ਅਕਾਲੀ ਦਲ ਦੇ ਰਾਜ ’ਚ ਪੰਜਾਬ ਸਿਰ ਕਰਜ਼ਾ ਚੜਿ੍ਹਆ: ਹੇਅਰ
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 12 ਜੂਨ
ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਸ਼੍ਰੋਮਣੀ ਅਕਾਲੀ ਦਲ ਦੀ ਆਗੂ ਹਰਸਿਮਰਤ ਕੌਰ ਬਾਦਲ ਵੱਲੋਂ ਸੂਬੇ ਸਿਰ ਚੜ੍ਹੇ ਕਰਜ਼ੇ ਨੂੰ ਲੈ ਕੇ ਚੁੱਕੇ ਸਵਾਲਾ ਦਾ ਮੋੜਵਾਂ ਜਵਾਬ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਲ ਦੌਰਾਨ ਪੰਜਾਬ ਸਿਰ ਕਰਜ਼ਾ ਚੜ੍ਹਨਾ ਸ਼ੁਰੂ ਹੋਇਆ ਸੀ। ਇਸ ਕਰਜ਼ੇ ਦੀ ਵਰਤੋਂ ਉਨ੍ਹਾਂ ਦੇ ਆਪਣੇ ਕਾਰੋਬਾਰਾਂ ਨੂੰ ਲਾਭ ਪਹੁੰਚਾਉਣ ਲਈ ਕੀਤੀ ਸੀ। ਇਸ ਦੇ ਉਲਟ ‘ਆਪ’ ਸਰਕਾਰ ਵੱਲੋਂ ਕਿਸਾਨਾਂ ਲਈ ਨਿਰਵਿਘਨ 12-13 ਘੰਟੇ ਬਿਜਲੀ ਸਪਲਾਈ ਦਿੱਤੀ ਜਾ ਰਹੀ ਹੈ। ਪੰਜਾਬ ਦੇ ਹਜ਼ਾਰਾਂ ਪਿੰਡਾਂ ਨੂੰ ਸਿੰਜਾਈ ਲਈ ਨਹਿਰੀ ਪਾਣੀ ਮੁਹੱਈਆ ਕਰਵਾਇਆ ਜਾ ਰਿਹਾ ਹੈ। ਮੀਤ ਹੇਅਰ ਨੇ ਕਿਹਾ ਕਿ ‘ਆਪ’ ਸਰਕਾਰ ਦੇ ਕਾਰਜਕਾਲ ਦੌਰਾਨ ਖੰਡਰ ਸਕੂਲਾਂ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਗਿਆ ਹੈ। ਇਸ ਤੋਂ ਇਲਾਵਾ ਤਿੰਨ ਸਾਲਾਂ ਵਿੱਚ 50,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ, ਜਦੋਂ ਕਿ ਪਿਛਲੀਆਂ ਸਰਕਾਰਾਂ ਦੇ ਮੁਕਾਬਲੇ ਬਹੁਤ ਵੱਧ ਹਨ।
‘ਆਪ’ ਸਰਕਾਰ ਨੇ ਛੱਪੜਾਂ ਦੀ ਸਫਾਈ, ਖੇਡ ਦੇ ਮੈਦਾਨ ਬਣਾਉਣ ਅਤੇ ਸਮੁੱਚੇ ਪੇਂਡੂ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਹਜ਼ਾਰਾਂ ਕਰੋੜ ਰੁਪਏ ਦੇ ਪ੍ਰਾਜੈਕਟ ਸ਼ੁਰੂ ਕੀਤੇ ਹਨ, ਜਿਨ੍ਹਾਂ ਦਾ ਲੋਕਾਂ ਨੂੰ ਲਾਭ ਮਿਲ ਰਿਹਾ ਹੈ। ਮੀਤ ਹੇਅਰ ਨੇ ਵਿਰੋਧੀ ਆਗੂਆਂ ਨੂੰ ਪਿੰਡਾਂ ਦਾ ਦੌਰਾ ਕਰਨ ਅਤੇ ‘ਆਪ’ ਸਰਕਾਰ ਦੁਆਰਾ ਲਿਆਂਦੀ ਗਈ ਤਬਦੀਲੀ ਨੂੰ ਦੇਖਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਸਿੱਖਿਆ ਅਤੇ ਰੁਜ਼ਗਾਰ ਤੋਂ ਲੈ ਕੇ ਬਿਜਲੀ ਅਤੇ ਪਾਣੀ ਤੱਕ ਅੰਤਰ ਸਪੱਸ਼ਟ ਹੈ। ‘ਆਪ’ ਗੱਲਾਂ ਨਹੀਂ ਕਰਦੇ, ਕੰਮ ਕਰ ਕੇ ਦਿਖਾਉਂਦੀ ਹੈ।