ਅਕਾਲੀ ਦਲ ਨੂੰ ਖ਼ਤਮ ਕਰਨ ਲਈ ਏਜੰਸੀਆਂ ਪੱਬਾਂ ਭਾਰ: ਪੁਰਖਾਲਵੀ
ਪੱਤਰ ਪ੍ਰੇਰਕ
ਐੱਸਏਐੱਸ ਨਗਰ (ਮੁਹਾਲੀ), 6 ਅਪਰੈਲ
ਅਕਾਲੀ ਦਲ ਦੇ ਸੀਨੀਅਰ ਆਗੂ ਸ਼ਮਸ਼ੇਰ ਸਿੰਘ ਪੁਰਖਾਲਵੀ ਨੇ ਕਿਹਾ ਕਿ ਪੰਜਾਬ ਦੀ ਇਕਲੌਤੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੇ ਸੰਭਾਵੀ ਉਭਾਰ ਤੋਂ ਚਿੰਤਤ ਸਿੱਖ ਵਿਰੋਧੀ ਤਾਕਤਾਂ ਕੇਂਦਰੀ ਅਤੇ ਸੂਬੇ ਦੀਆਂ ਏਜੰਸੀਆਂ ਰਾਹੀਂ ਪਾਰਟੀ ਦੀ ਧਾਰ ਨੂੰ ਖੁੰਡਾਂ ਕਰਨ ਲਈ ਕੋਝੇ ਹੱਥਕੰਡੇ ਵਰਤ ਰਹੀਆਂ ਹਨ ਅਤੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਸੁਰੱਖਿਆ ਵਾਪਸ ਲੈਣਾ ਵੀ ਇਸੇ ਲੜੀ ਦਾ ਹਿੱਸਾ ਹੈ। ਉਨ੍ਹਾਂ ਇਹ ਪ੍ਰਗਟਾਵਾ ਪੱਤਰਕਾਰਾਂ ਨਾਲ ਇੱਕ ਗੈਰ-ਰਸਮੀ ਗੱਲਬਾਤ ਦੌਰਾਨ ਕੀਤਾ।
ਪੁਰਖਾਲਵੀ ਨੇ ਦੋਸ਼ ਲਾਇਆ ਕਿ ਪਾਰਟੀ ਦੇ ਮੁੱਖ ਬੁਲਾਰੇ ਅਰਸ਼ਦੀਪ ਸਿੰਘ ਕਲੇਰ ਨੂੰ ਸਰਕਾਰੀ ਮੁਲਾਜ਼ਮ ਵੱਲੋਂ ਕਥਿਤ ਧਮਕੀਆਂ ਦੇਣ ਤੋਂ ਪਤਾ ਚੱਲਦਾ ਹੈ ਕਿ ਪੰਜਾਬ ਵਿੱਚ ਸਰਗਰਮ ਗੈਰ-ਸਮਾਜੀ ਤੱਤਾਂ ਨੂੰ ਸਰਕਾਰੀ ਸਰਪ੍ਰਸਤੀ ਹਾਸਲ ਹੈ। ਇਸ ਮੌਕੇ ਕੈਪਟਨ ਰਮਨਦੀਪ ਸਿੰਘ ਬਾਵਾ, ਡਾ. ਹਰਪ੍ਰੀਤ ਸਿੰਘ ਮੌਜਪੁਰ, ਨੰਬਰਦਾਰ ਹਰਿੰਦਰ ਸਿੰਘ ਸੁੱਖਗੜ੍ਹ, ਅਜੀਤ ਸਿੰਘ ਮਟੌਰ, ਸੋਹਣ ਸਿੰਘ ਜੁਝਾਰ ਨਗਰ, ਗੁਰਜੰਟ ਸਿੰਘ ਮੁਹਾਲੀ, ਗੁਰਵਿੰਦਰ ਸਿੰਘ ਸ਼ੰਭੂ ਅਤੇ ਦੀਦਾਰ ਸਿੰਘ ਜਨਰਲ ਸਕੱਤਰ ਗੁਰਦੁਆਰਾ ਸਿੰਘ ਸਭਾ ਹਾਜ਼ਰ ਸਨ।