ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵੱਲੋਂ ਮੁਜ਼ਾਹਰਾ
ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 28 ਮਈ
ਅਕਾਲੀ ਦਲ ‘ਵਾਰਿਸ ਪੰਜਾਬ ਦੇ' ਵੱਲੋਂ ਅੱਜ ਸੈਂਕੜੇ ਵਰਕਰਾਂ ਨੇ ਡਿਪਟੀ ਕਮਿਸ਼ਨਰ ਦਫ਼ਤਰ ਬਾਹਰ ਰੋਸ ਮੁਜਾਹਰਾ ਕਰਕੇ ਡਿਪਟੀ ਕਮਿਸ਼ਨਰ ਰਾਹੀਂ ਪੰਜਾਬ ਦੇ ਰਾਜਪਾਲ ਨੂੰ ਇੱਕ ਮੰਗ ਪੱਤਰ ਭੇਜਕੇ ਭਾਈ ਅੰਮ੍ਰਿਤਪਾਲ ਸਿੰਘ ਐੱਮਪੀ ਸਮੇਤ ਜੇਲ੍ਹਾਂ ਵਿੱਚ ਨਜ਼ਰਬੰਦ ਨੌਜਵਾਨਾਂ ਅਤੇ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦੀ ਮੰਗ ਕੀਤੀ ਹੈ।
ਜ਼ਿਲ੍ਹਾ ਆਬਜ਼ਰਵਰ ਪ੍ਰਿਥੀਪਾਲ ਸਿੰਘ, ਭਾਈ ਜਸਕਰਨ ਸਿੰਘ ਕਾਹਨਸਿੰਘਵਾਲਾ, ਭਾਈ ਰਛਪਾਲ ਸਿੰਘ ਪਮਾਲ, ਦਰਸ਼ਨ ਸਿੰਘ ਖ਼ਾਲਸਾ ਅਤੇ ਜਸਵੰਤ ਸਿੰਘ ਚੀਮਾ ਦੀ ਅਗਵਾਈ ਹੇਠ ਵਫ਼ਦ ਨੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਿਆ। ਜਿਸ ਵਿੱਚ ਕਿਹਾ ਗਿਆ ਹੈ ਕਿ ਪੰਜਾਬ ਸਰਕਾਰ ਵੱਲੋਂ ਭਾਈ ਅੰਮ੍ਰਿਤਪਾਲ ਸਿੰਘ ਦੀ ਐਨਐਸਏ ਤੀਜੀ ਵਾਰ ਵਧਾਈ ਗਈ ਹੈ ਜਦਕਿ ਬਿਨਾਂ ਕਿਸੇ ਚਾਰਜ ਦੇ ਉਨ੍ਹਾਂ ਦੇ ਸਾਥੀਆਂ ਨੂੰ ਵੱਖ ਵੱਖ ਜੇਲ੍ਹਾਂ ਵਿੱਚ ਡੱਕਿਆ ਹੋਇਆ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਭਾਈ ਅੰਮ੍ਰਿਤਪਾਲ ਸਿੰਘ ਨੂੰ ਜੇਲ੍ਹ ਵਿੱਚ ਡੱਕਕੇ ਨੋਜਵਾਨਾਂ ਨੂੰ ਨਸ਼ਾ ਮੁਕਤ ਕਰਨ ਅਤੇ ਅੰਮ੍ਰਿਤ ਛਕਾਕੇ ਗੁਰੂ ਵਾਲੇ ਬਣਨ ਵਿੱਚ ਰੋੜੇ ਅਟਕਾ ਰਹੀ ਹੈ। ਉਨ੍ਹਾਂ ਕਿਹਾ ਕਿ ਆਪਣੀ ਸਜ਼ਾ ਪੂਰੀ ਕਰ ਚੁੱਕੇ ਕਈ ਆਗੂਆਂ ਅਤੇ ਵਰਕਰਾਂ ਨੂੰ ਬਿਨਾਂ ਕੇਸਾਂ ਦੇ ਕਈ ਸਾਲਾਂ ਤੋਂ ਜੇਲ੍ਹਾਂ ਵਿੱਚ ਰੱਖਿਆ ਹੋਇਆ ਹੈ। ਉਨ੍ਹਾਂ ਰਾਜਪਾਲ ਨੂੰ ਕਿਹਾ ਕਿ ਉਹ ਤੁਰੰਤ ਦਖਲਅੰਦਾਜ਼ੀ ਕਰਕੇ ਇਨ੍ਹਾਂ ਨੂੰ ਰਿਹਾਅ ਕਰਾਉਣ ਤਾਂ ਜੁ ਵਰ੍ਹਿਆਂ ਤੋਂ ਜੇਲ੍ਹਾਂ ਦੀਆਂ ਕਾਲ ਕੋਠੜੀਆਂ ਵਿੱਚ ਰਹਿ ਰਹੇ ਇਹ ਲੋਕ ਵੀ ਬਾਹਰ ਆ ਕੇ ਜ਼ਿੰਦਗੀ ਦਾ ਆਨੰਦ ਮਾਣ ਸਕਣ। ਇਸ ਮੌਕੇ ਜਥੇਦਾਰ ਹਰਪਾਲ ਸਿੰਘ ਕੋਹਲੀ, ਮਨਜੀਤ ਸਿੰਘ ਸਿਆਲਕੋਟੀ, ਪ੍ਰਿਤਪਾਲ ਸਿੰਘ, ਐਮਐਸ ਸੰਧੂ, ਕਿਰਪਾਲ ਸਿੰਘ ਸਮੇਤ ਕਈ ਆਗੂ ਹਾਜ਼ਰ ਸਨ।