ ਕਿ ਹੋਰਨਾਂ ਪਾਰਟੀਆਂ ਦੇ ਕਈ ਆਗੂ ਉਨ੍ਹਾਂ ਦੇ ਸੰਪਰਕ ਵਿੱਚ ਹਨ ਅਤੇ ਪਾਰਟੀ ਵਿੱਚ ਸ਼ਾਮਲ ਹੋਣਾ ਚਾਹੁੰਦੇ ਹਨ। ਅਜਿਹੇ ਆਗੂਆਂ ਨੂੰ ਜਲਦੀ ਹੀ ਪਾਰਟੀ ਵਿੱਚ ਸ਼ਾਮਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਤਾਂ ਸਿਰਫ਼ ਸ਼ੁਰੂਆਤ ਹੈ।