ਅਕਾਲ ਤਖ਼ਤ ਨੂੰ ਜੰਗ ਦਾ ਅਖਾੜਾ ਨਹੀਂ ਬਣਨ ਦੇ ਸਕਦੇ: ਗੜਗੱਜ
ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 6 ਜੂਨ
ਅਕਾਲ ਤਖਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਪੰਥ ਨੂੰ ਦਰਪੇਸ਼ ਚੁਣੌਤੀਆਂ ਤੇ ਮੌਜੂਦਾ ਸਮੱਸਿਆਵਾਂ ਦੇ ਹੱਲ ਵਾਸਤੇ ਸਮੁੱਚੀ ਸਿੱਖ ਕੌਮ ਨੂੰ ਖਾਲਸਾਈ ਨਿਸ਼ਾਨ ਹੇਠ ਇਕਜੁੱਟ ਹੋਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਉਹ ਗੁਰੂ ਦੇ ਸਿੱਖ ਹਨ ਅਤੇ ਅਕਾਲ ਤਖਤ ਨੂੰ ਆਪਸੀ ਜੰਗ ਦਾ ਅਖਾੜਾ ਨਹੀਂ ਬਣਨ ਦੇ ਸਕਦੇ ਸਨ। ਉਨ੍ਹਾਂ ਕਿਹਾ ਕਿ ਉਹ ਬਾਹਰੀ ਤਾਕਤਾਂ ਨਾਲ ਤਾਂ ਲੜ ਸਕਦੇ ਹਨ ਪਰ ਆਪਣਿਆਂ ਨਾਲ ਕੋਈ ਟਕਰਾਅ ਨਹੀਂ ਚਾਹੁੰਦੇ। ਇੱਥੇ ਅਕਾਲ ਤਖਤ ਦੇ ਸਕੱਤਰੇਤ ’ਚ ਅੱਜ ਮੀਡੀਆ ਨਾਲ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਮੌਕੇ ਸਿੱਖ ਬੰਦੀਆਂ ਦੀ ਰਿਹਾਈ, ਧਰਮ ਪਰਿਵਰਤਨ ਨੂੰ ਰੋਕਣਾ, ਨਸ਼ਿਆਂ ਨੂੰ ਠੱਲ੍ਹ ਪਾਉਣਾ, ਨੌਜਵਾਨ ਪੀੜ੍ਹੀ ਨੂੰ ਬਾਣੀ ਤੇ ਬਾਣੇ ਨਾਲ ਜੋੜਨਾ ਅਹਿਮ ਕਾਰਜ ਹਨ। ਅਜਿਹੇ ਵੱਡੇ ਕਾਰਜਾਂ ਲਈ ਸਿੱਖ ਕੌਮ ਨੂੰ ਆਪਸੀ ਮੱਤਭੇਦ ਪਾਸੇ ਰੱਖ ਕੇ ਇਕਜੁੱਟ ਹੋਣਾ ਚਾਹੀਦਾ ਹੈ। ਸਮਾਗਮ ਦੌਰਾਨ ਅਕਾਲ ਤਖਤ ਦੇ ਕਾਰਜਕਾਰੀ ਜਥੇਦਾਰ ਵੱਲੋਂ ਸੰਦੇਸ਼ ਨਾ ਦੇਣ ਅਤੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕਰਨ ਤੋਂ ਰੋਕੇ ਜਾਣ ਸਬੰਧੀ ਪੁੱਛਣ ’ਤੇ ਉਨ੍ਹਾਂ ਕਿਹਾ ਕਿ ਕਈ ਵਾਰ ਵੱਡੇ ਹਿੱਤਾਂ ਲਈ ਬਹੁਤ ਕੁਝ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਅੱਜ ਸ੍ਰੀ ਅਕਾਲ ਤਖਤ ਤੋਂ ਸਮੂਹ ਸਿੱਖ ਜਥੇਬੰਦੀਆਂ ਨੇ ਅਕਾਲ ਤਖਤ ਦੀ ਰਹਿਨੁਮਾਈ ਹੇਠ ਇਕਜੁੱਟ ਹੋ ਕੇ ਬੈਠਣ ਦਾ ਸੁਨੇਹਾ ਦਿੱਤਾ ਹੈ।
ਇਸ ਦੌਰਾਨ ਉਨ੍ਹਾਂਂ ਨੇ ਧਰਮ ਪਰਿਵਰਤਨ ਮਾਮਲੇ ਵਿੱਚ ਬਟਾਲਾ ਸ਼ਹਿਰ ਵਿੱਚ ਕਰਸੇਡ ਦੇ ਨਾਂ ਹੇਠ ਕੀਤੇ ਜਾ ਰਹੇ ਸਮਾਗਮਾਂ ਉੱਤੇ ਸਖ਼ਤ ਇਤਰਾਜ਼ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਗੁਰੂ ਸਾਹਿਬਾਨ ਦੇ ਨਾਮ ’ਤੇ ਵਸਦੀ ਧਰਤੀ ਉੱਤੇ ਨਫ਼ਰਤ ਦੇ ਬੀਜ ਨਹੀਂ ਬੀਜੇ ਜਾਣੇ ਚਾਹੀਦੇ। ਸਿੱਖ ਕੌਮ ਨੂੰ ਇਸ ਮਸਲੇ ’ਤੇ ਸੁਹਿਰਦ ਹੋਣ ਦੀ ਲੋੜ ਹੈ।
ਮੁਤਵਾਜ਼ੀ ਜਥੇਦਾਰ ਵੱਲੋਂ ਸਿੱਖਾਂ ਨੂੰ ਇਕਜੁੱਟ ਹੋਣ ਦੀ ਅਪੀਲ
ਅੰਮ੍ਰਿਤਸਰ (ਟਨਸ): ਸਾਕਾ ਨੀਲਾ ਤਾਰਾ ਫੌਜੀ ਹਮਲੇ ਦੀ ਯਾਦ ਵਿੱਚ ਮਨਾਏ ਗਏ ਘੱਲੂਘਾਰਾ ਦਿਵਸ ਮੌਕੇ ਮੁਤਵਾਜ਼ੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਅਕਾਲ ਤਖਤ ਵਿਖੇ ਨਤਮਸਤਕ ਹੋਣ ਲਈ ਪੁੱਜੇ। ਉਨ੍ਹਾਂ ਆਪਣੇ ਪੱਧਰ ’ਤੇ ਸਿੱਖ ਕੌਮ ਦੇ ਨਾਂ ਸੰਦੇਸ਼ ਜਾਰੀ ਕੀਤਾ। ਉਨ੍ਹਾਂ ਕਿਹਾ,‘ਇਸ ਦਿਨ ਭਾਰਤੀ ਫੌਜਾਂ ਨੇ ਦਰਬਾਰ ਸਾਹਿਬ ’ਤੇ ਫੌਜੀ ਹਮਲਾ ਕਰਕੇ ਅਕਾਲ ਤਖਤ ਸਾਹਿਬ ਨੂੰ ਢਹਿ-ਢੇਰੀ ਕਰਕੇ ਸਿੱਖਾਂ ਦੀ ਨਸਲਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਸੀ ਅਤੇ ਸਿੱਖਾਂ ਨੂੰ ਗੁਲਾਮੀ ਦਾ ਅਹਿਸਾਸ ਕਰਵਾਇਆ ਸੀ।’ ਉਨ੍ਹਾਂ ਕਿਹਾ ਕਿ ਸਿੱਖ ਕੌਮ ਇਸ ਫੌਜੀ ਹਮਲੇ ਨੂੰ ਕਦੇ ਵੀ ਨਹੀਂ ਭੁੱਲ ਸਕਦੀ ਅਤੇ ਹਮੇਸ਼ਾ ਸਿੱਖਾਂ ਦੇ ਅੰਦਰ ਬਦਲੇ ਦੀ ਅੱਗ ਸੁਲਗਦੀ ਰਹੇਗੀ। ਉਨ੍ਹਾਂ ਇਹ ਵੀ ਕਿਹਾ ਕਿ ਸਿੱਖ ਕੌਮ ਨੇ ਜਿਸ ਮੰਤਵ ਵਾਸਤੇ ਲੜਾਈ ਲੜੀ ਸੀ, ਉਸ ਦੀ ਪ੍ਰਾਪਤੀ ਲਈ ਭਵਿੱਖ ਵਿੱਚ ਸੰਘਰਸ਼ ਜਾਰੀ ਰੱਖਿਆ ਜਾਵੇਗਾ। ਉਨ੍ਹਾਂ ਸਿੱਖ ਕੌਮ ਨੂੰ ਆਪਸੀ ਮੱਤਭੇਦ ਤਿਆਗ ਕੇ, ਗਦਾਰਾਂ ਦੀ ਪਛਾਣ ਕਰਨ ਦੇ ਨਾਲ-ਨਾਲ ਅਸਲੀ ਦੁਸ਼ਮਣ ਨਾਲ ਲੜਨ ਲਈ ਲਾਮਬੰਦ ਹੋਣ ਦੀ ਅਪੀਲ ਕੀਤੀ। ਉਨ੍ਹਾਂ ਸਮੁੱਚੀ ਕੌਮ ਨੂੰ ਅਕਾਲ ਤਖਤ ਸਾਹਿਬ ਦੀ ਛਤਰ ਛਾਇਆ ਹੇਠ ਇਕਜੁੱਟ ਹੋਣ ਦੀ ਅਪੀਲ ਕੀਤੀ।