ਅਕਾਲੀ ਵਰਕਰਾਂ ਦੀ ਮੀਟਿੰਗ
ਧੂਰੀ, 10 ਅਪਰੈਲ
ਸ੍ਰੀ ਅਕਾਲ ਤਖਤ ਸਾਹਿਬ ਦੀ ਫਸੀਲ ਤੋਂ ਜਾਰੀ ਹੋਏ ਹੁਕਮਨਾਮੇ ਦੀ ਇੰਨ-ਬਿਨ ਪਾਲਣਾ ਸਬੰਧੀ ਅਕਾਲੀ ਦਲ ਦੀ ਭਰਤੀ ਲਈ ਬਣਾਈ ਗਈ ਪੰਜ ਮੈਂਬਰੀ ਕਮੇਟੀ ਵਿੱਚ ਸ਼ਾਮਲ ਮੈਂਬਰ ਇਕਬਾਲ ਸਿੰਘ ਝੂੰਦਾ ਦੀ ਅਗਵਾਈ ਹੇਠ ਹਲਕਾ ਧੂਰੀ ਦੇ ਅਕਾਲੀ ਵਰਕਰਾਂ ਦੀ ਇੱਕ ਮੀਟਿੰਗ ਗੁਰਦੁਆਰਾ ਸ੍ਰੀ ਨਾਨਕਸਰ ਸਾਹਿਬ ਧੂਰੀ ਵਿਖੇ ਹੋਈ, ਜਿਸ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਧੂਰੀ ਦੇ ਸਾਬਕਾ ਇੰਚਾਰਜ ਪ੍ਰਸਿੱਧ ਉਦਯੋਗਪਤੀ ਹਰੀ ਸਿੰਘ ਪ੍ਰੀਤ ਹਲਕਾ ਧੂਰੀ ਤੋਂ ਸਾਬਕਾ ਵਿਧਾਇਕ ਗਗਨਜੀਤ ਸਿੰਘ ਬਰਨਾਲਾ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ।
ਹਰੀ ਸਿੰਘ ਪ੍ਰੀਤ ਨੇ ਕਿਹਾ ਕਿ ਉਹ ਇਸ ਭਰਤੀ ਮੁਹਿੰਮ ਵਿੱਚ ਅਕਾਲ ਤਖ਼ਤ ਸਾਹਿਬ ਦੇ ਹੁਕਮ ਅਨੁਸਾਰ ਇਕਬਾਲ ਸਿੰਘ ਝੂੰਦਾ ਦਾ ਸਮਰਥਨ ਕਰਦੇ ਹਨ। ਉਨ੍ਹਾਂ ਕਿਹਾ ਕਿ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਬੇ-ਇੱਜ਼ਤ ਕਰਨ ਵਾਲਿਆਂ ਪ੍ਰਤੀ ਸੰਗਤ ਦੇ ਮਨ ਵਿੱਚ ਭਾਰੀ ਰੋਸ ਹੈ।
ਗਗਨਜੀਤ ਸਿੰਘ ਬਰਨਾਲਾ ਨੇ ਕਿਹਾ ਅੱਜ ਅਕਾਲੀ ਲੀਡਰਸ਼ਿਪ ਜਿਹੜੇ ਹਾਲਾਤਾਂ ਵਿੱਚੋਂ ਲੰਘ ਰਹੀ ਹੈ ਉਹ ਕਾਫੀ ਮੰਦਭਾਗੇ ਹਨ। ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਅਕਾਲੀ ਦਲ (ਬ) ਦੇ ਸਿਰਕੱਢ ਆਗੂਆਂ ਸਣੇ ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲ ਤਖਤ ਸਾਹਿਬ ’ਤੇ ਝੋਲੀਆਂ ਅੱਡ ਕੇ ਕਬੂਲ ਕੀਤੀਆਂ ਗਲਤੀਆਂ ਅਤੇ ਗੁਨਾਹ ਮੰਨ ਲੈਣ ਤੋਂ ਬਾਅਦ ਮੁਕਰਨਾ ਸਿੱਖ ਕੌਮ ਨੂੰ ਮਨਜ਼ੂਰ ਨਹੀਂ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਨਾਲ ਉਨਾਂ ਦੀ ਕਾਫੀ ਨੇੜਤਾ ਹੋਣ ਦੇ ਬਾਵਜੂਦ ਵੀ ਉਨ੍ਹਾਂ ਨੇ ਸੁਖਬੀਰ ਬਾਦਲ ਕੋਲੋਂ ਕਿਨਾਰਾ ਕਰ ਲਿਆ ਹੈ ਅਤੇ ਅਕਾਲ ਤਖ਼ਤ ਦੇ ਹੁਕਮ ਨੂੰ ਮੰਨ ਕੇ ਉਸ ਨਾਲ ਖੜ੍ਹੇ ਹੋਣ ਦਾ ਫ਼ੈਸਲਾ ਕਰ ਲਿਆ ਹੈ।