ਅਕਾਲੀ ਦਲ ਨੇ ਜ਼ਿਲ੍ਹਾ ਪਰਿਸ਼ਦ ਚੋਣਾਂ ਦੀ ਤਿਆਰੀ ਖਿੱਚੀ
ਦਰਸ਼ਨ ਸਿੰਘ ਸੋਢੀ
ਐੱਸਏਐੱਸ ਨਗਰ (ਮੁਹਾਲੀ), 2 ਅਪਰੈਲ
ਸ਼੍ਰੋਮਣੀ ਅਕਾਲੀ ਦਲ ਨੇ ਆਉਂਦੇ ਦਿਨਾਂ ਵਿੱਚ ਹੋਣ ਵਾਲੀਆਂ ਬਲਾਕ ਸਮਿਤੀ ਅਤੇ ਜ਼ਿਲ੍ਹਾ ਪਰਿਸ਼ਦ ਚੋਣਾਂ ਲਈ ਤਿਆਰੀਆਂ ਖਿੱਚ ਦਿੱਤੀਆਂ ਹਨ। ਨਵੀਂ ਭਰਤੀ ਮੁਕੰਮਲ ਕਰਨ ਤੋਂ ਬਾਅਦ ਅਕਾਲੀ ਲੀਡਰਸ਼ਿਪ ਅਤੇ ਵਰਕਰ ਕਾਫ਼ੀ ਉਤਸ਼ਾਹਿਤ ਹਨ। ਅਕਾਲੀ ਦਲ ਮੁਹਾਲੀ ਦੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਬੈਦਵਾਨ ਨੇ ਅੱਜ ਪਾਰਟੀ ਦਫ਼ਤਰ ਵਿਖੇ ਦਿਹਾਤੀ ਖੇਤਰ ਦੇ ਸੀਨੀਅਰ ਆਗੂਆਂ ਨਾਲ ਅਹਿਮ ਮੀਟਿੰਗ ਕੀਤੀ ਅਤੇ ਆਪਣੇ ਬਲਬੂਤੇ ’ਤੇ ਬਲਾਕ ਸਮਿਤੀ ਅਤੇ ਜ਼ਿਲ੍ਹਾ ਪਰਿਸ਼ਦ ਚੋਣਾਂ ਲੜਨ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਅਕਾਲੀ ਦਲ ਚੋਣਾਂ ਸਬੰਧੀ ਜਲਦੀ ਹੀ ਅਗਲੀ ਰਣਨੀਤੀ ਦੀ ਐਲਾਨ ਕਰੇਗਾ ਅਤੇ ਚੰਗੇ ਉਮੀਦਵਾਰਾਂ ਨੂੰ ਮੈਦਾਨ ਵਿੱਚ ਉਤਾਰਿਆ ਜਾਵੇਗਾ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਰਵਿੰਦਰ ਸਿੰਘ ਬੈਦਵਾਨ ਨੇ ਕਿਹਾ ਕਿ ਪੰਜਾਬ ਦੀ ‘ਆਪ’ ਸਰਕਾਰ ਵਧੀਕੀਆਂ ਕਾਰਨ ਲੋਕਾਂ ਵਿੱਚ ਆਪਣਾ ਆਧਾਰ ਗੁਆ ਚੁੱਕੀ ਹੈ। ਇਸ ਮੌਕੇ ਸਾਬਕਾ ਚੇਅਰਮੈਨ ਜਸਵੀਰ ਸਿੰਘ ਜੱਸਾ, ਅਸ਼ਵਨੀ ਸ਼ਰਮਾ ਸੰਭਾਲਕੀ, ਦਲਿਤ ਆਗੂ ਸ਼ਮਸ਼ੇਰ ਪੁਰਖਾਲਵੀ, ਯੂਥ ਆਗੂ ਜਸਪ੍ਰੀਤ ਸਿੰਘ ਸੋਨੀ ਬੜੀ, ਸਰਕਲ ਪ੍ਰਧਾਨ ਬਲਵਿੰਦਰ ਲਖਨੌਰ, ਸੁਖਵਿੰਦਰ ਛਿੰਦੀ, ਜਸਵੀਰ ਸਿੰਘ ਜੱਸੀ ਕੁਰੜਾ, ਡਾ. ਮੇਜਰ ਸਿੰਘ ਜਗਤਪੁਰਾ, ਅਵਤਾਰ ਸਿੰਘ ਦਾਊਂ, ਬਲਜੀਤ ਸਿੰਘ ਜਗਤਪੁਰਾ, ਹਰਪਾਲ ਸਿੰਘ ਸਰਪੰਚ ਬਠਲਾਣਾ, ਸੋਹਣ ਸਿੰਘ ਚੱਪੜਚਿੜੀ, ਨਵਜੋਤ ਸਿੰਘ ਚੱਪੜਚਿੜੀ ਆਦਿ ਹਾਜ਼ਰ ਸਨ।